ਵੱਡੀ ਖ਼ਬਰ: BJP ਦੇ ਦਫ਼ਤਰ ਦੇ ਬਾਹਰ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ; ਪੰਜ ਦੋਸ਼ੀ ਗ੍ਰਿਫ਼ਤਾਰ (ਵੇਖੋ ਵੀਡੀਓ)
ਪਾਕਿਸਤਾਨੀ ISI ਅਤੇ ਵਿਦੇਸ਼ੀ ਹੈਂਡਲਰਾਂ ਦਾ ਨੈੱਟਵਰਕ ਆਇਆ ਸਾਹਮਣੇ
ਚੰਡੀਗੜ੍ਹ, 4 ਅਪ੍ਰੈਲ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅਤੇ ਚੰਡੀਗੜ੍ਹ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, ਇੱਕ .30 ਬੋਰ ਦੀ ਜ਼ਿਗਾਨਾ ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਲਾਲ ਉਰਫ਼ ਸ਼ਮੀ (ਪਿੰਡ ਮਾਜਰੀ, ਐਸ.ਬੀ.ਐਸ. ਨਗਰ), ਜਸਵੀਰ ਸਿੰਘ ਉਰਫ਼ ਜੱਸੀ (ਪਿੰਡ ਭਰਪੂਰ, ਐਸ.ਬੀ.ਐਸ. ਨਗਰ), ਚਰਨਜੀਤ ਸਿੰਘ ਉਰਫ਼ ਚੰਨੀ (ਪਿੰਡ ਸੁਜਾਵਲਪੁਰ, ਐਸ.ਬੀ.ਐਸ. ਨਗਰ), ਰੁਬਲ ਚੌਹਾਨ (ਪਿੰਡ ਥਾਣਾ, ਸ਼ਿਮਲਾ), ਮਨਦੀਪ ਉਰਫ਼ ਅਭਿਜੋਤ ਸ਼ਰਮਾ (ਧੂਰੀ, ਸੰਗਰੂਰ) ਵਜੋਂ ਹੋਈ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ISI ਦੀ ਹਮਾਇਤ ਹਾਸਲ ਸੀ। ਇਹ ਮਾਡਿਊਲ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇੱਕ ਯੋਜਨਾਬੱਧ ਨੈੱਟਵਰਕ ਦਾ ਹਿੱਸਾ ਸਨ ਜਿਸ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਕਈ ਸਬ-ਮਾਡਿਊਲ ਸ਼ਾਮਲ ਸਨ।
DGP ਨੇ ਅੱਗੇ ਦੱਸਿਆ ਕਿ ਹਮਲੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ। ਜ਼ਿਕਰਯੋਗ ਹੈ ਕਿ ਬੀਤੇ ਬੁੱਧਵਾਰ ਚੰਡੀਗੜ੍ਹ ਦੇ ਸੈਕਟਰ 37 ਵਿੱਚ ਭਾਰਤੀ ਜਨਤਾ ਪਾਰਟੀ (BJP) ਦੇ ਦਫ਼ਤਰ ਦੇ ਬਾਹਰ ਗ੍ਰਨੇਡ ਹਮਲਾ ਕੀਤਾ ਗਿਆ ਸੀ।
AIG ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀਪਕ ਪਾਰੀਕ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਇਹ ਖੇਪ ਕਈ ਹੱਥਾਂ ਵਿੱਚੋਂ ਨਿਕਲ ਕੇ ਅੰਤਿਮ ਹਮਲਾਵਰਾਂ ਤੱਕ ਪਹੁੰਚੀ ਸੀ। ਪੁਰਤਗਾਲ ਸਥਿਤ ਹੈਂਡਲਰ ਦੇ ਇਸ਼ਾਰੇ 'ਤੇ ਹੀ ਇਨ੍ਹਾਂ ਮੁਲਜ਼ਮਾਂ ਨੇ ਹਮਲੇ ਦੀ ਤਿਆਰੀ ਅਤੇ ਡਿਲੀਵਰੀ ਵਿੱਚ ਤਾਲਮੇਲ ਕੀਤਾ ਸੀ।
ਇਸ ਸਬੰਧ ਵਿੱਚ ਥਾਣਾ SSOC ਐਸ.ਏ.ਐਸ. ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(1)(B) ਅਤੇ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 61(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Click to Follow Babushahi Facebook page →