ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਵਿਖੇ ਮਨਾਇਆ 16ਵਾਂ ਰਾਸ਼ਟਰੀ ਵੋਟਰ ਦਿਵਸ
ਅਸ਼ੋਕ ਵਰਮਾ
ਬਠਿੰਡਾ, 25 ਜਨਵਰੀ 2026 : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ (ਮੇਰਾ ਭਾਰਤ, ਮੇਰੀ ਵੋਟ) ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਕਿਹਾ ਕਿ ਵੋਟਰ ਦਿਵਸ ਮਨਾਉਣ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਬਣਾਉਣਾ ਹੈ, ਤਾਂ ਜੋ ਉਹ ਵੱਧ ਤੋਂ ਵੱਧ ਮਾਤਰਾ ਵਿੱਚ ਲੋਕਤੰਤਰ ਪ੍ਰਕਿਰਿਆ ਵਿੱਚ ਹਿੱਸਾ ਲੈ ਕੇ ਦੇਸ਼ ਦੇ ਭਵਿੱਖ ਨੂੰ ਸਹੀ ਦਿਸ਼ਾ ਦੇ ਸਕਣ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਨੂੰ ਸਮਝਦਾਰੀ ਅਤੇ ਜ਼ਿੰਮੇਵਾਰੀ ਨਾਲ ਵਰਤਣ।
ਇਸ ਤੋਂ ਪਹਿਲਾ ਸਮਾਗਮ ਦੌਰਾਨ ਮਿਊਜ਼ਿਕ ਟੀਚਰ ਬਲਕਰਨ ਸਿੰਘ ਵੱਲੋਂ ਵੋਟਰ ਦਿਵਸ ਨੂੰ ਲੈ ਕੇ ਗੀਤ ਪੇਸ਼ ਕੀਤਾ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਚੰਦਸਰ ਬਸਤੀ ਦੇ ਵਿਦਿਆਰਥੀਆਂ ਵਲੋਂ ਸਮਾਜਿਕ ਸੰਦੇਸ਼ ਦੇਣ ਵਾਲਾ ਨਾਟਕ ਪੇਸ਼ ਕੀਤਾ ਗਿਆ, ਜਿਸ ਨੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਸਰਕਾਰੀ ਰਾਜਿੰਦਰਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੋਟਰ ਦਿਵਸ ਨੂੰ ਸਮਰਪਿਤ ਨੁੱਕੜ ਨਾਟਕ ਪੇਸ਼ ਕੀਤਾ ਗਿਆ, ਜਿਸ ਰਾਹੀਂ ਲੋਕਤੰਤਰ, ਵੋਟ ਦੇ ਅਧਿਕਾਰ ਅਤੇ ਨਾਗਰਿਕ ਫ਼ਰਜ਼ਾਂ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਸੁਨੇਹਾ ਦਿੱਤਾ ਗਿਆ। ਇਸ ਮੌਕੇ ਨਵੇਂ ਵੋਟਰਾਂ ਨੂੰ ਵੋਟਰ ਆਈ.ਡੀ. ਕਾਰਡ ਸੌਂਪ ਕੇ ਉਨ੍ਹਾਂ ਨੂੰ ਲੋਕਤੰਤਰ ਦੇ ਮਜ਼ਬੂਤ ਸਤੰਭ ਵਜੋਂ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਵੋਟਾਂ ਦੇ ਕਾਰਜ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ।
ਸਮਾਗਮ ਦੇ ਅਖੀਰ ‘ਚ ਵੋਟਰ ਜਾਗਰੂਕਤਾ ਸਬੰਧੀ ਸੰਕਲਪ ਲਿਆ ਗਿਆ ਅਤੇ ਸਾਰਿਆਂ ਨੇ ਵੱਧ ਤੋਂ ਵੱਧ ਮਾਤਰਾ ਵਿੱਚ ਵੋਟਿੰਗ ਕਰਨ ਦਾ ਵਚਨ ਦਿੱਤਾ।
ਇਸ ਤੋਂ ਇਲਾਵਾ ਸਥਾਨਕ ਐੱਸ.ਐੱਸ.ਡੀ. ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਬਿਹਤਰ ਲੋਕਤੰਤਰੀ ਭਵਿੱਖ ਲਈ ਜ਼ਿੰਮੇਵਾਰ ਵੋਟਰਾਂ ਵਜੋਂ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਰਾਸ਼ਟਰੀ ਵੋਟਰ ਦਿਵਸ (ਮੇਰਾ ਭਾਰਤ, ਮੇਰੀ ਵੋਟ) ਮਨਾਇਆ ਗਿਆ।
ਇਸ ਮੌਕੇ ਤਹਿਸੀਲਦਾਰ ਚੋਣਾਂ ਤੇ ਉਨ੍ਹਾਂ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।