ਵੱਡੀ ਖ਼ਬਰ: ਹਾਈਕੋਰਟ ਤੋਂ ਬਰਖਾਸਤ ਲੇਡੀ ਕਾਂਸਟੇਬਲ ਅਮਨਦੀਪ ਕੌਰ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ, 20 ਨਵੰਬਰ 2025- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਆਖਿਰਕਾਰ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਜ਼ਮਾਨਤ ਮਿਲ ਗਈ ਹੈ। ਅਮਨਦੀਪ ਕੌਰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪਿਛਲੇ ਕਰੀਬ ਸਾਢੇ 5 ਮਹੀਨਿਆਂ ਤੋਂ ਨਿਆਂਇਕ ਹਿਰਾਸਤ ਵਿੱਚ ਸੀ।
ਅਮਨਦੀਪ ਕੌਰ ਨੂੰ ਵਿਜੀਲੈਂਸ ਨੇ ਆਮਦਨ ਨਾਲੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਗੰਭੀਰ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ। ਮਾਮਲੇ ਦੀ ਜਾਂਚ ਦੌਰਾਨ ਵਿਜੀਲੈਂਸ ਨੇ 14 ਨਵੰਬਰ ਨੂੰ ਅਮਨਦੀਪ ਕੌਰ ਦੇ ਖ਼ਿਲਾਫ ਚਲਾਨ ਵੀ ਪੇਸ਼ ਕਰ ਦਿੱਤਾ ਸੀ।
ਜ਼ਮਾਨਤ ਦੀ ਸੁਣਵਾਈ ਦੌਰਾਨ ਅਮਨਦੀਪ ਕੌਰ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਚਲਾਨ ਪੇਸ਼ ਹੋਣ ਤੋਂ ਬਾਅਦ ਹਿਰਾਸਤ ਵਿੱਚ ਰੱਖਣ ਦੀ ਲੋੜ ਨਹੀਂ ਰਹਿੰਦੀ। ਦੂਜੇ ਪਾਸੇ, ਵਿਜੀਲੈਂਸ ਨੇ ਆਪਣੇ ਪੱਖ ਵਿੱਚ ਮਾਮਲੇ ਦੀ ਗੰਭੀਰਤਾ ਨੂੰ ਦਰਸਾਇਆ ਪਰ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਣ ਤੋਂ ਬਾਅਦ ਜ਼ਮਾਨਤ ਮਨਜ਼ੂਰ ਕਰ ਲਈ।