DC ਵੱਲੋਂ ਸੜਕਾਂ 'ਤੇ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਦੇ ਹੁਕਮ ਜਾਰੀ
ਮਨਪ੍ਰੀਤ ਸਿੰਘ
ਰੂਪਨਗਰ, 05 ਜੂਨ:
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਜਨਤਕ ਸੁਰੱਖਿਆ ਸੜਕ ਸੁਰੱਖਿਆ ਅਤੇ ਵਾਤਾਵਰਣ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੀਜਨਲ ਟਰਾਂਸਪੋਰਟ ਅਫ਼ਸਰ, ਰੂਪਨਗਰ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕਈ ਅਜਿਹੇ ਵਾਹਨ ਸੜਕਾਂ 'ਤੇ ਚਲਾਏ ਜਾ ਰਹੇ ਹਨ ਜੋ ਮੋਟਰ ਵਹੀਕਲ ਐਕਟ, 1988 ਅਤੇ ਇਸ ਅਧੀਨ ਬਣੇ ਨਿਯਮਾਂ ਅਨੁਸਾਰ ਸੜਕਾਂ 'ਤੇ ਚੱਲਣ ਦੇ ਯੋਗ ਨਹੀਂ ਹਨ। ਅਜਿਹੇ ਵਾਹਨ ਨਾ ਸਿਰਫ਼ ਪ੍ਰਦੂਸ਼ਣ ਅਤੇ ਸੁਰੱਖਿਆ ਸੰਬੰਧੀ ਨਿਯਮਾਂ ਦੀ ਉਲੰਘਣਾ ਕਰਦੇ ਹਨ, ਸਗੋਂ ਕਈ ਮਾਮਲਿਆਂ ਵਿੱਚ ਗੰਭੀਰ ਸੜਕ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ, ਜਿਸ ਨਾਲ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਕਿਸੇ ਵੀ ਅਜਿਹੇ ਵਾਹਨ ਨੂੰ ਸੜਕਾਂ, ਪ੍ਰਾਈਵੇਟ ਮਾਰਕੀਟਾਂ ਜਾਂ ਹੋਰ ਜਨਤਕ ਥਾਵਾਂ 'ਤੇ ਚਲਾਉਣ 'ਤੇ ਪਾਬੰਦੀ ਲਗਾਈ ਗਈ ਹੈ ਜੋ ਮੋਟਰ ਵਹੀਕਲ ਐਕਟ, 1988 ਅਧੀਨ ਬਣੇ ਨਿਯਮਾਂ ਅਨੁਸਾਰ ਸੜਕਾਂ 'ਤੇ ਚੱਲਣ ਲਈ ਯੋਗ ਨਹੀਂ ਹਨ।
ਡਿਪਟੀ ਕਮਿਸ਼ਨਰ ਨੇ ਵਾਹਨ ਮਾਲਕਾਂ, ਪ੍ਰਬੰਧਕਾਂ, ਚਾਲਕਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਕਾਨੂੰਨੀ ਦਸਤਾਵੇਜ਼, ਫਿਟਨੈੱਸ, ਪ੍ਰਦੂਸ਼ਣ ਸਰਟੀਫਿਕੇਟ ਅਤੇ ਹੋਰ ਲਾਜ਼ਮੀ ਸ਼ਰਤਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਵਾਹਨ ਸੜਕਾਂ 'ਤੇ ਚਲਾਉਣ।
ਉਨ੍ਹਾਂ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ, ਰੂਪਨਗਰ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ਿਤ ਕੀਤਾ ਗਿਆ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
- Download Babushahi App
-
-