ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ
- ਪ੍ਰੋਜੈਕਟ 'ਜੀਵਨਜੋਤ ਬਚਪਨ ਬਚਾਓ' ਤਹਿਤ 17 ਬੱਚਿਆਂ ਨੂੰ ਕੀਤਾ ਰੈਸਕਿਊ
ਸੁਖਮਿੰਦਰ ਭੰਗੂ
ਲੁਧਿਆਣਾ, 12 ਜੁਲਾਈ 2025 - ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜ੍ਹੋਂ ਮਿਟਾਉਣ ਲਈ ਜ਼ਿਲ੍ਹੇ ਵਿੱਚ 7 ਤੋਂ 11 ਜੁਲਾਈ ਤੱਕ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਗਈਆਂ।
ਪ੍ਰੋਜੈਕਟ 'ਜੀਵਨਜੋਤ - ਬਚਪਨ ਬਚਾਓ' ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਦੇ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਪੁਲਿਸ ਵਿਭਾਗ ਅਤੇ ਸਿੱਖਿਆ ਵਿਭਾਗ ਵੱਲੋਂ ਸਾਂਝੇ ਤੋਰ 'ਤੇ ਵੱਖ-ਵੱਖ ਇਲਾਕਿਆਂ ਵਿੱਚ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਵਿਸ਼ੇਸ਼ ਅਭਿਆਨ ਦੌਰਾਨ 17 ਬੱਚਿਆਂ ਨੂੰ ਰੈਸਕਿਊ ਕਰਦਿਆਂ ਦਫ਼ਤਰ ਬਾਲ ਭਲਾਈ ਕਮੇਟੀ ਲਿਆਂਦਾ ਗਿਆ ਜਿੱਥੇ ਉਨ੍ਹਾਂ ਦੀ ਕਾਊਂਸਲਿੰਗ ਕੀਤੀ ਗਈ।
ਬਾਲ ਸੁਰੱਖਿਆ ਯੂਨਿਟ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਦੁਕਾਨਦਾਰਾਂ ਨੂੰ ਛੋਟੇ ਬੱਚਿਆਂ ਨੂੰ ਭੀਖ ਨਾ ਦੇਣ ਸਬੰਧੀ ਅਪੀਲ ਕੀਤੀ ਅਤੇ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਨਾਲ ਜੋੜਨ ਦੀ ਗੱਲ ਕੀਤੀ ਗਈ। ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ 'ਤੇ ਅਪਰਾਧ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕੀਤਾ ਜਾ ਸਕੇ।