ਸੀਪੀਐਫ ਕਰਮਚਾਰੀਆਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਜ਼ਿਲ੍ਹਾ ਪੱਧਰ ਤੇ ਧਰਨੇ ਦਾ ਫੈਸਲਾ
ਅਸ਼ੋਕ ਵਰਮਾ
ਮਾਨਸਾ, 15 ਫਰਵਰੀ 2026: ਸੀ ਪੀ ਐਫ ਕਰਮਚਾਰੀਆਂ ਯੂਨੀਅਨ ਵੱਲੋਂ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ 19 ਫਰਵਰੀ ਨੂੰ ਜ਼ਿਲ੍ਹਾ ਪੱਧਰ ਤੇ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਹੋਈ ਮੀਟਿੰਗ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਨੇ ਦੱਸਿਆ ਕਿ ਨਵੀਂ ਪੈਨਸ਼ਨ ਸਕੀਮ ਕਰਮਚਾਰੀਆਂ ਦੇ ਭਵਿੱਖ ਨਾਲ ਜੁੜੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਉਂਦੀ। ਉਨ੍ਹਾਂ ਕਿਹਾ ਕਿ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਤੋਂ ਵਾਝੇ ਰੱਖਣਾ ਇਨਸਾਨੀਅਤ ਵਾਲਾ ਕੰਮ ਨਹੀਂ ਹੈ।
ਉਹਨਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ ਸਰਕਾਰ ਕਰਮਚਾਰੀਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਜਲਦ ਤੋਂ ਜਲਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਤਾਂ ਜੋ ਮੁਲਾਜ਼ਮ ਰਿਟਾਇਰਮੈਂਟ ਤੋਂ ਬਾਅਦ ਆਰਥਿਕ ਸੁਰੱਖਿਆ ਮਹਿਸੂਸ ਕਰ ਸਕਣ।ਆਗੂਆਂ ਨੇ ਕਿਹਾ ਕਿ 19 ਫਰਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਰਮਚਾਰੀ ਸ਼ਮੂਲੀਅਤ ਕਰਨਗੇ ਅਤੇ ਆਪਣੀ ਹੱਕ ਦੀ ਲੜਾਈ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ। ਉਹਨਾਂ ਕਿਹਾ ਕਿ ਜਦੋਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹੇ ਵਿੱਚ ਆਉਣਗੇ,ਉਹਨਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਰਮਚਾਰੀਆਂ ਨੂੰ ਇਸ ਸੰਘਰਸ਼ ਸਫਲ ਬਣਾਉਣ ਦੀ ਅਪੀਲ ਕੀਤੀ।ਇਸ ਮੌਕੇ ਮਲਕੀਤ ਸਿੰਘ, ਗੁਰਲਾਲ ਸਿੰਘ, ਜਸਵਿੰਦਰ ਕੁਮਾਰ, ਹਰਵਿੰਦਰ ਸਿੰਘ, ਜਸਕਰਨ ਸਿੰਘ, ਗੁਰਦਾਸ ਸਿੰਘ, ਹਰਪ੍ਰੀਤ ਸਿੰਘ, ਜਸ਼ਨਦੀਪ ਸਿੰਘ ਅਤੇ ਰਸਦੀਪ ਸਿੰਘ ਹਾਜ਼ਰ ਸਨ।