ਵੱਡੀ ਖ਼ਬਰ: ਰਾਣਾ ਗੁਰਜੀਤ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼
"ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ, ਮੈਂ ਉੱਥੇ ਇੱਕ ਨਿਮਾਣੇ ਸਿੱਖ ਦੀ ਤਰ੍ਹਾਂ ਪੇਸ਼ ਹੋਵਾਂਗਾ" - ਰਾਣਾ ਗੁਰਜੀਤ
ਬੀਤੇ ਕੱਲ੍ਹ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਕੀਤਾ ਸੀ ਐਲਾਨ
ਅੰਮ੍ਰਿਤਸਰ/ਚੰਡੀਗੜ੍ਹ, 20 ਜੂਨ 2026: ਪੰਜਾਬ ਦੀ ਸਿਆਸਤ ਅਤੇ ਪੰਥਕ ਹਲਕਿਆਂ ਨਾਲ ਜੁੜੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਆਉਂਦੀ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਵਿਧਾਇਕਾਂ ਨੂੰ ਤਲਬ ਕੀਤਾ ਗਿਆ ਹੈ, ਜਿਸ ਦੇ ਤਹਿਤ ਰਾਣਾ ਗੁਰਜੀਤ ਸਿੰਘ ਉੱਥੇ ਹਾਜ਼ਰ ਹੋਣਗੇ।
ਆਪਣੇ ਬਿਆਨ ਵਿੱਚ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵਉੱਚ ਸੰਸਥਾ ਹੈ ਅਤੇ ਜਦੋਂ ਵੀ ਉੱਥੋਂ ਬੁਲਾਵਾ ਆਵੇਗਾ, ਉਹ ਉੱਥੇ ਜ਼ਰੂਰ ਹਾਜ਼ਰ ਹੋਣਗੇ। ਉਨ੍ਹਾਂ ਕਿਹਾ, "ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬੁਲਾਵੇ 'ਤੇ ਮੈਂ ਉੱਥੇ ਇੱਕ ਨਿਮਾਣੇ ਸਿੱਖ ਦੀ ਤਰ੍ਹਾਂ ਪੇਸ਼ ਹੋਵਾਂਗਾ ਅਤੇ ਜੋ ਵੀ ਆਦੇਸ਼ ਹੋਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਾਂਗਾ।"
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਗਈ ਇਸ ਤਲਬੀ ਤੋਂ ਬਾਅਦ ਪੰਜਾਬ ਦੇ ਸਿੱਖ ਸਿਆਸਤਦਾਨਾਂ ਵਿੱਚ ਹਲਚਲ ਕਾਫ਼ੀ ਤੇਜ਼ ਹੋ ਗਈ ਹੈ। ਰਾਣਾ ਗੁਰਜੀਤ ਸਿੰਘ ਤੋਂ ਪਹਿਲਾਂ, ਬੀਤੇ ਕੱਲ੍ਹ ਹੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਉੱਥੇ ਪੇਸ਼ ਹੋਣ ਬਾਰੇ ਸਪੱਸ਼ਟ ਕਰ ਦਿੱਤਾ ਸੀ।
- Download Babushahi App
-
-