ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਵਾਤਾਵਰਣ ਦੀ ਸੰਭਾਲ ਸਾਡੀ ਨਿੱਜੀ ਨੈਤਿਕ ਜਿੰਮੇਵਾਰੀ :- ਜਸਬੀਰ ਸਿੰਘ
ਰੋਹਿਤ ਗੁਪਤਾ
ਬਟਾਲਾ 4, ਜੂਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧੁੱਪਸੜੀ ਬਟਾਲਾ ਵਿਖੇ ਪ੍ਰਿੰਸੀਪਲ ਪਰਮਜੀਤ ਕੌਰ ਦੀ ਯੋਗ ਅਗਵਾਹੀ ਹੇਠ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦੇਣ ਲਈ ਸਰਕਾਰੀ ਪੌਲੀਟੈਕਨਿਕ ਕਾਲਜ ਤੋਂ ਕੈਮੀਕਲ ਇੰਜ ਦੇ ਲੈਕਚਰਾਰ ਜਸਬੀਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ।
ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਪ੍ਰੋ ਜਸਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਲੋਕਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਹਰ ਸਾਲ ਪੂਰੇ ਵਿਸ਼ਵ ਵਿੱਚ 5 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਤਹਿਤ ਲੋਕਾਂ ਨੂੰ ਪ੍ਰਦੂਸ਼ਣ ਕਰਕੇ ਵਾਤਾਵਰਣ ਵਿੱਚ ਹੋ ਰਹੇ ਬਦਲਾਅ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਉਨ੍ਹਾਂ ਨੂੰ ਜਾਗਰੂਕ ਕੀਤਾ ਹੈ। ਇਹ ਦਿਵਸ ਸਾਨੂੰ ਯਾਦ ਦਵਾਉਂਦਾ ਹੈ ਕਿ ਧਰਤੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਾਨੂੰ ਮਿਲ ਕੇ ਵਾਤਾਵਰਣ ਦੀ ਸ਼ੁੱਧਤਾ ਲਈ ਉਪਾਅ ਕਰਨੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਲਈ ਹਰ ਸਾਲ ਇੱਕ ਥੀਮ ਰੱਖਿਆ ਜਾਂਦਾ ਹੈ ਅਤੇ ਇਸ ਸਾਲ 2025 ਦੀ ਥੀਮ ਹੈ ‘ਗਲੋਬਲ ਪਲਾਸਟਿਕ ਪ੍ਰਦੂਸ਼ਣ ਦਾ ਅੰਤ’। ਇਸ ਅਧੀਨ ਵਿਸ਼ੇਸ਼ ਤੌਰ ‘ਤੇ ਪਲਾਸਟਿਕ ਦੀ ਵਰਤੋਂ ਨਾਲ ਵੱਧ ਰਹੇ ਪ੍ਰਦੂਸ਼ਣ ‘ਤੇ ਰੋਕ ਲਾਉਂਦੇ ਹੋਏ ਕੁਦਰਤ ਨਾਲ ਇਕਸੁਰਤਾ ਵਿੱਚ ਸਥਿਰਤਾ ਵੱਲ ਧਿਆਨ ਦਿੱਤਾ ਜਾਵੇਗਾ। ਪ੍ਰੋ ਜਸਬੀਰ ਸਿੰਘ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੀ ਨੈਤਿਕ ਜਿੰਮੇਵਾਰੀ ਹੈ ਅਤੇ ਸਾਨੂੰ ਹਰ ਹੀਲੇ ਇਸ ਨੁੂੰ ਨਿਭਾਉਣਾ ਚਾਹੀਦਾ ਹੈ।
ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੁਰਾਣੇ ਕੱਪੜਿਆਂ ਤੋਂ ਝੋਲੇ ਬਨਾਉਣ ਦਾ ਕੰਮ ਦਿੱਤਾ ਗਿਆ ਸੀ, ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਕਰੀਬ 50 ਤੋਂ ਵੀ ਜਿਆਦਾ ਵਿਦਿਆਰਥੀ ਇਹ ਝੋਲੇ ਤਿਆਰ ਕਰਕੇ ਲਿਆਏ ਅਤੇ ਸਕੂਲ ਵੱਲੋਂ ਉਨ੍ਹਾਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਇਸ ਮੌਕੇ ਲਈ ਬਹੁਤ ਵਧੀਆ ਚਾਰਟ ਵੀ ਬਣਾਏ। ਵਿਦਿਆਰਥੀਆਂ ਅਤੇ ਹਾਜਰ ਸਟਾਫ ਨੇ ਵੀ ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣੇ ਵਿਚਾਰ ਅਤੇ ਉਹਨਾਂ ਵੱਲੋਂ ਚੁੱਕੇ ਕਦਮ ਜਾਣ ਵਾਲੇ ਕਦਮ ਸਾਰਿਆਂ ਨਾਲ ਸਾਂਝੇ ਕੀਤੇ।
ਪ੍ਰੋਗਰਾਮ ਦੀ ਸਮਾਪਤੀ ਕਰਦਿਆਂ ਪ੍ਰਿੰਸੀਪਲ ਪਰਮਜੀਤ ਕੌਰ ਨੇ ਸਨਮਾਨ ਚਿੰਨ੍ਹ ਭੇਟ ਕਰਕੇ ਆਏ ਹੋਏ ਵਿਸ਼ੇ ਦੇ ਮਾਹਰ ਪ੍ਰੋ ਜਸਬੀਰ ਸਿੰਘ ਦਾ ਧੰਨਵਾਦ ਕੀਤਾ। ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਤੋਂ ਇਲਾਵਾ ਨੋਡਲ ਪ੍ਰੋਗਰਾਮ ਇੰਚਾਰਜ ਸੁਖਵਿੰਦਰ ਕੌਰ, ਹਰਕੀਰਤ ਕੌਰ, ਨਿਰਮਲਜੀਤ ਕੌਰ, ਐਗਨਸ, ਸਰਿਤਾ, ਹਰਪਿੰਦਰ ਕੌਰ, ਕੁਲਵਿੰਦਰ ਕੌਰ, ਕੁਲਜਿੰਦਰ ਕੌਰ ਅਤੇ ਦਵਿੰਦਰ ਸਿੰਘ ਵੀ ਹਾਜਰ ਸਨ।