ਸਾਡੇ ਬਜ਼ੁਰਗ ਸਾਡਾ ਮਾਣ” ਪ੍ਰੋਗਰਾਮ ਤਹਿਤ ਬਠਿੰਡਾ ਵਿੱਚ ਮੁਫ਼ਤ ਮੈਡੀਕਲ ਤੇ ਕਾਨੂੰਨੀ ਕੈਂਪ 3 ਫਰਵਰੀ ਨੂੰ : ADC
ਅਸ਼ੋਕ ਵਰਮਾ
ਬਠਿੰਡਾ, 31 ਜਨਵਰੀ 2026 : ਪੰਜਾਬ ਸਰਕਾਰ ਦੀਆਂ ਹਦਾਇਤਾਂ, ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾਣ ਵਾਲੇ ਪ੍ਰੋਗਰਾਮ “ਸਾਡੇ ਬਜ਼ੁਰਗ ਸਾਡਾ ਮਾਣ” ਸਬੰਧੀ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ ਕੀਤੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 3 ਫਰਵਰੀ 2026, ਦਿਨ ਮੰਗਲਵਾਰ ਨੂੰ ਸਵੇਰੇ 9:30 ਵਜੇ ਸਥਾਨਕ ਬਲਵੰਤ ਗਾਰਗੀ ਐਡੀਟੋਰੀਅਮ ਹਾਲ, ਨੇੜੇ ਰੋਜ਼ ਗਾਰਡਨ ਵਿਖੇ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਕੈਂਪ ਲਗਾਇਆ ਜਾਵੇਗਾ।
ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਦੌਰਾਨ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਇੱਕ ਵਿਸ਼ੇਸ਼ ਮੁਫ਼ਤ ਮੈਡੀਕਲ ਸਿਹਤ ਚੈੱਕਅੱਪ ਅਤੇ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਿਹਤ ਅਤੇ ਕਾਨੂੰਨੀ ਸਹਾਇਤਾ ਸਬੰਧੀ ਇੱਕ ਹੀ ਥਾਂ ਤੇ ਮੁਫ਼ਤ ਸੁਵਿਧਾਵਾਂ ਪ੍ਰਦਾਨ ਕਰਨਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੈਂਪ ਦੌਰਾਨ ਬਜ਼ੁਰਗ ਨਾਗਰਿਕਾਂ ਦੀਆਂ ਵੱਖ-ਵੱਖ ਬਿਮਾਰੀਆਂ ਸਬੰਧੀ ਵਿਸਥਾਰਪੂਰਵਕ ਮੈਡੀਕਲ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸਦੇ ਨਾਲ-ਨਾਲ ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਕਾਨੂੰਨੀ ਮਸਲਿਆਂ ਬਾਰੇ ਜਾਣਕਾਰੀ ਦੇਣ ਲਈ ਮੁਫ਼ਤ ਕਾਨੂੰਨੀ ਸਹਾਇਤਾ ਵੀ ਉਪਲਬਧ ਕਰਵਾਈ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਭਰ ਦੇ ਬਜ਼ੁਰਗ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੈਂਪ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਇਹ ਕਦਮ ਬਜ਼ੁਰਗਾਂ ਦੀ ਸਿਹਤ, ਸੁਰੱਖਿਆ ਅਤੇ ਸਮਾਜਿਕ ਸਨਮਾਨ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਮੌੜ ਸ੍ਰੀ ਸੁਖਰਾਜ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਅਰਸ਼ਦੀਪ ਕੌਰ, ਜਿਲਾ ਪ੍ਰੋਗਰਾਮ ਅਫਸਰ ਸ੍ਰੀ ਪੰਕਜ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।