Nepal: ਸਾਬਕਾ PM ਗ੍ਰਿਫ਼ਤਾਰ
ਕਾਠਮੰਡੂ 28 ਮਾਰਚ, 2026: ਨੇਪਾਲ ਦੀ ਸਿਆਸਤ ਵਿੱਚ ਉਸ ਵੇਲੇ ਭੂਚਾਲ ਆ ਗਿਆ ਜਦੋਂ ਨਵੇਂ ਬਣੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਨੇ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਵੱਡੀ ਕਾਰਵਾਈ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਰੈਪਰ ਤੋਂ ਰਾਜਨੇਤਾ ਬਣੇ ਬਾਲੇਨ ਸ਼ਾਹ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਵਿਰੋਧੀਆਂ ਖ਼ਿਲਾਫ਼ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ, ਸਾਬਕਾ ਪ੍ਰਧਾਨ ਮੰਤਰੀ ਓਲੀ ਅਤੇ ਸਾਬਕਾ ਗ੍ਰਹਿ ਮੰਤਰੀ ਰਮੇਸ਼ ਲੇਖਕ ਨੂੰ 'Gen-Z' ਪ੍ਰਦਰਸ਼ਨਾਂ ਦੌਰਾਨ ਹੋਈਆਂ ਵਿਦਿਆਰਥੀਆਂ ਦੀਆਂ ਮੌਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਲੇਨ ਸ਼ਾਹ ਸਰਕਾਰ ਨੇ ਇਨ੍ਹਾਂ ਮੌਤਾਂ ਲਈ ਸਿੱਧੇ ਤੌਰ 'ਤੇ ਓਲੀ ਅਤੇ ਲੇਖਕ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਦਿਆਂ ਹੀ ਬਾਲੇਨ ਸ਼ਾਹ ਨੇ ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਜਾਂਚ ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਗਈ, ਜਿਸ ਦੇ ਆਧਾਰ 'ਤੇ ਦੋਵਾਂ ਦਿੱਗਜ ਨੇਤਾਵਾਂ ਨੂੰ ਹਿਰਾਸਤ ਵਿੱਚ ਲੈਣ ਦੇ ਆਦੇਸ਼ ਦਿੱਤੇ ਗਏ। ਬਾਲੇਨ ਸ਼ਾਹ ਦੀ ਇਸ ਕਾਰਵਾਈ ਨੂੰ ਦੇਸ਼ ਵਿੱਚ 'ਜਵਾਬਦੇਹੀ' ਤੈਅ ਕਰਨ ਦੀ ਦਿਸ਼ਾ ਵਿੱਚ ਇੱਕ ਬਹੁਤ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੂਰੇ ਨੇਪਾਲ ਵਿੱਚ ਸਿਆਸੀ ਮਾਹੌਲ ਭਖ ਗਿਆ ਹੈ। ਜਿੱਥੇ ਬਾਲੇਨ ਸ਼ਾਹ ਦੇ ਸਮਰਥਕ ਇਸ ਨੂੰ ਇਨਸਾਫ਼ ਦੀ ਜਿੱਤ ਦੱਸ ਰਹੇ ਹਨ, ਉੱਥੇ ਹੀ ਵਿਰੋਧੀ ਧਿਰ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦੇ ਰਹੀ ਹੈ। ਬਾਲੇਨ ਸ਼ਾਹ, ਜੋ ਕਿ ਪਹਿਲਾਂ ਕਾਠਮੰਡੂ ਦੇ ਮੇਅਰ ਵਜੋਂ ਆਪਣੀ ਵੱਖਰੀ ਪਛਾਣ ਬਣਾ ਚੁੱਕੇ ਹਨ, ਹੁਣ ਪ੍ਰਧਾਨ ਮੰਤਰੀ ਵਜੋਂ ਆਪਣੀ 'ਜ਼ੀਰੋ ਟਾਲਰੈਂਸ' ਨੀਤੀ ਕਾਰਨ ਚਰਚਾ ਵਿੱਚ ਹਨ।
Click to Follow Babushahi Facebook page →