ਸ਼ਹੀਦੀ ਦਿਵਸ ਸਮਾਗਮ : ਕੁਰਬਾਨੀਆਂ ਨੂੰ ਲੈਕੇ ਅੱਖਾਂ ’ਚ ਅੱਥਰੂ ਚਿਹਰਿਆਂ ਤੇ ਮਾਣ
ਅਸ਼ੋਕ ਵਰਮਾ
ਬਠਿੰਡਾ,21ਅਕਤੂਬਰ 2025: ਆਪਣੇ ਦੇਸ਼ ਕੌਮ ਲਈ ਜਾਨਾਂ ਵਾਰਨ ਵਾਲਿਆਂ ਦੇ ਵਿਛੋੜੇ ਕਾਰਨ ਹਰ ਸਾਲ 21 ਅਕਤੂਬਰ ਨੂੰ ਪੁਲਿਸ ਸ਼ਹੀਦੀ ਦਿਵਸ ਮੌਕੇ ਕਿਸੇ ਵਿਧਵਾ ਦੀਆਂ ਅੱਖਾਂ ’ਚ ਹੰਝੂਆਂ ਦੀ ਨਦੀ ਵਗਦੀ ਹੈ। ਬਾਪ ਆਪਣੇ ਸ਼ਹੀਦ ਪੁੱਤਾਂ ਨੂੰ ਯਾਦ ਕਰਦੇ ਗਮ ’ਚ ਡੁੱਬ ਜਾਂਦੇ ਹਨ ਤਾਂ ਮਾਵਾਂ ਜਿਗਰ ਦੇ ਟੋਟਿਆਂ ਦੀ ਨਾਂ ਮੁੱਕਣ ਵਾਲੀ ਉਡੀਕ ’ਚ ਤਿਲ ਤਿਲ ਮੌਤ ਵੱਲ ਵਧਦੀਆਂ ਰੱਬ ਨੂੰ ਉਲਾਂਭਾ ਦਿੰਦੀਆਂ ਹਨ ਕਿ ‘ ਸਾਡਾ ਕਸੂਰ ਕੀ ਸੀ ਜੋ ਲਾਲ ਦਿੱਤੇ ਵੀ ਤੇ ਖੋਹ ਵੀ ਲਏ। ਸ਼ਹੀਦ ਦਿਵਸ ਮੌਕੇ ਵੱਜਦੀ ਮਾਤਮੀ ਧੁੰਨ,ਸ਼ਹੀਦਾਂ ਨੂੰ ਸਲਾਮੀ ਅਤੇ ਗਮ ਦੇ ਮਹੌਲ ਵਿੱਚ ਵੱਜਦਾ ਬਿਗੁਲ ਦਰਜਨਾਂ ਪ੍ਰੀਵਾਰਾਂ ਦਾ ਸੀਨਾ ਚੀਰਦਾ ਹੈ । ਪੰਜਾਬ ਸ਼ਹੀਦਾਂ ਦੀ ਧਰਤੀ ਹੈ ਜਿੱਥੋਂ ਦੇ ਸੈਂਕੜੇ ਪ੍ਰੀਵਾਰਾਂ ਦੀ ਇਹੋ ਗਮਗੀਨ ਕਹਾਣੀ ਹੈ ਜਿੰਨ੍ਹਾਂ ਨੂੰ ਕਈ ਸਾਲਾਂ ਤੋਂ ਇਸ ਤਰਾਂ ਦੇ ਦੁਖਦਾਈ ਵਿਛੋੜੇ ਦਾ ਸੇਕ ਝੱਲਣਾ ਪੈ ਰਿਹਾ ਹੈ।
ਅੱਜ ਬਠਿੰਡਾ ਵਿਖੇ ਵੀ ਸ਼ਹੀਦੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਸਮਾਗਮ ਮੌਕੇ ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੰਦਿਆਂ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜ਼ਲੀ ਭੇਂਟ ਕੀਤੀ। ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਅਤੇ ਐਸਐਸਪੀ ਅਮਨੀਤ ਕੌਂਡਲ ਨੇ ਸਥਾਨਕ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰੀ (ਸਮ੍ਰਿਤੀ) ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਦੌਰਾਨ ਡੀਆਈਜੀ ਸ. ਹਰਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ। ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਜੁੱਟ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ।
ਐਸ.ਐਸ.ਪੀ. ਅਮਨੀਤ ਕੌਂਡਲ ਨੇ ਕਿਹਾ ਕਿ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਚੀਨ ਦੀ ਫੌਜ ਨੇ 20 ਜਵਾਨਾਂ ’ਤੇ ਅਚਾਨਕ ਹਮਲਾ ਕਰ ਦਿੱਤਾ ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।
ਅਫਸਰਾਂ ਨੇ ਮੁਸ਼ਕਲਾਂ ਸੁਣੀਆਂ
ਇਸ ਮੌਕੇ ਡੀਆਈਜੀ ਹਰਜੀਤ ਸਿੰਘ ਅਤੇ ਐਸਐਸਪੀ ਅਮਨੀਤ ਕੌਂਡਲ ਨੇ ਸ਼ਹੀਦਾਂ ਦੇ ਪ੍ਰੀਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਦਾ ਭਰੋਸਾ ਦਿਵਾਇਆ। ਐਸ.ਐਸ.ਪੀ. ਨੇ ਸ਼ਹੀਦ ਪੁਲਿਸ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਇੰਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਦੇਸ਼ ਅਤੇ ਕੌਮ ਨੂੰ ਮਾਣ ਹੁੰਦਾ ਹੈ, ਪਰ ਨਾਲ ਹੀ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਵੀ ਸਾਡੇ ਫ਼ਰਜ ਬਣਦੇ ਹਨ। ਉਨ੍ਹਾਂ ਕਿਹਾ ਕਿ ਸਮੁੱਚਾ ਪੁਲਿਸ ਪ੍ਰਸ਼ਾਸ਼ਨ ਸ਼ਹੀਦਾਂ ਦੇ ਪ੍ਰੀਵਾਰਾਂ ਨਾਲ ਖੜ੍ਹਾ ਹੈ। ਅੱਜ ਦੇ ਸਮਾਗਮ ਦੌਰਾਨ ਸ਼ਹੀਦਾਂ ਦੇ ਪ੍ਰੀਵਾਰਾਂ ਦਾ ਸਨਮਾਨ ਵੀ ਕੀਤਾ ਗਿਆ।
ਇਹ ਸ਼ਖਸ਼ੀਅਤਾਂ ਵੀ ਸਨ ਹਾਜ਼ਰ
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਕਰੁਨੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ, ਪੁਲਿਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਤੇ ਸ਼ਹੀਦਾਂ ਦੇ ਪਰਿਵਾਰ ਆਦਿ ਹਾਜ਼ਰ ਸਨ।