ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ
ਸਰਕਾਰੀ ਪ੍ਰਾਇਮਰੀ ਸਕੂਲ ਕਪੂਰੀ 'ਚ 'ਆਗਮਨ ਬਾਲ (ਗੁਰੂ) ਗੋਬਿੰਦ ਰਾਇ ਜੀ' ਬਾਰੇ ਲੈਕਚਰ
-ਪੰਜਵੇਂ ਦਿਨ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ
ਗੁਰਪ੍ਰੀਤ ਸਿੰਘ ਜਖਵਾਲੀ
ਦੇਵੀਗੜ੍ਹ 15 ਨਵੰਬਰ 2025:- ਸਰਕਾਰੀ ਪ੍ਰਾਇਮਰੀ ਸਕੂਲ ਕਪੂਰੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਬਾਰੇ ਲੈਕਚਰ ਸੁਣਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਲਿਦਾਨ ਤੋਂ ਜਾਣੂ ਕਰਵਾਉਣ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਲਗਾਤਾਰ 27 ਨਵੰਬਰ ਤੱਕ ਲੈਕਚਰ ਸੁਣਾਏ ਜਾਣਗੇ।
ਸਕੂਲ ਅਧਿਆਪਕ ਹਰਪ੍ਰੀਤ ਸਿੰਘ ਉੱਪਲ, ਮੈਡਮ ਸਤਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾਂ ਵਿਦਿਅਕ ਪਾਠਕ੍ਰਮ ਦੀ ਉਲੀਕੀ ਯੋਜਨਾ ਤਹਿਤ ਅੱਜ ਪੰਜਵੇਂ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਵਿੱਚ 'ਆਗਮਨ ਬਾਲ (ਗੁਰੂ) ਗੋਬਿੰਦ ਰਾਇ ਜੀ' ਤਹਿਤ ਪਟਨਾ ਸ਼ਹਿਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗ੍ਰਹਿ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਬਾਰੇ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਸਕੂਲਾਂ ਵਿਖੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਮਾਤਾ ਗੁਜਰੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਜੀਵਨ ਅਤੇ ਸ਼ਹਾਦਤ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਇਨ੍ਹਾਂ ਸਾਖੀਆਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਆਪਣੇ ਅਧਿਆਪਕਾਂ ਤੋਂ ਗੁਰੂ ਸਾਹਿਬ ਦੇ ਜੀਵਨ ਬਾਰੇ ਹੋਰ ਵੀ ਜਾਣਕਾਰੀ ਹਾਸਲ ਕੀਤੀ।