ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਰਾਣਾ ਗੁਰਜੀਤ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈ
ਕਪੂਰਥਲਾ 1 ਫਰਵਰੀ,2026
ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਭਗਤੀ ਦੇ ਮੁਜੱਸਮੇ, ਸਮਾਜਿਕ ਸਮਾਨਤਾ ਦੇ ਪ੍ਰਤੀਕ ਅਤੇ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਇੱਕ ਸਾਂਝੇ ਸੰਦੇਸ਼ ਵਿੱਚ ਦੋਵਾਂ ਵਿਧਾਇਕਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਉਪਦੇਸ਼ ਮਨੁੱਖਤਾ ਨੂੰ ਆਪਸੀ ਭਾਈਚਾਰੇ, ਸਮਾਨਤਾ ਅਤੇ ਪ੍ਰੇਮ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੀ ਸੋਚ ਅਤੇ ਕਰਮ ਰਾਹੀਂ ਜਾਤ-ਪਾਤ, ਭੇਦਭਾਵ ਅਤੇ ਜ਼ੁਲਮ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਸਮਾਜ ਨੂੰ ਏਕਤਾ ਦਾ ਸੁਨੇਹਾ ਦਿੱਤਾ।
ਰਾਣਾ ਗੁਰਜੀਤ ਸਿੰਘ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ, ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਨ ਅਤੇ ਸਮਾਜ ਵਿੱਚ ਆਪਸੀ ਸਦਭਾਵਨਾ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਬਣਾਉਣ।
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਪਹਿਲਾਂ ਨਾਲੋਂ ਵੀ ਵੱਧ ਜ਼ਰੂਰੀ ਹੈ, ਜੋ ਮਨੁੱਖਤਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਪ੍ਰੇਰਣਾ ਦਿੰਦਾ ਹੈ।