ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ CM Mann ਨੂੰ ਪੱਤਰ: ਬੇਅਦਬੀ ਰੋਕੂ ਕਾਨੂੰਨਾਂ ਅਤੇ ਖਡੂਰ ਸਾਹਿਬ ਵਿੱਚ ਨਸ਼ਾਖੋਰੀ 'ਤੇ ਸਖ਼ਤ ਕਾਰਵਾਈ ਦੀ ਮੰਗ
Ravi Jakhu
ਸ੍ਰੀ ਖਡੂਰ ਸਾਹਿਬ: 20 ਅਪ੍ਰੈਲ, 2026
ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਅਹਿਮ ਪੱਤਰ ਲਿਖ ਕੇ ਸੂਬੇ ਵਿੱਚ ਧਾਰਮਿਕ ਅਤੇ ਸਮਾਜਿਕ ਮੁੱਦਿਆਂ ਪ੍ਰਤੀ ਸਰਕਾਰ ਦਾ ਧਿਆਨ ਦੁਆਇਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਮੌਜੂਦਾ ਕਾਨੂੰਨਾਂ ਨੂੰ ਜ਼ਮੀਨੀ ਪੱਧਰ 'ਤੇ ਸਖ਼ਤੀ ਨਾਲ ਲਾਗੂ ਕਰਨ ਵਾਸਤੇ ਠੋਸ ਸੰਵਿਧਾਨਕ ਸੁਝਾਅ ਪੇਸ਼ ਕੀਤੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨੀ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣਾ ਅਤਿਅੰਤ ਜ਼ਰੂਰੀ ਹੈ ਤਾਂ ਜੋ ਦੋਸ਼ੀਆਂ ਨੂੰ ਸਬਕ ਸਿਖਾਇਆ ਜਾ ਸਕੇ।
ਇਸੇ ਪੱਤਰ ਵਿੱਚ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਖਡੂਰ ਸਾਹਿਬ ਦੀ ਨੌਜਵਾਨੀ ਨੂੰ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਚੁੰਗਲ ਵਿੱਚੋਂ ਬਚਾਉਣ ਲਈ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਵੱਧ ਰਿਹਾ ਨਸ਼ਾ ਅਤੇ ਗੈਂਗਸਟਰਵਾਦ ਸਮਾਜ ਲਈ ਇੱਕ ਵੱਡੀ ਚੁਣੌਤੀ ਬਣ ਗਿਆ ਹੈ। ਉਨ੍ਹਾਂ ਨੇ ਇਹ ਵੀ ਇਲਜ਼ਾਮ ਲਾਇਆ ਕਿ ਕੁਝ ਦਾਗੀ ਕਿਰਦਾਰਾਂ ਅਤੇ ਸ਼ੱਕੀ ਪਿਛੋਕੜ ਵਾਲੇ ਨਸ਼ਾ ਤਸਕਰਾਂ ਨੂੰ ਸਿਆਸੀ ਅਤੇ ਸਮਾਜਿਕ ਛਤਰ-ਛਾਇਆ ਪ੍ਰਾਪਤ ਹੈ, ਜੋ ਕਿ ਬੇਹੱਦ ਮੰਦਭਾਗਾ ਹੈ ਅਤੇ ਇਸ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਬ੍ਰਹਮਪੁਰਾ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਅਤੇ ਖਾਸ ਕਰਕੇ ਉਨ੍ਹਾਂ ਦੇ ਹਲਕੇ ਦੀ ਸੰਗਤ ਅਜਿਹੇ ਮਾੜੇ ਅਨਸਰਾਂ ਅਤੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਨ ਵਾਲੀਆਂ ਤਾਕਤਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਬਿਨਾਂ ਕਿਸੇ ਸਿਆਸੀ ਦਬਾਅ ਦੇ ਨਸ਼ਾ ਵੇਚਣ ਵਾਲਿਆਂ ਅਤੇ ਉਨ੍ਹਾਂ ਨੂੰ ਸ਼ਹਿ ਦੇਣ ਵਾਲੇ ਆਕਾਵਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਵੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਇਸ ਦਿਸ਼ਾ ਵਿੱਚ ਠੋਸ ਕਦਮ ਨਾ ਚੁੱਕੇ ਤਾਂ ਪੰਜਾਬ ਦਾ ਅਵਾਮ ਕਦੇ ਮੁਆਫ਼ ਨਹੀਂ ਕਰੇਗਾ। ਅੰਤ ਵਿੱਚ, ਉਨ੍ਹਾਂ ਨੇ ਸ੍ਰੀ ਖਡੂਰ ਸਾਹਿਬ ਨੂੰ ਬਚਾਉਣ ਦੀ ਇਸ ਲੜਾਈ ਵਿੱਚ ਮੁੱਖ ਮੰਤਰੀ ਤੋਂ ਸਹਿਯੋਗ ਦੀ ਮੰਗ ਕੀਤੀ ਹੈ।
_page-0001.jpg)
_page-0002.jpg)
Click to Follow Babushahi Facebook page →