ਸਰਵਾਈਕਲ ਕੈਂਸਰ ਤੋਂ ਬਚਾਓ ਲਈ ਕੀਤੇ ਜਾਣ ਵਾਲੇ ਐਚਪੀਵੀ ਟੀਕਾਕਰਨ ਸਬੰਧੀ ਸਿਖਲਾਈ ਦਿੱਤੀ
ਅਸ਼ੋਕ ਵਰਮਾ
ਬਠਿੰਡਾ, 20 ਜਨਵਰੀ 2026 :ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਯੋਗ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਜਨਤਾ ਨਗਰ ਵਿਖੇ ਐਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਵੈਕਸੀਨ ਸਬੰਧੀ ਸਮੂਹ ਏ.ਐਨ.ਐਮ ਅਤੇ ਆਸ਼ਾ ਵਰਕਰ ਸਟਾਫ਼ ਦੀ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਦਾ ਉਦੇਸ਼ ਸਿਹਤ ਕਰਮਚਾਰੀਆਂ ਨੂੰ ਐਚਪੀਵੀ ਵੈਕਸੀਨ ਦੀ ਮਹੱਤਤਾ, ਇਸ ਦੀ ਸੁਰੱਖਿਆ, ਲਾਭ ਅਤੇ ਟੀਕਾਕਰਨ ਦੀ ਸਹੀ ਪ੍ਰਕਿਰਿਆ ਬਾਰੇ ਵਿਸਥਾਰਪੂਰਕ ਜਾਣਕਾਰੀ ਦੇਣਾ ਸੀ। ਐਚਪੀਵੀ ਵੈਕਸੀਨ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਡਾ. ਤਪਿੰਦਰਜੋਤ ਨੇ ਕਿਹਾ ਕਿ ਸਰਵਾਈਕਲ ਕੈਂਸਰ ਔਰਤਾਂ ਵਿਚ ਹੋਣ ਵਾਲਾ ਚੌਥਾ ਸਭ ਤੋਂ ਆਮ ਕੈਂਸਰ ਹੈ। ਜਦਕਿ ਭਾਰਤ ਵਿਚ ਇਹ ਦੂਜਾ ਸਭ ਤੋਂ ਆਮ ਕੈਂਸਰ ਹੈ।
ਉਹਨਾਂ ਕਿਹਾ ਕਿ ਭਾਵੇਂ ਕਿ ਇਹ ਕੈਂਸਰ ਟੀਕਾਕਰਣ ਰਾਹੀਂ ਰੋਕਿਆ ਜਾ ਸਕਦਾ ਹੈ ਪਰ ਫਿਰ ਵੀ ਇਹ ਭਾਰਤ ਵਿਚ ਔਰਤਾਂ ਦੀ ਮੌਤ ਦਾ ਇੱਕ ਵੱਡਾ ਕਾਰਨ ਬਣਿਆ ਹੋਇਆ ਹੈ।ਇਸ ਲਈ ਟੀਕਾਕਰਣ, ਸਕ੍ਰੀਨਿੰਗ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾ ਕੇ ਸਰਵਾਈਕਲ ਕੈਂਸਰ ਤੋਂ ਪ੍ਰਭਾਵਸ਼ਾਲੀ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਇਹ ਮੁਹਿੰਮ ਲੋਕ-ਹਿੱਤ ਵਿਚ ਇੱਕ ਮਹੱਤਵਪੂਰਨ ਕਦਮ ਹੈ, ਇਸ ਲਈ ਯੋਗ ਲਾਭਪਾਤਰੀਆਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ।
ਇਸ ਟ੍ਰੇਨਿੰਗ ਦੌਰਾਨ ਬਲਾਕ ਐਜੂਕੇਟਰ ਪਵਨਜੀਤ ਕੌਰ ਅਤੇ ਸਿਹਤ ਸੁਪਰਵਾਈਜ਼ਰ ਸਰਬਜੀਤ ਕੌਰ ਵੱਲੋਂ ਸਿਹਤ ਸਟਾਫ਼ ਨੂੰ ਟੀਕਾਕਰਨ ਦੌਰਾਨ ਲੋੜੀਂਦੀਆਂ ਸਾਵਧਾਨੀਆਂ ,ਦੁਰ-ਪ੍ਰਭਾਵਾਂ ਦੀ ਪਛਾਣ ਅਤੇ ਲੋਕਾਂ ਨੂੰ ਮਾਰਗਦਰਸ਼ਨ ਦੇਣ ਬਾਰੇ ਵੀ ਜਾਣੂ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ ਐਚਪੀਵੀ ਵੈਕਸੀਨ ਖ਼ਾਸ ਕਰਕੇ ਕੁੜੀਆਂ ਨੂੰ ਸਰਵਾਈਕਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।
ਉਨ੍ਹਾਂ ਕਿਹਾ ਕਿ ਟ੍ਰੇਨਿੰਗ ਪ੍ਰਾਪਤ ਸਟਾਫ਼ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਅਤੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਐਚਪੀਵੀ ਵੈਕਸੀਨ ਪਹੁੰਚਾਉਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਏਗਾ।ਇਸ ਤੋਂ ਇਲਾਵਾ ਸਿਹਤ ਕਰਮਚਾਰੀਆਂ ਦੀ ਢੁੱਕਵੀਂ ਟ੍ਰੇਨਿੰਗ ਨਾਲ ਟੀਕਾਕਰਣ ਪ੍ਰਕਿਰਿਆ ਨੂੰ ਸੁਚਾਰੂ, ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਂਦਾ ਜਾ ਸਕੇਗਾ। ਉਨ੍ਹਾਂ ਜ਼ੋਰ ਦਿੱਤਾ ਕਿ ਟੀਕਾਕਰਣ ਦੌਰਾਨ ਮਾਪਿਆਂ ਨੂੰ ਵੈਕਸੀਨ ਸੰਬੰਧੀ ਸਹੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਕਿਸੇ ਵੀ ਕਿਸਮ ਦੀ ਭਰਮ ਜਾਂ ਗਲਤ ਫਹਿਮੀ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਸਿਹਤ ਕਰਮੀ ਕੁਲਵਿੰਦਰ ਕੌਰ, ਰਮਨਦੀਪ ਕੌਰ, ਮਮਤਾ ਰਾਣੀ, ਕਿਰਨਜੀਤ, ਗੁਰਮੀਤ ਕੌਰ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।