ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
ਅਧਿਕਾਰੀਆਂ ਨੂੰ ਕੰਮਾਂ ਦੀ ਰਫਤਾਰ ‘ਚ ਤੇਜ਼ੀ ਲਿਆਉਣ ਅਤੇ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਦਿਸ਼ਾ ਮੀਟਿੰਗ ‘ਚ ਵਿਧਾਇਕਾਂ ਅਤੇ ਅਧਿਕਾਰੀਆਂ ਦੀ ਮੌਜੂਦਗੀ ‘ਚ ਕੇਂਦਰ-ਰਾਜ ਸਰਕਾਰ ਦੇ ਵਿਕਾਸ ਕਾਰਜਾਂ ਮਅਤੇ ਭਲਾਈ ਸਕੀਮਾਂ ਦੀ ਮੌਜੂਦਾ ਸਥਿਤੀ ਦਾ ਲਿਆ ਜਾਇਜ਼ਾ
ਹਰੇਕ ਯੋਗ ਲਾਭਪਾਤਰੀ ਤੱਕ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਹੋਵੇ: ਕੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ 02 ਜਨਵਰੀ ,2026
ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਅਤੇ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਪੱਖੀ ਯੋਜਨਾਵਾਂ ਸਮੇਤ ਲਗਭਗ 35 ਵੱਖ-ਵੱਖ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ। ਮੈਂਬਰ ਸੰਸਦ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਬਾਰੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਲਾਗੂ ਕਰਨ ਵਿਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਨਤਕ ਹਿੱਤਾਂ ਨੂੰ ਮੱਦੇਨਜ਼ਰ ਰੱਖਦਿਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਬਣਦਾ ਲਾਭ ਮਿਲ ਸਕੇ।
ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ, ਵਿਧਾਇਕ ਡਾ. ਨਛੱਤਰ ਪਾਲ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐਸ.ਐਸ.ਪੀ ਤੁਸ਼ਾਰ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵੱਖ-ਵੱਖ ਪ੍ਰੋਜੇਕਟਾਂ ਅਤੇ ਸਕੀਮਾਂ ਤਹਿਤ ਫੰਡਾਂ ਦੀ ਵੰਡ, ਚੱਲ ਰਹੇ ਕੰਮਾਂ, ਹੁਣ ਤੱਕ ਦੀ ਪ੍ਰਗਤੀ ਅਤੇ ਹਾਲ ਹੀ ਵਿੱਚ ਪੂਰੇ ਹੋਏ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਐਮ.ਪੀ.ਲੈਡ ਫੰਡ ਸਮੇਂ ਸਿਰ ਖਰਚ ਕਰਦਿਆਂ ਸਬੰਧਤ ਅਥਾਰਟੀ ਨੂੰ ਵਰਤੋਂ ਸਰਟੀਫਿਕੇਟ ਵੀ ਸੌਂਪਿਆ ਜਾਵੇ । ਸੰਸਦ ਮੈਂਬਰ ਨੂੰ ਪੇਂਡੂ ਖੇਤਰਾਂ ਵਿਚ ਪੀਣ ਵਾਲੇ ਪਾਣੀ ਮੁਹੱਈਆ ਕਰਵਾਉਣ ਦੀ ਸਕੀਮ ਤਹਿਤ ਨਵੇਂ ਟਿਊਬਵੈੱਲ ਲਾਉਣ ਦੇ ਨਾਲ-ਨਾਲ ਸਿਹਤ ਖੇਤਰ ਦੀਆਂ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ, ਪ੍ਰਧਾਨ ਮੰਤਰੀ ਰਾਸ਼ਟਰੀ ਡਾਇਲਸਿਸ ਪ੍ਰੋਗਰਾਮ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦਾ ਵੀ ਜਾਇਜ਼ਾ ਲਿਆ।
ਸੰਸਦ ਮੈਂਬਰ ਨੇ ਸਵੱਛ ਭਾਰਤ ਮਿਸ਼ਨ, ਖੁੱਲ੍ਹੇ ਵਿੱਚ ਸ਼ੌਚ ਮੁਕਤ ਪਿੰਡ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤਹਿਤ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲਾਭਪਾਤਰੀਆਂ ਦੀ ਸਹੂਲਤ ਲਈ ਬੁਢਾਪਾ, ਵਿਧਵਾ, ਅਪਾਹਜ ਅਤੇ ਪਰਿਵਾਰਕ ਲਾਭ ਯੋਜਨਾਵਾਂ ਲਈ ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੀਟਿੰਗ ਦੌਰਾਨ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਤੇ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸਮੀਖਿਆ ਕੀਤੀ। ਸੰਸਦ ਮੈਂਬਰ ਨੇ ਬੇਟੀ ਬਚਾਓ, ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਤੇ ਹੋਰ ਯੋਜਨਾਵਾਂ ਅਧੀਨ ਪ੍ਰਗਤੀ 'ਤੇ ਵੀ ਚਰਚਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਸਾਰੇ ਕੰਮ ਬਿਨਾਂ ਕਿਸੇ ਦੇਰੀ ਤੋਂ ਤੈਅ ਸਮੇਂ ਦੇ ਅੰਦਰ ਪੂਰੇ ਕੀਤੇ ਜਾਣ।
ਇਸ ਮੌਕੇ ਪੰਜਾਬ ਰਾਜ ਉਦਯੋਗਿਕ ਸਿਖਲਾਈ ਬੋਰਡ ਦੇ ਡਿਪਟੀ ਚੇਅਰਮੈਨ ਲਲਿਤ ਮੋਹਨ ਪਾਠਕ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਪੰਜਾਬ ਰਾਜ ਜਲ ਸਰੋਤ ਪ੍ਰਬੰਧਨ ਦੇ ਵਾਈਸ ਚੇਅਰਮੈਨ ਕੁਲਜੀਤ ਸਰਹਾਲ, ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ. ਡੀ. ਐਮ ਨਵਾਂਸ਼ਹਿਰ ਅਨਮਜਯੋਤ ਕੌਰ, ਐਸ. ਡੀ. ਐਮ ਬਲਾਚੌਰ ਕ੍ਰਿਤਿਕਾ ਗੋਇਲ, ਐਸ. ਡੀ. ਐਮ ਬੰਗਾ ਵਿਪਿਨ ਭੰਡਾਰੀ, ਮਾਰਕਿਟ ਕਮੇਟੀ ਚੇਅਰਮੈਨ ਗਗਨ ਅਗਨੀਹੋਤਰੀ, ਤੋਂ ਇਲਾਵਾ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਸ਼ਾਮਲ ਸਨ।