ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ, ਨਿਰਧਾਰਤ ਸਮੇਂ ’ਚ ਮੁਕੰਮਲ ਕੀਤੇ ਜਾਣ: ADC
ਹੁਸ਼ਿਆਰਪੁਰ, 23 ਦਸੰਬਰ: ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕਾਰਜ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਾਇਜ਼ਾ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਕਿਹਾ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਨੇ ਵਿਭਾਗਾਂ ਦੇ ਮੁਖੀਆਂ ਤੋਂ ਕੰਮਕਾਜ ਦੀ ਜਾਣਕਾਰੀ ਹਾਸਲ ਕਰਦਿਆਂ ਜ਼ਿਲ੍ਹੇ ਵਿਚ ਬਣ ਰਹੀਆਂ ਵੱਖ-ਵੱਖ ਸਰਕਾਰੀ ਇਮਾਰਤਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਦੇ ਹੋਏ ਵਿਭਾਗ ਦੇ ਨਿਰਧਾਰਤ ਟੀਚਿਆਂ ਅਤੇ ਪ੍ਰਾਪਤ ਟੀਚਿਆਂ ਦੇ ਬਾਰੇ ਵਿਚ ਜਾਣਕਾਰੀ ਹਾਸਲ ਕੀਤੀ ਅਤੇ ਰਹਿੰਦੇ ਟੀਚਿਆਂ ਨੂੰ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਹਤ ਸੇਵਾਵਾਂ ਬਾਰੇ ਜ਼ਿਲ੍ਹੇ ਦੇ ਹਰ ਖੇਤਰ ਵਿਚ ਲੋਕਾਂ ਨੂੰ ਸਮੇਂ-ਸਮੇਂ ’ਤੇ ਜਾਗਰੂਕ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਡਲੀਵਰੀ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿਚ ਕਰਵਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਉਨ੍ਹਾਂ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਮੀਆਂ ਸਾਹਮਣੇ ਆਉਣ ’ਤੇ ਸਖ਼ਤ ਐਕਸ਼ਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਟੀ.ਬੀ ਦੀ ਬੀਮਾਰੀ ਦੇ ਇਲਾਜ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ।
ਸਕੂਲ ਸਿੱਖਿਆ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਉਨ੍ਹਾਂ ਨੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਉਚ ਪੱਧਰ ਦੀ ਸਿੱਖਿਆ ਦੇਣ ਲਈ ਚੁਣੇ ਗਏ ਸਕੂਲ ਆਫ਼ ਐਮੀਨੈਂਸ ਦੀ ਕਾਰਜਸ਼ੈਲੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮਿਡ-ਡੇਅ-ਮੀਲ ਤਹਿਤ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਦਾ ਵੀ ਵਿਸ਼ੇਸ਼ ਤੌਰ ’ਤੇ ਧਿਆਨ ਰੱਖਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਗਿੱਲੇ ਅਤੇ ਸੁੱਕੇ ਕੂੜੇ ਦੇ ਪ੍ਰਬੰਧਨ, ਆਵਾਸ ਯੋਜਨਾ, ਮਗਨਰੇਗਾ ਦੇ ਕੰਮਾਂ, ਜਲ ਸਪਲਾਈ ਅਤੇ ਸਵੱਛਤਾ ਕੰਮਾਂ, ਬੇਟੀ ਬਚਾਓ-ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨ, ਸਮਾਰਟ ਰਾਸ਼ਨ ਕਾਰਡ, ਸਮਾਰਟ ਵਿਲੇਜ਼ ਕੰਪੇਨ, ਜਲ ਜੀਵਨ ਮਿਸ਼ਨ ਦੀ ਵੀ ਸਮੀਖਿਆ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ’ਤੇ ਪੇਂਡੂ ਵਿਕਾਸ ਜਲ ਸਪਲਾਈ, ਸਵੱਛਤਾ, ਸੜਕ ਨਿਰਮਾਣ, ਸਿੱਖਿਆ, ਸਿਹਤ ਅਤੇ ਖੇਡ ਵਿਭਾਗ ਨਾਲ ਸਬੰਧਤ ਪ੍ਰੋਜੈਕਟਾਂ ਦੀ ਰਫਤਾਰ ’ਚ ਹੋਰ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਟਾਂਡਾ ਦੇ ਐਸ.ਡੀ.ਐਮ ਪੰਕਜ ਕੁਮਾਰ, ਮੁਕੇਰੀਆਂ ਦੇ ਐਸ.ਡੀ.ਐਮ ਕੰਵਲਜੀਤ ਸਿੰਘ, ਗੜ੍ਹਸ਼ੰਕਰ ਦੇ ਐਸ.ਡੀ.ਐਮ ਹਰਬੰਸ ਸਿੰਘ, ਐਸ.ਡੀ.ਐਮ ਸੰਜੀਵ ਕੁਮਾਰ ਸ਼ਰਮਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।