ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਸ਼ਰਧਾ, ਉਤਸ਼ਾਹ ਅਤੇ ਸਮਰਪਣ ਭਾਵਨਾ ਨਾਲ ਮਨਾਇਆ ਗਿਆ
ਰੋਹਿਤ ਗੁਪਤਾ
ਗੁਰਦਾਸਪੁਰ, 21 ਜੂਨ 2026
ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਮਰਪਣ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਹੇਠ ਯੋਗ ਸੈਸ਼ਨ ਵਿੱਚ ਭਾਗ ਲਿਆ ਅਤੇ ਵੱਖ-ਵੱਖ ਯੋਗ ਆਸਨਾਂ, ਪ੍ਰਾਣਾਯਾਮ ਅਤੇ ਧਿਆਨ ਕਿਰਿਆਵਾਂ ਦਾ ਅਭਿਆਸ ਕੀਤਾ। ਭਾਗੀਦਾਰਾਂ ਨੇ ਆਪਣੇ ਤਨ, ਮਨ ਅਤੇ ਆਤਮਾ ਨੂੰ ਤੰਦਰੁਸਤ ਰੱਖਣ ਲਈ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਕਲਪ ਲਿਆ।
ਕਾਰਜਕ੍ਰਮ ਦੌਰਾਨ ਕਾਲਜ ਦੇ ਪ੍ਰੋਫੈਸਰ ਗੁਰਦੀਪ ਸਿੰਘ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਯੋਗ ਭਾਰਤ ਦੀ ਪ੍ਰਾਚੀਨ ਅਤੇ ਅਮੁੱਲ ਵਿਰਾਸਤ ਹੈ, ਜੋ ਸਰੀਰਕ ਤੰਦਰੁਸਤੀ, ਮਾਨਸਿਕ ਸ਼ਾਂਤੀ ਅਤੇ ਆਤਮਿਕ ਉੱਨਤੀ ਦਾ ਸਰਵੋਤਮ ਸਾਧਨ ਹੈ। ਯੋਗ ਮਨੁੱਖ ਨੂੰ ਤਣਾਅ ਤੋਂ ਮੁਕਤੀ ਦਿਵਾਉਣ, ਸਕਾਰਾਤਮਕ ਸੋਚ ਵਿਕਸਿਤ ਕਰਨ ਅਤੇ ਕੁਦਰਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਸਟਾਫ ਮੈਂਬਰਾਂ ਨੂੰ ਵੱਖ-ਵੱਖ ਯੋਗ ਕਿਰਿਆਵਾਂ ਕਰਵਾਈਆਂ ਅਤੇ ਨਿਯਮਿਤ ਤੌਰ 'ਤੇ ਯੋਗ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਸਰੀਰ ਨੂੰ ਹੀ ਨਹੀਂ, ਸਗੋਂ ਮਨ ਅਤੇ ਆਤਮਾ ਨੂੰ ਵੀ ਮਜ਼ਬੂਤ ਬਣਾਉਂਦਾ ਹੈ ਅਤੇ ਵਿਅਕਤੀ ਨੂੰ ਸੰਤੁਲਿਤ ਜੀਵਨ ਜਿਊਣ ਦੀ ਸਿੱਖਿਆ ਦਿੰਦਾ ਹੈ।
ਅੰਤਰਰਾਸ਼ਟਰੀ ਯੋਗ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੰਯੁਕਤ ਰਾਸ਼ਟਰ ਮਹਾਸਭਾ ਨੇ ਦਸੰਬਰ 2014 ਵਿੱਚ ਭਾਰਤ ਦੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਸਵੀਕਾਰ ਕਰਦਿਆਂ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ 21 ਜੂਨ 2015 ਨੂੰ ਪਹਿਲਾ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। 21 ਜੂਨ ਸਾਲ ਦਾ ਸਭ ਤੋਂ ਲੰਬਾ ਦਿਨ ਹੋਣ ਕਰਕੇ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਅੱਜ ਯੋਗ ਦੁਨੀਆ ਦੇ ਲਗਭਗ ਹਰ ਦੇਸ਼ ਵਿੱਚ ਸਿਹਤਮੰਦ ਅਤੇ ਸੰਤੁਲਿਤ ਜੀਵਨ-ਸ਼ੈਲੀ ਦੇ ਪ੍ਰਤੀਕ ਵਜੋਂ ਅਪਣਾਇਆ ਜਾ ਰਿਹਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਕਿਹਾ ਕਿ ਯੋਗ ਕੇਵਲ ਸਰੀਰਕ ਕਸਰਤ ਨਹੀਂ, ਸਗੋਂ ਜੀਵਨ ਜਿਊਣ ਦੀ ਇੱਕ ਸੰਪੂਰਨ ਕਲਾ ਅਤੇ ਵਿਗਿਆਨ ਹੈ। ਉਨ੍ਹਾਂ ਕਿਹਾ ਕਿ ਇੱਕ ਤੰਦਰੁਸਤ ਦਿਮਾਗ ਹਮੇਸ਼ਾ ਤੰਦਰੁਸਤ ਸਰੀਰ ਵਿੱਚ ਹੀ ਨਿਵਾਸ ਕਰਦਾ ਹੈ ਅਤੇ ਯੋਗ ਮਨੁੱਖ ਨੂੰ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਤੌਰ 'ਤੇ ਮਜ਼ਬੂਤ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਤਣਾਅ-ਮੁਕਤ ਸਿੱਖਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਯੋਗ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਮੂਹ ਸਟਾਫ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਿਤ ਤੌਰ 'ਤੇ ਯੋਗ ਅਭਿਆਸ ਕਰਕੇ ਆਪਣੇ ਆਪ ਨੂੰ ਤੰਦਰੁਸਤ ਰੱਖਣ ਅਤੇ ਇਸ ਸੰਦੇਸ਼ ਨੂੰ ਵਿਦਿਆਰਥੀਆਂ ਅਤੇ ਸਮਾਜ ਤੱਕ ਪਹੁੰਚਾਉਣ।
ਪ੍ਰੋਗਰਾਮ ਦੇ ਅੰਤ ਵਿੱਚ ਸਮੂਹ ਸਟਾਫ ਵੱਲੋਂ ਵਿਸ਼ਵ ਸ਼ਾਂਤੀ, ਮਨੁੱਖਤਾ ਦੀ ਭਲਾਈ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਸ਼ਾਂਤੀ ਪਾਠ ਕੀਤਾ ਗਿਆ। ਇਸ ਉਪਰੰਤ ਹਾਜ਼ਰ ਸਾਰੇ ਮੈਂਬਰਾਂ ਵਿੱਚ ਪ੍ਰਸਾਦ ਦਾ ਵਿਤਰਨ ਕੀਤਾ ਗਿਆ। ਇਸ ਮੌਕੇ ਮੌਜੂਦ ਸਟਾਫ ਮੈਂਬਰਾਂ ਨੇ ਯੋਗ ਦੇ ਸਿਧਾਂਤਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਅਪਣਾਉਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਯੋਗਦਾਨ ਪਾਉਣ ਦਾ ਸੰਕਲਪ ਵੀ ਦੁਹਰਾਇਆ।
ਇਸ ਮੌਕੇ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੈਂਬਰ ਹਾਜ਼ਰ ਸਨ।
- Download Babushahi App
-
-