DC ਵੱਲੋਂ ਐਸ.ਬੀ.ਐਸ. ਨਗਰ 'ਚ SIR ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਨੋਡਲ ਅਫ਼ਸਰ ਨਿਯੁਕਤ
ਸਪੈਸ਼ਲ ਇੰਨਟੈਂਸਿਵ ਰਿਵੀਜ਼ਨ ਪ੍ਰਕਿਰਿਆ ਦੌਰਾਨ ਲੋਕਾਂ ਦੀ ਸਹੂਲਤ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼
ਪ੍ਰਮੋਦ ਭਾਰਤੀ
ਨਵਾਂਸ਼ਹਿਰ 27 ਮਈ , 2026
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ।
ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮਰਪਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਸ਼੍ਰੀ ਔਲਖ ਨੇ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਸ਼ਿਕਾਇਤ ਨਿਵਾਰਣ, ਆਈ.ਟੀ. ਸਬੰਧੀ ਸਮੱਸਿਆਵਾਂ ਦੇ ਹੱਲ, ਟ੍ਰੇਨਿੰਗ ਪ੍ਰਬੰਧਨ, ਸਮੱਗਰੀ ਪ੍ਰਬੰਧਨ, ਸੋਸ਼ਲ ਮੀਡੀਆ ਤਾਲਮੇਲ, ਸਵੀਪ ਜਾਗਰੂਕਤਾ ਗਤੀਵਿਧੀਆਂ, ਐਸ.ਆਈ.ਆਰ. ਸਬੰਧੀ ਅਹਿਮ ਮੁੱਦਿਆਂ ਦੀ ਰਿਪੋਰਟਿੰਗ, ਕਾਨੂੰਨੀ ਮਾਮਲੇ, ਬੀ.ਐਲ.ਓਜ਼ ਦੀ ਭਲਾਈ ਅਤੇ ਹੈਲਪ ਡੈਸਕ ਸੰਚਾਲਨ ਵਰਗੇ ਮਹੱਤਵਪੂਰਨ ਕਾਰਜਾਂ ਦੀ ਨਿਗਰਾਨੀ ਕਰਨਗੇ।
ਉਨ੍ਹਾਂ ਦੱਸਿਆ ਕਿ ਬਿਹਤਰ ਤਾਲਮੇਲ ਅਤੇ ਰਿਵੀਜ਼ਨ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਹਾਇਕ ਨੋਡਲ ਅਫ਼ਸਰ ਵੀ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਟੀਮਾਂ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਲੋਕਾਂ ਦੀ ਸਹਾਇਤਾ ਵੀ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਯੋਗ ਵੋਟਰਾਂ ਨੂੰ ਦਸਤਾਵੇਜ਼ੀ ਅਤੇ ਤਸਦੀਕੀ ਕਾਰਵਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਪੂਰੀ ਤਨਦੇਹੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਸ਼੍ਰੀ ਔਲਖ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਜੀਵ ਸ਼ਰਮਾ ਵੱਲੋਂ ਸਾਰੀਆਂ ਨੋਡਲ ਟੀਮਾਂ ਦੇ ਕੰਮਕਾਜ ਅਤੇ ਪ੍ਰਗਤੀ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕਾਂ ਦੀ ਐਸ.ਆਈ.ਆਰ. ਸਬੰਧੀ ਸਮੱਸਿਆਵਾਂ ਦੇ ਹੱਲ ਲਈ ਇੱਕ ਸਮਰਪਿਤ ਹੈਲਪ ਡੈਸਕ ਅਤੇ ਸ਼ਿਕਾਇਤ ਸੈੱਲ ਵੀ ਸਥਾਪਿਤ ਕੀਤਾ ਜਾਵੇਗਾ।
- Download Babushahi App
-
-