ਸਮਰਾਲਾ: 12 ਘੰਟਿਆਂ 'ਚ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, 3 ਮੁਲਜ਼ਮ ਗ੍ਰਿਫਤਾਰ
Ravinder Singh, Khana- ਪੁਲਿਸ ਜ਼ਿਲ੍ਹਾ ਖੰਨਾ ਨੇ ਇੱਕ ਸਨਸਨੀਖੇਜ਼ ਅੰਨ੍ਹੇ ਕਤਲ ਦੇ ਮਾਮਲੇ ਨੂੰ ਮਹਿਜ਼ 12 ਘੰਟਿਆਂ ਵਿੱਚ ਟ੍ਰੇਸ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਬਣਾਈਆਂ ਗਈਆਂ ਵਿਸ਼ੇਸ਼ ਟੀਮਾਂ ਵੱਲੋਂ ਕੀਤੀ ਗਈ।ਟੀਮ ਦੀ ਅਗਵਾਈ ਐੱਸ ਪੀ ਪਵਨਜੀਤ ਨੇ ਕੀਤੀ, ਇਸ ਕਾਰਵਾਈ ਵਿੱਚ ਸ਼ਾਮਲ ਰਹੇ।ਸੂਤਰਾਂ ਦੀ ਮਦਦ ਨਾਲ ਮੁਲਜ਼ਮਾਂ ਤੱਕ ਪਹੁੰਚ ਬਣਾਈ।
ਜਾਣਕਾਰੀ ਅਨੁਸਾਰ ਥਾਣਾ ਸਮਰਾਲਾ ਵਿੱਚ ਐਫ.ਆਈ.ਆਰ ਨੰਬਰ 224 ਮਿਤੀ 10.05.2026 ਨੂੰ ਦਰਜ ਕੀਤੀ ਗਈ ਸੀ। ਸ਼ਿਕਾਇਤਕਰਤਾ ਹੈਦਰ ਅਲੀ ਵਾਸੀ ਪਿੰਡ ਗੜੀ ਤਰਖਾਣਾ, ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸਦੇ ਛੋਟੇ ਭਰਾ ਫਿਰੋਜ਼ ਅਲੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ।
ਤਕਨੀਕੀ ਸਹਾਇਤਾ, ਸੀਸੀਟੀਵੀ ਫੁਟੇਜ ਅਤੇ ਮਨੁੱਖੀ ਸੂਤਰਾਂ ਦੀ ਮਦਦ ਨਾਲ ਪੁਲਿਸ ਨੇ ਥੋੜ੍ਹੇ ਸਮੇਂ ਵਿੱਚ ਹੀ ਮਾਮਲੇ ਦੀ ਗੁੱਥੀ ਸੁਲਝਾ ਲਈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਸਰਬਜੀਤ ਸਿੰਘ ਵਾਸੀ ਭਗਵਾਨਪੁਰਾ ਸਮਰਾਲਾ, ਜਤਿੰਦਰ ਸਿੰਘ ਵਾਸੀ ਮਾਨਸੂਰਪੁਰ ਖਮਾਣੋਂ ਅਤੇ ਅਰਸ਼ਦੀਪ ਸਿੰਘ ਵਾਸੀ ਪਵਾਤ ਮਾਛੀਵਾੜਾ ਸਾਹਿਬ ਵਜੋਂ ਹੋਈ ਹੈ।
ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਅਤੇ ਮ੍ਰਿਤਕ ਵਿਚਕਾਰ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਇਸੇ ਰੰਜਿਸ਼ ਦੇ ਚਲਦਿਆਂ ਇਹ ਖੂਨੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਕਤਲ ਵਿੱਚ ਵਰਤੇ ਗਏ ਹਥਿਆਰਾਂ ਅਤੇ ਮਾਮਲੇ ਨਾਲ ਜੁੜੇ ਹੋਰ ਅਹਿਮ ਤੱਥਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ।
- Download Babushahi App
-
-