ਵੱਡੀ ਖ਼ਬਰ: CM ਭਗਵੰਤ ਮਾਨ ਨੇ ਰਾਸ਼ਟਰਪਤੀ ਤੋਂ ਮੰਗਿਆ ਸਮਾਂ; ਵਿਧਾਇਕਾਂ ਸਮੇਤ ਦਿੱਲੀ ਜਾਣ ਦੀ ਤਿਆਰੀ
Babushahi Network
ਚੰਡੀਗੜ੍ਹ 25 ਅਪ੍ਰੈਲ 2026: ਪੰਜਾਬ ਵਿੱਚ ਪੈਦਾ ਹੋਏ ਸਿਆਸੀ ਸੰਕਟ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਸੂਤਰਾਂ ਅਨੁਸਾਰ, ਸੀਐਮ ਮਾਨ ਨੇ ਦੇਸ਼ ਦੇ ਰਾਸ਼ਟਰਪਤੀ (President of India) ਨੂੰ ਮਿਲਣ ਲਈ ਸਮਾਂ ਮੰਗ ਲਿਆ ਹੈ। ਉਹ ਭਾਜਪਾ ਵਿੱਚ ਸ਼ਾਮਿਲ ਹੋਏ ਰਾਜ ਸਭਾ ਮੈਂਬਰਾਂ ਨੂੰ 'ਰੀਕੋਲ' (ਵਾਪਸ ਬੁਲਾਉਣ) ਜਾਂ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਦਾ ਪੱਖ ਰੱਖਣਗੇ।
ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੀ ਵੇਲੇ ਪੰਜਾਬ ਦੇ ਵਿਧਾਇਕਾਂ ਦੇ ਵੱਡੇ ਕਾਫ਼ਲੇ ਸਮੇਤ ਦਿੱਲੀ ਲਈ ਰਵਾਨਾ ਹੋ ਸਕਦੇ ਹਨ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜਿਨ੍ਹਾਂ ਮੈਂਬਰਾਂ ਨੂੰ ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਆਮ ਆਦਮੀ ਪਾਰਟੀ ਦੀਆਂ ਵੋਟਾਂ ਨਾਲ ਰਾਜ ਸਭਾ ਭੇਜਿਆ ਗਿਆ ਸੀ, ਉਨ੍ਹਾਂ ਨੇ ਪਾਰਟੀ ਬਦਲ ਕੇ ਸੰਵਿਧਾਨਕ ਮਰਿਆਦਾ ਦੀ ਉਲੰਘਣਾ ਕੀਤੀ ਹੈ। ਸਰਕਾਰ ਰਾਸ਼ਟਰਪਤੀ ਅੱਗੇ ਇਹ ਪੱਖ ਰੱਖੇਗੀ ਕਿ ਜਿਹੜੇ ਮੈਂਬਰਾਂ ਨੇ ਜਨਤਾ ਦਾ ਭਰੋਸਾ ਤੋੜਿਆ ਹੈ, ਉਨ੍ਹਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ।
ਮੁੱਖ ਮੰਤਰੀ ਪਹਿਲਾਂ ਹੀ ਇਨ੍ਹਾਂ 7 ਰਾਜ ਸਭਾ ਮੈਂਬਰਾਂ ਨੂੰ 'ਗਦਾਰ' ਕਰਾਰ ਦੇ ਚੁੱਕੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ ਅਤੇ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਜੇਕਰ ਰਾਸ਼ਟਰਪਤੀ ਵੱਲੋਂ ਮੁੱਖ ਮੰਤਰੀ ਨੂੰ ਮਿਲਣ ਦਾ ਸਮਾਂ ਮਿਲਦਾ ਹੈ, ਤਾਂ ਪੰਜਾਬ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਮੋੜ ਹੋਵੇਗਾ।
Click to Follow Babushahi Facebook page →