ਲਿੰਗ ਨਿਰਧਾਰਣ ਟੈਸਟ ਸਬੰਧੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ : ਸਿਵਲ ਸਰਜਨ ਡਾ. ਸੰਗੀਤਾ ਜੈਨ
ਹਰਜਿੰਦਰ ਸਿੰਘ ਭੱਟੀ
- ਮੀਟਿੰਗ ਦੌਰਾਨ ਸਿਹਤ ਅਧਿਕਾਰੀਆਂ ਨੂੰ ਦਿਤੀਆਂ ਹਦਾਇਤਾਂ
- ਆਖਿਆ: ਸਿਹਤ ਵਿਭਾਗ ਭਰੂਣ ਹਤਿਆ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ 2025 - ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਿਹਤ ਅਧਿਕਾਰੀਆਂ ਨੂੰ ਜ਼ਿਲ੍ਹੇ ’ਚ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਉਣ ਅਤੇ ਭਰੂਣ ਹਤਿਆ ਤੇ ਗਰਭਵਤੀ ਔਰਤਾਂ ਦੀਆਂ ਮੌਤਾਂ ਦੇ ਮਾਮਲਿਆਂ ਦੀ ਰੋਕਥਾਮ ਲਈ ਪੀ.ਸੀ.ਪੀ.ਐਨ.ਡੀ.ਟੀ. ਅਤੇ ਐਮ.ਟੀ.ਪੀ. ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਹ ਜ਼ਿਲ੍ਹੇ ਦੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਅਤੇ ਐਲ.ਐਚ.ਵੀ. ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਕੀਤੀਆਂ ਜਾਣ।
ਡਾ. ਜੈਨ ਨੇ ਆਖਿਆ ਕਿ ਜ਼ਿਲ੍ਹੇ ਵਿਚ ਕਿਤੇ ਵੀ ਕੋਈ ਅਣਰਜਿਸਟਰਡ ਐਮ.ਟੀ.ਪੀ. ਕੇਂਦਰ ਨਹੀਂ ਚੱਲਣਾ ਚਾਹੀਦਾ। ਜੇ ਅਜਿਹਾ ਕੇਂਦਰ ਕਿਤੇ ਚੱਲ ਰਿਹਾ ਹੈ ਤਾਂ ਉਸ ਵਿਰੁਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਆਖਿਆ ਕਿ ਜੇ ਕਿਸੇ ਬੀ.ਏ.ਐਮ.ਐਸ. ਡਾਕਟਰ ਨੇ ਐਮ.ਟੀ.ਪੀ. ਕਿੱਟਾਂ ਰੱਖੀਆਂ ਹਨ ਤਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ ਤਾਂ ਕਿ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਲਿੰਗ ਨਿਰਧਾਰਣ ਜਾਂਚ ਕਰਨਾ ਤੇ ਕਰਵਾਉਣਾ ਕਾਨੂੰਨਨ ਅਪਰਾਧ ਹੈ ਅਤੇ ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਕ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੂੰ ਹਦਾਇਤ ਕੀਤੀ ਕਿ ਲਿੰਗ ਨਿਰਧਾਰਣ ਟੈਸਟ ਸਬੰਧੀ ਕਿਸੇ ਵੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ।
ਮੀਟਿੰਗ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲੇ ਅਲਟਰਾਸਾਊਂਡ ਸਕੈਨਿੰਗ ਕੇਂਦਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਿੰਗ ਨਿਰਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਲਿੰਗ ਨਿਰਧਾਰਣ ਟੈਸਟ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਇਨਾਮੀ ਰਾਸ਼ੀ ਦੇ ਐਲਾਨ ਉਪਰੰਤ ਅਲਟਰਾਸਾਊਂਡ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ।