ਵੱਡੀ ਖ਼ਬਰ: ਚੰਡੀਗੜ੍ਹ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਰਵੀ ਜੱਖੂ
ਚੰਡੀਗੜ੍ਹ (26 ਦਸੰਬਰ): ਚੰਡੀਗੜ੍ਹ ਦੇ ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤ ਵਿੱਚ ਅੱਜ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਇੱਕ ਈਮੇਲ ਪੁਲਿਸ ਨੂੰ ਪ੍ਰਾਪਤ ਹੋਈ। ਇਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ।
ਧਮਕੀ ਮਿਲਣ ਤੋਂ ਤੁਰੰਤ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਪੂਰੀ ਜ਼ਿਲ੍ਹਾ ਅਦਾਲਤ ਨੂੰ ਖਾਲੀ ਕਰਵਾ ਲਿਆ ਗਿਆ। ਪੁਲਿਸ ਨੇ ਅਦਾਲਤ ਨਾਲ ਜੁੜੀਆਂ ਤਿੰਨੋਂ ਇਮਾਰਤਾਂ ਦੀ ਪੂਰੀ ਤਰ੍ਹਾਂ ਘੇਰਾਬੰਦੀ ਕੀਤੀ ਅਤੇ ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਤਲਾਸ਼ੀ ਲਈ।
ਕਈ ਘੰਟਿਆਂ ਦੀ ਬਾਰੀਕੀ ਨਾਲ ਕੀਤੀ ਗਈ ਤਲਾਸ਼ੀ ਤੋਂ ਬਾਅਦ ਅਦਾਲਤ ਵਿੱਚੋਂ ਕੋਈ ਵੀ ਬੰਬ ਜਾਂ ਸ਼ੱਕੀ ਸਮੱਗਰੀ ਨਹੀਂ ਮਿਲੀ।
ਪੁਲਿਸ ਅਨੁਸਾਰ ਅਜਿਹੀਆਂ ਧਮਕੀ ਭਰੀਆਂ ਈਮੇਲਾਂ ਲਗਾਤਾਰ ਮਿਲ ਰਹੀਆਂ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਕਈ ਨਾਮੀ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜੋ ਜਾਂਚ ਤੋਂ ਬਾਅਦ ਝੂਠੀਆਂ ਸਾਬਤ ਹੋਈਆਂ ਸਨ।
ਚੰਡੀਗੜ੍ਹ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਸਾਈਬਰ ਸੈੱਲ ਦੀ ਮਦਦ ਨਾਲ ਉਸ ਈਮੇਲ ਆਈਡੀ ਦੀ ਜਾਂਚ ਕੀਤੀ ਜਾ ਰਹੀ ਹੈ ਜਿੱਥੋਂ ਇਹ ਸੁਨੇਹਾ ਭੇਜਿਆ ਗਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਦੀ ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।