ਵੱਡੀ ਖ਼ਬਰ: ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਦਿੱਤਾ ਅਸਤੀਫ਼ਾ
ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਪ੍ਰਧਾਨ ਰੇਣੂ ਭਾਟੀਆ ਨੇ ਅਸਤੀਫ਼ਾ ਮੁੱਖ ਮੰਤਰੀ ਨੂੰ ਭੇਜਿਆ ਪੱਤਰ
Babushahi Network
ਚੰਡੀਗੜ੍ਹ, 9 ਜੂਨ 2026- ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਭੇਜ ਦਿੱਤਾ ਹੈ। ਚਰਚਾ ਹੈ ਕਿ ਇਹ ਫੈਸਲਾ ਸਰਕਾਰੀ ਹਸਪਤਾਲਾਂ ਵਿੱਚ ਨਰਸਿੰਗ ਸਟਾਫ਼ ਦੀ ਹੜਤਾਲ ਅਤੇ ਹਾਲ ਹੀ ਵਿੱਚ ਉਨ੍ਹਾਂ ਵੱਲੋਂ ਦਿੱਤੇ ਗਏ 'ਬੇਟੀ ਵਾਲੇ ਬਿਆਨ' ਤੋਂ ਬਾਅਦ ਪੈਦਾ ਹੋਏ ਵਿਵਾਦ ਦੇ ਚਲਦਿਆਂ ਲਿਆ ਗਿਆ ਹੈ।
ਮੁੱਖ ਮੰਤਰੀ ਨੂੰ ਭੇਜੇ ਅਸਤੀਫ਼ੇ ਵਿੱਚ ਰੇਣੂ ਭਾਟੀਆ ਨੇ ਲਿਖਿਆ, "ਮੈਂ ਆਪਣੇ ਪਿਛਲੇ ਲਗਭਗ 4-1/2 (ਸਾਢੇ ਚਾਰ) ਸਾਲਾਂ ਦੇ ਕਾਰਜਕਾਲ ਦੌਰਾਨ ਪੂਰੀ ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੇ ਪ੍ਰਧਾਨ ਵਜੋਂ ਕੰਮ ਕੀਤਾ ਹੈ। ਇਸ ਲਈ ਮੈਂ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਦਿਲੋਂ ਧੰਨਵਾਦਟ ਕਰਦੀ ਹਾਂ।"

ਉਨ੍ਹਾਂ ਅੱਗੇ ਲਿਖਿਆ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ ਕਿ ਔਰਤਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸਨਮਾਨ ਦੀ ਲੜਾਈ ਹਮੇਸ਼ਾ ਲੜਦੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਭਵਿੱਖ ਵਿੱਚ ਵੀ ਉਨ੍ਹਾਂ ਨੂੰ ਕਿਸੇ ਅਹੁਦੇ 'ਤੇ ਨਿਯੁਕਤ ਕੀਤਾ ਜਾਂਦਾ ਹੈ, ਤਾਂ ਉਹ ਉਸ ਦੀ ਜ਼ਿੰਮੇਵਾਰੀ ਪੂਰੀ ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਪੱਤਰ ਦੇ ਅੰਤ ਵਿੱਚ ਉਨ੍ਹਾਂ ਲਿਖਿਆ, "ਮੈਂ ਮੌਜੂਦਾ ਸਮੇਂ ਵਿੱਚ ਇਸ ਅਹੁਦੇ ਤੋਂ ਅਸਤੀਫ਼ਾ ਦੇ ਰਹੀ ਹਾਂ, ਇਸ ਲਈ ਕਿਰਪਾ ਕਰਕੇ ਮੇਰਾ ਤਿਆਗ ਪੱਤਰ ਸਵੀਕਾਰ ਕੀਤਾ ਜਾਵੇ।"
ਦੱਸਣਯੋਗ ਹੈ ਕਿ ਰੇਣੂ ਭਾਟੀਆ ਦੇ ਇਸ ਅਸਤੀਫ਼ੇ ਨੂੰ ਸੂਬੇ ਦੀ ਸਿਆਸਤ ਅਤੇ ਹਸਪਤਾਲਾਂ ਦੇ ਨਰਸਿੰਗ ਸਟਾਫ਼ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
- Download Babushahi App
-
-