ਲੜਕੀਆਂ ਲਈ ਬੇਹੱਦ ਮਹੱਤਵਪੂਰਨ ਹੈ ਅੇੈਚ.ਪੀ.ਵੀ. ਟੀਕਾਕਰਨ: ਡਾਕਟਰ ਧੀਰਾ ਗੁਪਤਾ
ਅਸ਼ੋਕ ਵਰਮਾ
ਗੋਨਿਆਣਾ, 25 ਜਨਵਰੀ 2026: ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਗੋਨਿਆਣਾ ਦੀਆਂ ਸਮੂਹ ਸੀ.ਐਚ.ਓ. ਅਤੇ ਮਪਹਵ (ਫੀਮੇਲ) ਨੂੰ ਐਚ.ਪੀ.ਵੀ. ( ਹਿਊਮਨ ਪੈਪੀਲੋਮਾ ਵਾਇਰਸ) ਦੇ ਟੀਕਾਕਰਨ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਬੋਲਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਨੇ ਕਿਹਾ ਕਿ ਲੜਕੀਆਂ ਲਈ ਇਹ ਵੈਕਸੀਨ ਬਹੁਤ ਮਹੱਤਵਪੂਰਨ ਹੈ ਜੋ ਕਿ ਸਰਵਾਈਕਲ ਕੈਂਸਰ ਤੋਂ ਬਚਾਅ ਕਰਦੀ ਹੈ।ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਰਵਾਈਕਲ ਕੈਂਸਰ ਅੋਰਤਾਂ ਨੂੰ ਹੋਣ ਵਾਲਾ ਦੁਜਾ ਸਭ ਤੋਂ ਆਮ ਕੈਂਸਰ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਇਸ ਕੈਂਸਰ ਨੂੰ ਟੀਕਾਕਰਨ ਰਾਹੀਂ ਰੋਕਿਆ ਜਾ ਸਕਦਾ ਹੈ ਪਰ ਫਿਰ ਵੀ ਇਹ ਔਰਤਾਂ ਦੀ ਮੌਤ ਦਾ ਵੱਡਾ ਕਾਰਨ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਟੀਕਾਕਰਨ, ਸਕਰੀਨਿੰਗ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾ ਕੇ ਹੀ ਇਸ ਕੈਂਸਰ ਤੋਂ ਬਚਾਅ ਕੀਤਾ ਜਾ ਸਕਦਾ ਹੈ।ਇਸ ਮੌਕੇ ਬੱਚਾ ਰੋਗ ਮਾਹਿਰ ਡਾ: ਮੋਨੀਸ਼ਾ ਗਰਗ ਨੇ ਕਿਹਾ ਕਿ ਮਾਂਹਵਾਰੀ ਦੇ ਦਿਨਾਂ ਵਿੱਚ ਲੜਕੀਆਂ ਨੂੰ ਸਾਫ਼—ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਦਿਨਾਂ ਵਿੱਚ ਹੋਈ ਇਨਫੈਕਸ਼ਨ ਇਸ ਕੈਂਸਰ ਦਾ ਕਾਰਨ ਬਣ ਸਕਦੀ ਹੈ।ਉਨ੍ਹਾਂ ਕਿਹਾ ਕਿ ਇਹ ਟੀਕਾਕਰਨ 9 ਸਾਲ ਦੀ ਉਮਰ ਤੋਂ ਬਾਅਦ ਕਰਵਾਉਣਾ ਜਰੂਰੀ ਹੈ। ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਇਹ ਟੀਕਾਕਰਨ ਜਲਦੀ ਹੀ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਇਹ ਟੀਕਾਕਰਨ 14 ਤੋਂ 15 ਸਾਲ ਤੱਕ ਦੀ ਉਮਰ ਵਾਲੀਆ ਲੜਕੀਆਂ ਲਈ ਹੋਵੇਗਾ। ਜਿਸ ਨੂੰ ਬਾਅਦ ਵਿੱਚ ਆਮ ਟੀਕਾਕਰਨ ਮੁਹਿੰਮ ਦਾ ਹਿੱਸਾ ਬਣਾ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਸਟਾਫ਼ ਨੂੰ ਇਸ ਸਬੰਧੀ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਫੈਲਾਉਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਯੋਗ ਲਾਭਪਾਤਰੀ ਲੜਕੀਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣ।