ਹੁਣ ਸਿਰਫ਼ ਡਿਗਰੀ ਨਹੀਂ, ਮਹਾਰਤ ਵੀ:
ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਲਈ ਪੀ ਏ ਯੂ ਰੀਜਨਲ ਸੈਂਟਰ ਵਿੱਚ ਵਿਸ਼ੇਸ਼ ਅਪਲਾਈਡ ਟ੍ਰੇਨਿੰਗ
ਰੋਹਿਤ ਗੁਪਤਾ
ਗੁਰਦਾਸਪੁਰ, 1 ਜੂਨ
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਰੀਜਨਲ ਸੈਂਟਰ ਗੁਰਦਾਸਪੁਰ ਵਿਖੇ ਅੱਜ ਸਰਕਾਰੀ ਕਾਲਜ ਗੁਰਦਾਸਪੁਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਦਰਮਿਆਨ ਇੱਕ ਮਹੱਤਵਪੂਰਨ ਮੀਟਿੰਗ ਹੋਈ, ਜਿਸ ਦੌਰਾਨ ਸਰਕਾਰੀ ਕਾਲਜ ਗੁਰਦਾਸਪੁਰ ਦੇ ਬੀ.ਐਸ.ਸੀ. (ਮੈਡੀਕਲ) ਦੇ ਪੰਜਵੇਂ ਅਤੇ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਲਈ ਕਰਵਾਈ ਜਾਣ ਵਾਲੀ 15 ਦਿਨਾਂ ਵਿਸ਼ੇਸ਼ ਸਿਖਲਾਈ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ ਅਤੇ ਟ੍ਰੇਨਿੰਗ ਮੋਡਿਊਲ ਨੂੰ ਅੰਤਿਮ ਰੂਪ ਦਿੱਤਾ ਗਿਆ।
ਮੀਟਿੰਗ ਵਿੱਚ ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੀਜਨਲ ਸੈਂਟਰ ਗੁਰਦਾਸਪੁਰ ਦੇ ਡਾਇਰੈਕਟਰ ਡਾ. ਐਚ. ਐਸ. ਰੰਧਾਵਾ, ਪ੍ਰੋਫੈਸਰ ਡਾ. ਜੋਹਰ ਸਿੰਘ ਸੈਣੀ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਇਸ ਮੌਕੇ 'ਤੇ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਸਮੂਹ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਨੂੰ ਆਪਣੇ ਕੈਂਪਸ ਵਿੱਚ 15 ਦਿਨਾਂ ਦੀ ਵਿਸ਼ੇਸ਼ ਸਿਖਲਾਈ ਦੇਣ ਲਈ ਸਹਿਮਤੀ ਅਤੇ ਪ੍ਰਵਾਨਗੀ ਦੇਣਾ ਇੱਕ ਇਤਿਹਾਸਕ ਫੈਸਲਾ ਹੈ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ 1 ਜੁਲਾਈ 2026 ਤੋਂ ਸ਼ੁਰੂ ਹੋਵੇਗੀ ਅਤੇ ਇਸ ਵਿੱਚ ਲਗਭਗ 100 ਵਿਦਿਆਰਥੀ ਭਾਗ ਲੈਣਗੇ।
ਡਾ. ਭੱਲਾ ਨੇ ਕਿਹਾ ਕਿ ਇਹ ਟ੍ਰੇਨਿੰਗ ਵਿਦਿਆਰਥੀਆਂ ਵਿੱਚ ਐਂਟਰਪ੍ਰਨਿਊਰਸ਼ਿਪ ਮਾਈਂਡਸੈੱਟ ਵਿਕਸਿਤ ਕਰਨ, ਵਿਗਿਆਨ ਅਤੇ ਖੇਤੀਬਾੜੀ ਨਾਲ ਜੁੜੇ ਵਿਹਾਰਕ ਗਿਆਨ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਨਵੇਂ ਮੌਕਿਆਂ ਨਾਲ ਜੋੜਨ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਧੰਦਿਆਂ ਬਾਰੇ ਵਿਹਾਰਕ ਜਾਣਕਾਰੀ ਮਿਲੇਗੀ, ਜਿਸ ਨਾਲ ਉਹ ਭਵਿੱਖ ਵਿੱਚ ਆਪਣੀ ਆਜੀਵਿਕਾ ਕਮਾਉਣ ਲਈ ਹੋਰ ਸਮਰੱਥ ਬਣ ਸਕਣਗੇ। ਇਸ ਤੋਂ ਇਲਾਵਾ, ਬੀ.ਐਸ.ਸੀ. ਦੀ ਪੜ੍ਹਾਈ ਤੋਂ ਬਾਅਦ ਵੱਖ-ਵੱਖ ਉੱਚ ਕੋਟੀ ਦੇ ਕੋਰਸਾਂ ਵਿੱਚ ਦਾਖਲਾ ਲੈਣ ਲਈ ਵੀ ਇਹ ਸਿਖਲਾਈ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਲਾਭ ਪਹੁੰਚਾਏਗੀ।
ਉਨ੍ਹਾਂ ਅੱਗੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ ਅਧੀਨ ਵਿਦਿਆਰਥੀਆਂ ਲਈ ਲਾਜ਼ਮੀ ਇੰਟਰਨਸ਼ਿਪ ਅਤੇ ਸਕਿੱਲ ਅਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਇਹ ਟ੍ਰੇਨਿੰਗ ਇੱਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਇਸ ਉਪਰਾਲੇ ਨੂੰ "ਸਰਕਾਰੀ ਕਾਲਜ ਗੁਰਦਾਸਪੁਰ ਦਾ ਉੱਚ ਸਿੱਖਿਆ ਕ੍ਰਾਂਤੀ ਵੱਲ ਨਿਵੇਕਲਾ ਕਦਮ" ਕਰਾਰ ਦਿੱਤਾ।
ਇਸ ਮੌਕੇ 'ਤੇ ਬੋਲਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੀਜਨਲ ਸੈਂਟਰ ਗੁਰਦਾਸਪੁਰ ਦੇ ਡਾਇਰੈਕਟਰ ਡਾ. ਐਚ. ਐਸ. ਰੰਧਾਵਾ ਨੇ ਕਿਹਾ ਕਿ ਯੂਨੀਵਰਸਿਟੀ ਦੇ ਕੈਂਪਸ ਵਿੱਚ ਮੌਜੂਦ ਅਤਿ-ਆਧੁਨਿਕ ਸਹੂਲਤਾਂ ਦਾ ਵਿਦਿਆਰਥੀਆਂ ਨੂੰ ਭਰਪੂਰ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਨੂੰ ਬੀ-ਕੀਪਿੰਗ, ਬਾਗਬਾਨੀ ਤਕਨੀਕਾਂ, ਮਿੱਟੀ ਜਾਂਚ, ਪਾਣੀ ਜਾਂਚ, ਮੌਸਮ ਵਿਗਿਆਨ ਅਤੇ ਵੇਦਰ ਸਟੇਸ਼ਨ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਜਾਵੇਗੀ।
ਡਾ. ਰੰਧਾਵਾ ਨੇ ਕਿਹਾ ਕਿ ਇਸ ਟ੍ਰੇਨਿੰਗ ਲਈ ਵਿਸ਼ੇਸ਼ ਮੋਡਿਊਲ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਯੂਨੀਵਰਸਿਟੀ ਦੇ ਤਜਰਬੇਕਾਰ ਅਧਿਆਪਕ ਵਿਦਿਆਰਥੀਆਂ ਨੂੰ ਕਲਾਸਰੂਮ ਸਿੱਖਿਆ ਦੇ ਨਾਲ-ਨਾਲ ਅਪਲਾਈਡ ਅਤੇ ਫੀਲਡ ਅਧਾਰਿਤ ਸਿਖਲਾਈ ਵੀ ਪ੍ਰਦਾਨ ਕਰਨਗੇ। ਇਸ ਨਾਲ ਵਿਦਿਆਰਥੀ ਵਿਗਿਆਨ ਦੇ ਅਸਲ ਜੀਵਨ ਅਤੇ ਖੇਤੀਬਾੜੀ ਖੇਤਰ ਵਿੱਚ ਵਰਤੋਂਯੋਗ ਪੱਖਾਂ ਨੂੰ ਸਮਝ ਸਕਣਗੇ।
ਇਸ ਮੌਕੇ 'ਤੇ ਬੋਲਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਜੋਹਰ ਸਿੰਘ ਸੈਣੀ ਨੇ ਕਿਹਾ ਕਿ ਇਸ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕੇਵਲ ਸਿਧਾਂਤਕ ਜਾਣਕਾਰੀ ਹੀ ਨਹੀਂ ਸਗੋਂ ਹੱਥੀਂ ਕੰਮ ਕਰਵਾ ਕੇ ਅਪਲਾਈਡ ਸਿੱਖਿਆ ਵੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਤੀਬਾੜੀ ਅਤੇ ਖੇਤੀ ਨਾਲ ਸੰਬੰਧਿਤ ਵੱਖ-ਵੱਖ ਧੰਦਿਆਂ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਉਹ ਅਸਲ ਜੀਵਨ ਵਿੱਚ ਇਨ੍ਹਾਂ ਤਕਨੀਕਾਂ ਦੀ ਵਰਤੋਂ ਨੂੰ ਸਮਝ ਸਕਣ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਮੌਸਮ ਵਿਗਿਆਨ, ਮੌਸਮ ਦੇ ਖੇਤੀਬਾੜੀ ਉੱਤੇ ਪ੍ਰਭਾਵ, ਮਿੱਟੀ ਜਾਂਚ (ਸੋਇਲ ਟੈਸਟਿੰਗ), ਪਾਣੀ ਦੀ ਗੁਣਵੱਤਾ ਅਤੇ ਵਾਟਰ ਮੈਨੇਜਮੈਂਟ ਸਿਸਟਮਾਂ ਨਾਲ ਸੰਬੰਧਿਤ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਵਿਦਿਆਰਥੀਆਂ ਨੂੰ ਇਨ੍ਹਾਂ ਖੇਤਰਾਂ ਵਿੱਚ ਵਿਸ਼ੇਸ਼ ਮਹਾਰਤ ਪ੍ਰਦਾਨ ਕਰਨਗੇ ਤਾਂ ਜੋ ਉਹ ਭਵਿੱਖ ਵਿੱਚ ਉੱਚ ਸਿੱਖਿਆ, ਖੋਜ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰ ਸਕਣ।
ਇਸ ਮੌਕੇ 'ਤੇ ਸਮਰਪਣ ਸੋਸਾਇਟੀ ਗੁਰਦਾਸਪੁਰ ਦੇ ਸਕੱਤਰ ਸ੍ਰੀ ਪਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਮਰਪਣ ਸੋਸਾਇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਟ੍ਰੇਨਿੰਗ ਦੇਣ ਵਾਲੇ ਅਧਿਆਪਕਾਂ ਨੂੰ ਵੀ ਪ੍ਰਸ਼ੰਸਾ ਪੱਤਰ ਭੇਂਟ ਕੀਤੇ ਜਾਣਗੇ।
- Download Babushahi App
-
-