ਵਿਸਾਖੀ ਮੇਲੇ ਮੌਕੇ ਡਾਇਰੈਕਟਰ ਸਿਹਤ ਵਿਭਾਗ ਵੱਲੋਂ ਖੂਨਦਾਨ ਕੈਂਪ, ਪ੍ਰਦਰਸ਼ਨੀ ਅਤੇ ਆਮ ਆਦਮੀ ਕਲੀਨਿਕਾਂ ਦਾ ਦੌਰਾ
ਅਸ਼ੋਕ ਵਰਮਾ
ਬਠਿੰਡਾ, 13 ਅਪ੍ਰੈਲ 2026 :ਵਿਸਾਖੀ ਮੇਲੇ ਦੇ ਮੌਕੇ ‘ਤੇ ਡਾਇਰੈਕਟਰ ਸਿਹਤ ਵਿਭਾਗ ਡਾ ਅਨਿਲ ਗੋਇਲ ਵੱਲੋਂ ਲਗਾਏ ਗਏ ਖੂਨਦਾਨ ਕੈਂਪ, ਸਿਹਤ ਪ੍ਰਦਰਸ਼ਨੀ ਅਤੇ ਆਮ ਆਦਮੀ ਕਲੀਨਿਕਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ, ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ , ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ ਰਵੀ ਕਾਂਤ ਗੁਪਤਾ,ਬੀ.ਟੀ.ਓ ਡਾ ਰੀਤੀਕਾ ਅਤੇ ਡਾ ਅਮਨਪ੍ਰੀਤ ਸਿੰਘ ਸੇਠੀ ਮੌਜੂਦ ਸਨ।
ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾ ਅਨਿਲ ਗੋਇਲ ਨੇ ਸਭ ਤੋਂ ਪਹਿਲਾਂ ਖੂਨਦਾਨ ਕੈਂਪ ਦਾ ਜਾਇਜ਼ਾ ਲੈਂਦਿਆਂ ਉਥੇ ਚੱਲ ਰਹੀਆਂ ਪ੍ਰਕਿਰਿਆਵਾਂ ਦੀ ਜਾਂਚ ਕੀਤੀ ਅਤੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੂਨਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ । ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਨ ਸੇਵਾ ਹੈ ਜੋ ਕਈ ਕੀਮਤੀ ਜ਼ਿੰਦਗੀਆਂ ਬਚਾਉਣ ਵਿੱਚ ਸਹਾਇਕ ਸਾਬਤ ਹੁੰਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਤੋਂ ਬਾਅਦ ਡਾਇਰੈਕਟਰ ਨੇ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਕੀਤਾ, ਜਿੱਥੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ, ਟੈਲੀਮਾਨਸ , ਅੰਗਦਾਨ ਤੋਂ ਇਲਾਵਾ ਵੱਖ-ਵੱਖ ਬਿਮਾਰੀਆਂ ਤੋਂ ਬਚਾਅ, ਸਫ਼ਾਈ, ਪੋਸ਼ਣ ਅਤੇ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਸੀ। ਉਨ੍ਹਾਂ ਨੇ ਪ੍ਰਦਰਸ਼ਨੀ ਦੇ ਪ੍ਰਬੰਧਾਂ ‘ਤੇ ਸੰਤੁਸ਼ਟੀ ਜਤਾਈ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਦੀ ਹੈ।
ਡਾਇਰੈਕਟਰ ਨੇ ਆਮ ਆਦਮੀ ਕਲੀਨਿਕਾਂ ਦਾ ਵੀ ਦੌਰਾ ਕੀਤਾ ਅਤੇ ਉੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਡਾਕਟਰਾਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਆਉਣ ਵਾਲੇ ਹਰ ਮਰੀਜ਼ ਨੂੰ ਤੁਰੰਤ ਅਤੇ ਉੱਚ-ਗੁਣਵੱਤਾ ਵਾਲੀ ਸਿਹਤ ਸੇਵਾ ਪ੍ਰਦਾਨ ਕੀਤੀ ਜਾਵੇ।
ਇਸ ਮੌਕੇ ਸਿਵਲ ਸਰਜਨ ਬਠਿੰਡਾ ਨੇ ਡਾਇਰੈਕਟਰ ਨੂੰ ਵਿਸਾਖੀ ਮੇਲੇ ਦੌਰਾਨ ਕੀਤੀਆਂ ਸਿਹਤ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 24 ਘੰਟੇ ਡਾਕਟਰੀ ਸੇਵਾਵਾਂ, ਐਮਰਜੈਂਸੀ ਸਹਾਇਤਾ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ। ਇਸ ਤੋਂ ਇਲਾਵਾ ਸਫ਼ਾਈ ਅਤੇ ਸੈਨਿਟੇਸ਼ਨ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਅੰਤ ਵਿੱਚ ਡਾਇਰੈਕਟਰ ਸਿਹਤ ਵਿਭਾਗ ਨੇ ਕਿਹਾ ਕਿ ਲੋਕਾਂ ਦੀ ਸਿਹਤ ਸੁਰੱਖਿਆ ਸਾਡੇ ਲਈ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਤਰ੍ਹਾਂ ਦੇ ਮੇਲਿਆਂ ਵਿੱਚ ਸਿਹਤ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਉਣਾ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਿਹਤ ਟੀਮ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਨਿਸ਼ਠਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
Click to Follow Babushahi Facebook page →