ਸਮਾਰਟ ਸਿਟੀ ਪ੍ਰਾਜੈਕਟਾਂ ਦੇ ਕੰਮ ਹੋਰ ਤੇਜ਼ੀ ਨਾਲ ਕਰਨ ਦੇ ਹੁਕਮ
- ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 2 ਜੁਲਾਈ: 2025ਡਿਪਟੀ ਕਮਿਸ਼ਨਰ ਕਪੂਰਥਲ਼ਾ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ । ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ਤੇ ਗੁਣਵੱਤਾ ਬਰਕਰਾਰ ਰੱਖਦਿਆਂ ਮੁਕੰਮਲ ਕੀਤਾ ਜਾਵੇ ।
ਡਿਪਟੀ ਕਮਿਸ਼ਨਰ ਵੱਲੋਂ ਅੱਜ ਇੱਥੇ ਸੁਲਤਾਨਪੁਰ ਲੋਧੀ ਦੇ ਸਰਕਟ ਹਾਊਸ ਵਿਖੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ ਦੀ ਮੌਜੂਦਗੀ ਵਿਚ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸੜਕਾਂ ਨੂੰ ਪੱਕਾ ਕੀਤੇ ਜਾਣ ਦੀ ਮੰਗ ਨੂੰ ਜਲਦ ਪੂਰਾ ਕਰਨ ਦੇ ਸਦਕਾ ਜੰਗੀ ਪੱਧਰ ‘ਤੇ ਨਵੀਆਂ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜਿੱਥੇ ਕੀਤੇ ਵੀ ਪੱਕੀ ਸੜਕ ਦਾ ਕੰਮ ਅਧੂਰਾ ਪਿਆ ਹੈ, ਲਈ ਸਬੰਧਿਤ ਅਧਿਕਾਰੀਆਂ ਨੂੰ ਜਲਦ ਪੂਰਾ ਕਰਨ ਦੇ ਸਖਤ ਹੁਕਮ ਵੀ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਮਾਰਟ ਸਿਟੀ ਪ੍ਰਾਜੈਕਟ ਦੇ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਵੀ ਆਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਸਕਣ।
ਉਨ੍ਹਾਂ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਕੰਮ ਕਰ ਰਹੇ ਸਮੂਹ ਅਧਿਕਾਰੀਆਂ ਨੂੰ ਨਿੱਜੀ ਦਿਲਚਸਪੀ ਦਿਖਾ ਕੇ ਵਿਕਾਸ ਕਾਰਜਾਂ ਦੇ ਕੰਮ ਦੀ ਚੰਗੀ ਕੁਆਲਿਟੀ ਤੇ ਮਿਆਰ ਦਾ ਵੀ ਪੂਰਾ ਧਿਆਨ ਰੱਖਣ ਲਈ ਕਿਹਾ ਗਿਆ।