‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 105 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ
ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਦੁਗਨੀ ਦੇ 105 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਸਰਟੀਫਿਕੇਟ ਵੰਡੇ
ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰੇਕ ਵਰਗ ਨੂੰ ਉੱਚਾ ਚੁੱਕਣਾ: ਓ.ਐਸ.ਡੀ. ਸੁਖਵੀਰ ਸਿੰਘ
ਦਲਜੀਤ ਕੌਰ
ਧੂਰੀ, 10 ਅਪ੍ਰੈਲ, 2026: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਅੱਜ ਧੂਰੀ ਦੇ ਪਿੰਡ ਦੁਗਨੀ ਵਿਖੇ ਇੱਕ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ 105 ਲਾਭਪਾਤਰੀ ਪਰਿਵਾਰਾਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਸੌਂਪੇ। ਸਮਾਗਮ ਦੌਰਾਨ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੀ ਹਾਜ਼ਰ ਰਹੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ, "ਕਈ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਉਹਨਾਂ ਕੋਲ ਕੋਈ ਵੀ ਕਾਨੂੰਨੀ ਦਸਤਾਵੇਜ਼ ਜਾਂ ਮਾਲਕਾਨਾ ਹੱਕ ਨਹੀਂ ਸੀ। ਇਸ ਕਾਰਨ ਉਹਨਾਂ ਨੂੰ ਬੈਂਕ ਲੋਨ ਲੈਣ ਜਾਂ ਘਰ ਵੇਚਣ-ਖਰੀਦਣ ਵੇਲੇ ਵੱਡੀਆਂ ਦਿੱਕਤਾਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਅਜਿਹੇ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।
ਉਹਨਾਂ ਅੱਗੇ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਆਪਣੇ ਘਰ ਦਾ ਪੂਰਾ ਹੱਕ ਮਿਲ ਗਿਆ ਹੈ, ਜਿਸ ਨਾਲ ਉਹਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਮਜ਼ਬੂਤ ਹੋਈ ਹੈ।
ਇਸ ਮੌਕੇ ਹਾਜ਼ਰ ਐਸ.ਡੀ.ਐਮ. ਧੂਰੀ ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਸਰਵੇ ਮੁਕੰਮਲ ਕਰਕੇ ਇਹ ਸਰਟੀਫਿਕੇਟ ਤਿਆਰ ਕੀਤੇ ਗਏ ਹਨ ਤਾਂ ਜੋ ਹਰ ਯੋਗ ਵਿਅਕਤੀ ਨੂੰ ਇਸ ਦਾ ਲਾਭ ਮਿਲ ਸਕੇ।
ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਦੇ ਚਿਹਰਿਆਂ 'ਤੇ ਖੁਸ਼ੀ ਸਾਫ ਝਲਕ ਰਹੀ ਸੀ। ਉਹਨਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਕਈ ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ਮੌਜੂਦਾ ਸਰਕਾਰ ਨੇ ਕਰ ਦਿਖਾਇਆ ਹੈ।
ਇਸ ਮੌਕੇ ਬਲਾਕ ਸੰਮਤੀ ਮੈਂਬਰ ਅਮਰਦੀਪ ਸਿੰਘ ਧਾਂਦਰਾ, ਅਜਗਰ ਖਾਨ, ਜਸਪਿੰਦਰ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
Click to Follow Babushahi Facebook page →