ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਅਤੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌੜੇ ਕੀਤੇ ਜਾ ਰਹੇ ਚੌਂਕ ਸਮੇਤ ਵੱਖ-ਵੱਖ ਕੰਮਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ
ਰੋਹਿਤ ਗੁਪਤਾ
ਬਟਾਲਾ, 26 ਦਸੰਬਰ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਬੀਤੀ ਰਾਤ ਚੰਡੀਗੜ੍ਹ ਤੋਂ ਬਟਾਲਾ ਦੇਰ ਰਾਤ ਵਾਪਸ ਪਹੁੰਚੇ ਤਾਂ ਉਨ੍ਹਾਂ ਨੇ ਸ਼ਹਿਰ ਅੰਦਰ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਅਤੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌੜੇ ਕੀਤੇ ਜਾ ਰਹੇ ਚੌਂਕ ਦੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਮਿਥੇ ਸਮੇਂ ਵਿੱਚ ਕੰਮ ਮੁਕੰਮਲ ਕਰਨ ਲਈ ਦਿਸ਼ਾ- ਨਿਰਦੇਸ਼ ਦਿੱਤੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਵਾਸੀਆਂ ਦੀ ਸਹੂਲਤ ਲਈ ਇੱਕ ਛੱਤ ਹੇਠਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਉਣ ਲਈ ਉਸਾਰੀ ਦਾ ਕੰਮ ਚੱਲ ਰਿਹਾ ਹੈ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।