ਸੰਯੁਕਤ ਕਿਸਾਨ ਮੋਰਚੇ ਵਲੋਂ ਡੀ. ਸੀ ਦਫਤਰ ਅੱਗੇ ਧਰਨਾ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 23 ਦਸੰਬਰ ,2024
ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਦੇਸ਼ ਦੀ ਰਾਸ਼ਟਰਪਤੀ ਦਰੋਪਤੀ ਮੁਰਮੂ ਦੇ ਨਾਂਅ ਮੰਗ ਪੱਤਰ ਏ.ਡੀ.ਸੀ ਨੂੰ ਸੌਂਪਿਆ ਗਿਆ l ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਵੜੈਚ,ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਸੁਖਵਿੰਦਰ ਸਿੰਘ ਬੱਲੋਵਾਲ ਆਲ ਇੰਡੀਆ ਕਿਸਾਨ ਸਭਾ ਦੇ ਆਗੂ ਜੁਝਾਰ ਸਿੰਘ , ਭਾਰਤੀ ਕਿਸਾਨ ਯੂਨੀਅਨ( ਲੱਖੋਵਾਲ )ਦੇ ਆਗੂ ਰਣਜੀਤ ਸਿੰਘ ਰਟੈਂਡਾ, ਕੌਮੀ ਕਿਸਾਨ ਯੂਨੀਅਨ ਦੇ ਆਗੂ ਨਿਰਮਲ ਸਿੰਘ ਔਜਲਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਸੰਤੋਖ ਸਿੰਘ, ਜਮਹੂਰੀ ਕਿਸਾਨ ਸਭਾ ਦੇ ਆਗੂ ਕੁਲਦੀਪ ਸਿੰਘ ਦੌੜਕਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਸੰਘਰਸ਼ ਕਰਦੇ ਫੋਰਮਾਂ ਨਾਲ਼ ਗੱਲ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਦਿੱਲੀ ਜਾਣ ਦੀ ਤੁਰੰਤ ਖੁੱਲ੍ਹ ਦਿੱਤੀ ਜਾਵੇ l ਉਨ੍ਹਾਂ ਹੱਕੀ ਤੇ ਜਾਇਜ਼ ਮੰਗਾਂ ਲਈ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਅਪਣੇ ਦੇਸ਼ ਦੀ ਰਾਜਧਾਨੀ ਵਿੱਚ ਦਾਖ਼ਲ ਹੋਣ ਤੋਂ ਰੋਕਣ ਦਾ ਕਿਸੇ ਨੂੰ ਕੋਈ ਹੱਕ ਨਹੀਂ ਇਹ ਲੋਕਾਂ ਦਾ ਜਮਹੂਰੀ ਹੱਕ ਹੈ l ਉਨ੍ਹਾਂ ਕੌਮੀ ਖੇਤੀ ਨੀਤੀ ਖਰੜਾ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ l ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਅਸਿੱਧੇ ਢੰਗ ਨਾਲ਼ ਕੇਂਦਰ ਲਾਗੂ ਕਰਨਾ ਚਾਹੁੰਦਾ ਹੈ ਜਿਹੜਾ ਹਰਗਿਜ਼ ਨਹੀਂ ਹੋਣ ਦਿੱਤਾ ਜਾਵੇਗਾ l
ਉਨ੍ਹਾਂ ਕਿਹਾ ਭਾਰਤ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਆਵੇ ਅਤੇ ਕੇਂਦਰ ਸਾਰੀਆਂ ਫਸਲਾਂ ਤੇ ਐਮ ਐਸ ਪੀ ਦੀ ਗਾਰੰਟੀ ਦਿੰਦਾ ਕਾਨੂੰਨ ਬਣਾਵੇ l ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਜੋ ਵਾਹਦੇ ਕਿਸਾਨ ਅੰਦੋਲਨ ਦੌਰਾਨ ਕੀਤੇ ਉਨ੍ਹਾਂ ਵਿੱਚੋਂ ਇਕ ਨੂੰ ਵੀ ਪੂਰਾ ਨਹੀਂ ਕੀਤਾ ਉਲਟਾ ਕਿਸਾਨਾਂ ਉੱਤੇ ਤਸ਼ੱਦਦ ਕਰਨ ਦੀ ਨੀਤੀ ਅਪਣਾਈ ਹੋਈ ਹੈ ।ਉਨ੍ਹਾਂ ਮੰਗ ਕੀਤੀ ਕਿ ਤੁਰੰਤ ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ ਗਿਫਤਾਰ ਕੀਤੇ ਧਾਰਾ 109 ਲਗਾ ਕੇ ਪਿਛਲੇ 21 ਦਿਨਾਂ ਤੋਂ ਲਸਕਰ ਠਾਣੇ ਵਿਚ ਬੰਦ 112 ਕਿਸਾਨਾਂ ਨੂੰ ਰਿਹਾ ਕੀਤਾ ਜਾਵੇ ਅਤੇ ਕਿਸਾਨਾਂ ਤੇ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਤੇ ਕਾਰਵਾਈ ਕੀਤੀ ਜਾਵੇ l ਉਨ੍ਹਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ ਦੀ ਮੰਗ ਕੀਤੀ ।ਉਨ੍ਹਾਂ ਬਿਜਲੀ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਖੇਤੀ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਲਈ ਪੱਬਾਂ ਭਾਰ ਹੋਈ ਪਈ ਹੈ। ਉਪਰੋਕਤ ਆਗੂਆਂ ਤੋਂ ਇਲਾਵਾ ਧਰਨੇ ਨੂੰ ਸੁਰਿੰਦਰ ਸਿੰਘ ਮਹਿਰਮਪੁਰ, ਤਰਸੇਮ ਸਿੰਘ ਬੈਂਸ, ਪਰਮਜੀਤ ਸਿੰਘ ਸੰਘਾ, ਕਿਰਤੀ ਕਿਸਾਨ ਯੂਨੀਅਨ ਇਸਤਰੀ ਵਿੰਗ ਆਗੂ ਸੁਰਜੀਤ ਕੌਰ ਉਟਾਲ,ਪਰਮਜੀਤ ਕੌਰ ਮੀਰਪੁਰਜੱਟਾਂ, ਚਰਨਜੀਤ ਸਿੰਘ ਦੌਲਤਪੁਰ,ਸੋਹਣ ਸਿੰਘ ਅਟਵਾਲ, ਬਿੱਕਰ ਸਿੰਘ ਸ਼ੇਖੂਪੁਰਬਾਗ, ਮੱਖਣ ਸਿੰਘ ਭਾਨਮਾਜ਼ਾਰਾ, ਮਹਾਂ ਸਿੰਘ ਰੌੜੀ, ਪ੍ਰੇਮ ਰੱਕੜ, ਹਰਪਾਲ ਸਿੰਘ ਜਗਤਪੁਰ, ਸਤਨਾਮ ਸਿੰਘ ਸੁੱਜੋਂ, ਸੋਢੀ ਰਾਮ, ਬਲਵੰਤ ਸਿੰਘ ਕਾਦੀਆਂ, ਜਸਕੰਵਲ ਸਿੰਘ ਤਲਵੰਡੀ, ਪਵਨ ਸ਼ਰਮਾ ,ਹਰਵਿੰਦਰ ਸਿੰਘ ਚਾਹਲ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ l