ਜ਼ਿਲ੍ਹਾ ਪ੍ਰਸ਼ਾਸਨ 14 ਜੂਨ ਨੂੰ ਲਗਾਵੇਗਾ ਵਿਸ਼ੇਸ਼ ਖੂਨਦਾਨ ਕੈਂਪ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਖ਼ੂਨਦਾਨ ਕੈਂਪ ਵਿੱਚ ਵਧ-ਚੜ ਕੇ ਹਿੱਸਾ ਲੈਣ ਦੀ ਅਪੀਲ
ਰੋਹਿਤ ਗੁਪਤਾ
ਗੁਰਦਾਸਪੁਰ, 13 ਜੂਨ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਨਿਰਦੇਸ਼ਾਂ ਤਹਿਤ ਵਿਸ਼ਵ ਖੂਨ ਦਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਿਹਤ ਵਿਭਾਗ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਬਲੱਡ ਡੋਨੇਸ਼ਨ ਸੋਸਾਇਟੀਆਂ ਦੇ ਸਹਿਯੋਗ ਨਾਲ 14 ਜੂਨ 2025 ਨੂੰ ਸਵੇਰੇ 10:00 ਵਜੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਬਥਵਾਲਾ ਬਾਈਪਾਸ, ਗੁਰਦਾਸਪੁਰ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਇਸ ਖੂਨ ਦਾਨ ਕੈਂਪ ਵਿੱਚ ਹਿੱਸਾ ਲੈਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨਾ ਇੱਕ ਬਹੁਤ ਮਹਾਨ ਦਾਨ ਹੈ ਅਤੇ ਇਸ ਨਾਲ ਕਈ ਬੇਸ਼ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ 14 ਜੂਨ ਨੂੰ ਵਿਸ਼ਵ ਖੂਨ ਦਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਥੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ ਓਥੇ ਇਸ ਤੋਂ ਬਾਅਦ ਜ਼ਿਲ੍ਹੇ ਵਿੱਚ ਹੋਰ ਵੀ ਖੂਨਦਾਨ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ੂਨ ਦਾਨ ਵਰਗੇ ਮਹਾਨ ਕਾਰਜ ਲਈ ਵੱਧ-ਚੜ ਕੇ ਅੱਗੇ ਆਉਣ।