NRI ਸਭਾ ਪੰਜਾਬ ਦੀਆਂ ਚੋਣਾਂ: ਹਾਈਕੋਰਟ ਨੇ ਚੋਣ ਪ੍ਰਕਿਰਿਆ ਦੀ ਪ੍ਰਗਤੀ ਦਾ ਲਿਆ ਨੋਟਿਸ, ਜਲਦ ਹੋ ਸਕਦੈ ਚੋਣਾਂ ਦਾ ਐਲਾਨ
ਚੰਡੀਗੜ੍ਹ, 24 ਦਸੰਬਰ 2025- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਰਨ ਸਿੰਘ ਰੰਧਾਵਾ ਵੱਲੋਂ ਦਾਇਰ ਕੀਤੀ ਗਈ ਉਸ ਰਿੱਟ ਪਟੀਸ਼ਨ 'ਤੇ ਸੁਣਵਾਈ ਕੀਤੀ, ਜਿਸ ਵਿੱਚ NRI ਸਭਾ ਪੰਜਾਬ ਦੀਆਂ ਵੋਟਰ ਸੂਚੀਆਂ ਸਮੇਂ ਸਿਰ ਤਿਆਰ ਕਰਨ ਅਤੇ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਸੀ।
ਸੁਣਵਾਈ ਦੌਰਾਨ ਸੂਬਾ ਸਰਕਾਰ ਨੇ ਹਲਫ਼ਨਾਮੇ ਰਾਹੀਂ ਅਦਾਲਤ ਨੂੰ ਸੂਚਿਤ ਕੀਤਾ ਕਿ NRI ਸਭਾ ਦੀਆਂ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਅਦਾਲਤ ਨੂੰ ਦੱਸਿਆ ਗਿਆ ਕਿ ਕਮਿਸ਼ਨਰ ਜਲੰਧਰ ਡਿਵੀਜ਼ਨ-ਕਮ-ਚੇਅਰਮੈਨ NRI ਸਭਾ ਪੰਜਾਬ ਵੱਲੋਂ ਇੱਕ ਪ੍ਰਸਤਾਵਿਤ ਚੋਣ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ।
ਇਹ ਸ਼ਡਿਊਲ ਅੰਤਿਮ ਪ੍ਰਵਾਨਗੀ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜ ਦਿੱਤਾ ਗਿਆ ਹੈ, ਜੋ NRI ਸਭਾ ਪੰਜਾਬ ਦੇ ਮੁੱਖ ਸਰਪ੍ਰਸਤ (Chief Patron) ਵੀ ਹਨ। ਹਾਈਕੋਰਟ ਨੇ ਸਰਕਾਰ ਦੇ ਇਸ ਬਿਆਨ ਦਾ ਨੋਟ ਲਿਆ ਕਿ ਚੋਣ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।
ਇਸ ਫੈਸਲੇ ਦਾ ਸਵਾਗਤ ਕਰਦਿਆਂ ਕਰਨ ਸਿੰਘ ਰੰਧਾਵਾ ਨੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਨੇ ਚੋਣ ਪ੍ਰਕਿਰਿਆ ਨੂੰ ਗਤੀ ਦੇਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਸਿਰ ਚੋਣਾਂ ਕਰਵਾਉਣ ਨਾਲ Institutional governance ਮਜ਼ਬੂਤ ਹੋਵੇਗਾ ਅਤੇ NRI ਸਭਾ ਪੰਜਾਬ ਨਾਲ ਜੁੜੇ ਵਿਸ਼ਵ ਭਰ ਦੇ ਪ੍ਰਵਾਸੀ ਪੰਜਾਬੀ ਭਾਈਚਾਰੇ ਵਿੱਚ ਵਿਸ਼ਵਾਸ ਵਧੇਗਾ।