ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਨੇ ਤਲਵੰਡੀ ਸਾਬੋ ਪਾਵਰ ਲਿਮਿਟਿਡ ਤੋਂ ਵੱਖ-ਵੱਖ ਜਾਣਕਾਰੀਆਂ ਮੰਗੀਆਂ
ਅਸ਼ੋਕ ਵਰਮਾ
ਬਠਿੰਡਾ, 22 ਜਨਵਰੀ 2026 : ਸੰਘਰਸ਼ ਕਮੇਟੀ ਤਲਵੰਡੀ ਅਕਲੀਆ(ਤਲਵੰਡੀ ਸਾਬੋ ਮੋਰਚਾ) ਦੇ ਆਗੂਆਂ ਨੇ ਤਲਵੰਡੀ ਸਾਬੋ ਪਾਵਰ ਲਿਮਿਟਿਡ (ਥਰਮਲ ਪਲਾਂਟ ਬਣਾਂਵਾਲਾ) ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਵੱਖ-ਵੱਖ ਜਾਣਕਾਰੀਆਂ ਮੰਗੀਆਂ ਜਿਨ੍ਹਾਂ ਵਿੱਚ ਥਰਮਲ ਪਲਾਂਟ ਬਣਾਂਵਾਲਾ ਨੂੰ ਪ੍ਰਦੂਸ਼ਣ ਦੇ ਮਾਮਲੇ ਤੇ ਪਿਛਲੇ ਪੰਜ ਸਾਲਾਂ ਚ ਜਾਰੀ ਹੋਏ ਨੋਟਿਸ ਤੇ ਜੁਰਮਾਨਿਆਂ ਦਾ ਵੇਰਵਾ, ਥਰਮਲ ਦੇ ਕਰੀਬ 15 ਕਿਲੋਮੀਟਰ ਦੇ ਘੇਰੇ ਵਿੱਚ ਪਿਛਲੇ ਤਿੰਨ ਮਹੀਨਿਆਂ ਦਾ ਏਅਰ ਕੁਆਲਿਟੀ ਇੰਡੈਕਸ ਅਤੇ ਅਤੇ ਪਲਾਂਟ ਵੱਲੋਂ ਵਰਤੀਆਂ ਜਾਂਦੀਆਂ ਆਟੋਮੈਟਿਕ ਸਵੀਪਿੰਗ ਮਸ਼ੀਨਾਂ ਦੀ ਜਾਣਕਾਰੀ ਸ਼ਾਮਿਲ ਹੈ। ਇਸ ਤੋਂ ਇਲਾਵਾ ਸੰਘਰਸ਼ ਕਮੇਟੀ ਨੇ ਹੋਰ ਵੀ ਕਈ ਤਰ੍ਹਾਂ ਦੀ ਜਾਣਕਾਰੀ ਮੁਹਈਆ ਕਰਵਾਉਣ ਲਈ ਕਿਹਾ ਹੈ।। ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਦੀਪ ਸਿੰਘ ਸਿੱਧੂ ਅਤੇ ਮੀਡੀਆ ਇੰਚਾਰਜ ਖੁਸ਼ਵੀਰ ਸਿੰਘ ਖਾਲਸਾ ਨੇ ਕਿਹਾ ਕਿ ਥਰਮਲ ਪ੍ਰਬੰਧਕਾਂ ਨੇ ਉਹਨਾਂ ਨੂੰ ਇਹ ਜਾਣਕਾਰੀ ਜਲਦੀ ਹੀ ਮੁਹਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਉਹਨਾਂ ਦੱਸਿਆ ਕਿ ਇਹ ਇਲਾਕਾ ਪਹਿਲਾਂ ਤੋਂ ਹੀ ਪ੍ਰਦੂਸ਼ਣ ਦੀ ਮਾਰ ਝੱਲ ਰਿਹਾ ਹੈ ਅਤੇ ਉੱਪਰੋਂ ਨਵੀਂ ਸੀਮੈਂਟ ਫੈਕਟਰੀ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜੋ ਲੋਕਾਂ ਨੂੰ ਪ੍ਰਵਾਨ ਨਹੀਂ ਹੈ। ਸੰਘਰਸ਼ ਕਮੇਟੀ ਆਗੂ ਕਾਕਾ ਸਿੰਘ ਨੇ ਕਿਹਾ ਕਿ ਜੇਕਰ ਇਹ ਪ੍ਰਸਤਾਵਿਤ ਸੀਮੈਂਟ ਫੈਕਟਰੀ ਲੱਗ ਜਾਂਦੀ ਹੈ ਤਾਂ ਇਨ੍ਹਾਂ ਪਿੰਡਾਂ ਦਾ ਉਜਾੜਾ ਤੈਅ ਹੈ। ਉਨ੍ਹਾਂ ਵਾਤਾਵਰਨ ਪ੍ਰੇਮੀਆਂ , ਕਿਸਾਨ ਜਥੇਬੰਦੀਆਂ ਅਤੇ ਲੋਕ ਪੱਖੀ ਧਿਰਾਂ ਨੂੰ ਇਹ ਉਜਾੜਾ ਰੋਕਣ ਲਈ ਸੰਘਰਸ਼ ਕਮੇਟੀ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ। ਸੰਘਰਸ਼ ਕਮੇਟੀ ਦੇ ਸਕੱਤਰ ਮਨਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਤਲਵੰਡੀ ਸਾਬੋ ਮਾਨਸਾ ਸੜਕ ਥਰਮਲ ਦੀ ਸੁਆਹ ਲਜਾਣ ਵਾਲੇ ਟਰੱਕਾਂ ਨੇ ਤੋੜ ਦਿੱਤੀ ਹੈ ਜਿਸ ਦੇ ਚਲਦਿਆਂ ਰੋਜਾਨਾ ਹੀ ਹਾਦਸੇ ਵਾਪਰ ਰਹੇ ਹਨ। ਸੰਘਰਸ਼ ਕਮੇਟੀ ਦੇ ਮੀਤ ਪ੍ਰਧਾਨ ਗੁਰਮੇਲ ਸਿੰਘ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪ੍ਰਦੂਸ਼ਣ ਲਈ ਜਿੰਮੇਵਾਰ ਕਾਰਪੋਰੇਟ ਘਰਾਣਿਆਂ ਖਿਲਾਫ ਲੜਾਈ ਲੜ ਰਹੇ ਹਨ ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕੰਨ ਤੇ ਜੂਨ ਨਹੀਂ ਸਰਕ ਰਹੀ ਹੈ। ਇਹਨਾਂ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਪੰਜਾਬ ਸਰਕਾਰ ਖਿਲਾਫ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।