ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ, ਖਾਮੀਆਂ ਦੂਰ ਕਰਨ ਲਈ ਸਕੂਲਾਂ ਨੂੰ ਚੇਤਾਵਨੀ
ਮਨਪ੍ਰੀਤ ਸਿੰਘ
ਰੂਪਨਗਰ, 22 ਮਈ:
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੂਪਨਗਰ ਸ਼੍ਰੀਮਤੀ ਰਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਬਲਾਕ ਅਧੀਨ ਭਾਈ ਨੰਦ ਲਾਲ ਸਕੂਲ ਮਟੋਰ ਅਤੇ ਮਾਊਂਟ ਕਾਰਮਲ ਸਕੂਲ ਜਿੰਦਵੜੀ ਦੀਆਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ 37 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਰੀਜਨਲ ਟਰਾਂਸਪੋਰਟ ਅਫ਼ਸਰ ਸਰਬਜੀਤ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਸਕੂਲੀ ਬੱਸਾਂ ਵਿੱਚ ਪਾਈਆਂ ਗਈਆਂ ਖਾਮੀਆਂ ਨੂੰ 15 ਦਿਨਾਂ ਅੰਦਰ ਦੂਰ ਕਰਨ ਲਈ ਚੇਤਾਵਨੀ ਦਿੱਤੀ ਗਈ।
ਉਨ੍ਹਾਂ ਸਮੂਹ ਸਕੂਲਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਸਾਂ ਵਿੱਚ ਮੌਜੂਦ ਸਾਰੀਆਂ ਕਮੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਜਿੰਦਰ ਕੌਰ ਨੇ ਦੱਸਿਆ ਕਿ ਹਰ ਸਕੂਲ ਵੈਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰ੍ਹਾਂ ਯੋਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਕਿਸੇ ਵੀ ਕੀਮਤ ’ਤੇ ਖ਼ਤਰੇ ਵਿੱਚ ਨਹੀਂ ਪੈਣ ਦਿੱਤਾ ਜਾਵੇਗਾ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ-ਸਮੇਂ ’ਤੇ ਆਪਣੇ ਸਕੂਲੀ ਵਾਹਨਾਂ ਦੀ ਜਾਂਚ ਕਰਦੇ ਰਹਿਣ ਅਤੇ ਉਨ੍ਹਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੇ ਅਨੁਸਾਰ ਢੁਕਵਾਂ ਬਣਾਉਣ।
ਉਨ੍ਹਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਸ੍ਰੀ ਕਰਨਵੀਰ ਸਿੰਘ, ਸ੍ਰੀ ਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਸ੍ਰੀ ਸੁਰੇਸ਼ ਕੁਮਾਰ ਅਤੇ ਪੁਲਿਸ ਵਿਭਾਗ ਤੋਂ ਏ.ਐਸ.ਆਈ. ਹਰਜਾਪ ਸਿੰਘ ਵੀ ਮੌਜੂਦ ਸਨ।
- Download Babushahi App
-
-