ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਪ੍ਰਗਤੀ ਦਾ ਲਿਆ ਜਾਇਜ਼ਾ
*ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਵਿੱਚ ਲੰਬਿਤ ਕੰਮ ਮੁਕੰਮਲ ਕਰਨ ਦੇ ਨਿਰਦੇਸ਼*
ਪ੍ਰਮੋਦ ਭਾਰਤੀ
ਨਵਾਂਸ਼ਹਿਰ 23 ਜਨਵਰੀ ,2026
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਪਣੇ ਦਫ਼ਤਰ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਸਵਾਮਿਤਵ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਯੋਜਨਾਵਾਂ ਅਤੇ ਲੰਬਿਤ ਕੰਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਵਿੱਚ ਲੰਬਿਤ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਤੀਰਥ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਮੁਨਾਦੀ ਰਾਹੀਂ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਨਾਦੀ ਕਰਵਾਉਣ ਤੋਂ ਬਾਅਦ ਯਾਤਰੀਆਂ ਦੀ ਰਜਿਸਟ੍ਰੇਸ਼ਨ ਦਾ ਕੰਮ ਕੀਤਾ ਜਾਵੇਗਾ। ਰਜਿਸਟ੍ਰੇਸ਼ਨ ਸਬੰਧੀ ਫਾਰਮ ਬੂਥ ਪੱਧਰ ਉੱਤੇ ਭਰਵਾਏ ਜਾਣਗੇ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰਨ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯੋਗ ਹੋਣਗੇ। ਇਸ ਲਈ ਰਜਿਸਟ੍ਰੇਸ਼ਨ ਵਾਸਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਹਰੇਕ ਰਜਿਸਟਰਡ ਵਿਅਕਤੀਆਂ ਵਿਚੋਂ ਹਰੇਕ ਬੂਥ ਤੋਂ ਡਰਾਅ ਰਾਹੀਂ ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਬੰਧਤ ਏਜੰਸੀ ਨਾਲ ਤਾਲਮੇਲ ਕਰਕੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਸਾਂ ਦੇ ਸਡਿਊਲ ਅਨੁਸਾਰ ਯਾਤਰਾ ਦੇ ਯੋਗ ਪ੍ਰਬੰਧਾਂ ਨੂੰ ਯਕੀਨੀ ਬਣਾਉਣ।
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਨਾਗਰਿਕਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ ਜਿਸ ਅਧੀਨ ਹਰੇਕ ਨਾਗਰਿਕ ਨੂੰ ਕਵਰ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਲਾਭਪਾਤਰੀਆਂ ਦੇ ਸਿਹਤ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਇੰਪੈਨਲਡ ਹਸਪਤਾਲਾਂ ਵਿਚ ਲਾਭਪਾਤਰੀ ਅਪਣਾ ਇਲਾਜ ਕਰਵਾ ਕੇ ਇਸ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਕਾਰਡ ਬਣਾਉਣ ਲਈ ਹਰ ਪਿੰਡ ’ਚ ਕੈਂਪ ਲਾਏ ਜਾਣਗੇ ਤੇ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਬਿਨਾਂ ਕਿਸੇ ਫੀਸ ਦੇ ਕਾਰਡ ਬਣਾਏ ਜਾਣਗੇ। ਰਜਿਸਟ੍ਰੇਸ਼ਨ ਲਈ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਆਧਾਰ ਕਾਰਡ ਤੇ ਵੋਟਰ ਕਾਰਡ, ਜਦਕਿ 18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਆਧਾਰ ਕਾਰਡ, ਜਨਮ ਸਰਟੀਫਿਕੇਟ ਤੇ ਮਾਤਾ ਜਾਂ ਪਿਤਾ ਦਾ ਵੋਟਰ ਕਾਰਡ ਲਾਜ਼ਮੀ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਸਵਾਮਿਤਵ ਤਹਿਤ ਚੱਲ ਰਹੀ ਮੈਪਿੰਗ, ਗਰਾਊਂਡ ਟੂਟਿੰਗ, ਮੁਸਾਵੀ-ਕੈਡਸਟ੍ਰਲ ਡਿਜੀਟਾਈਜ਼ੇਸ਼ਨ, ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਹਫ਼ਤੇ ਦੇ ਅੰਦਰ–ਅੰਦਰ ਲੰਬਿਤ ਮੈਪਿੰਗ, ਗਰਾਊਂਡ ਟੂਟਿੰਗ ਆਦਿ ਦੇ ਕੰਮ ਨੂੰ ਮੁਕੰਮਲ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਅਧਿਕਾਰੀਆਂ ਨੂੰ ਤੈਅ ਸੀਮਾ ਦੌਰਾਨ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮਿਥੇ ਟੀਚਿਆ ਨੂੰ ਪ੍ਰਾਪਤ ਕੀਤਾ ਜਾ ਸਕੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇ.ਵਿ) ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ, ਐਸ.ਡੀ.ਐਮ. ਬਲਾਚੌਰ ਕ੍ਰਿਤਿਕਾ ਗੋਇਲ, ਐਸ.ਡੀ.ਐਮ ਬੰਗਾ ਵਿਪਨ ਭੰਡਾਰੀ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਸਿੰਘ ਮਾਨ, ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ, ਪੀ.ਏ.ਟੂ ਡੀ.ਸੀ ਜਸਬੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।