Punjab News : ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ, ਪੜ੍ਹੋ ਪੂਰੀ ਖ਼ਬਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 17 ਸਤੰਬਰ, 2025 : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਬੁੱਧਵਾਰ ਨੂੰ ਨਵਾਂਸ਼ਹਿਰ ਦੇ ਤਿੰਨ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਾਰਜਕਾਰੀ ਪੀ.ਐੱਨ.ਡੀ.ਟੀ. ਕੋਆਡੀਨੇਟਰ ਸ੍ਰੀ ਹਰਨੇਕ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਦੱਸਿਆ ਕਿ ਪੀ.ਸੀ.-ਪੀ.ਐਨ.ਡੀ.ਟੀ. ਐਕਟ ਦਾ ਮੁੱਖ ਉਦੇਸ਼ ਜਨਮ ਤੋਂ ਪਹਿਲਾਂ ਦੇ ਲਿੰਗ ਨਿਰਧਾਰਨ ਟੈਸਟਾਂ ’ਤੇ ਪਾਬੰਦੀ ਲਗਾ ਕੇ ਮਾਦਾ ਭਰੂਣ ਹੱਤਿਆ ਨੂੰ ਰੋਕਣਾ ਹੈ। ਉਨ੍ਹਾਂ ਨੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਪ੍ਰਤੀਨਿਧੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀਆਂ ਧਾਰਾਵਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਕੇ ਭਰੂਣ ਹੱਤਿਆ ਵਰਗੀ ਅਲਾਮਤ ਨੂੰ ਨੱਥ ਪਾਈ ਜਾ ਰਹੀ ਹੈ। ਇਸ ਐਕਟ ਦਾ ਮੁੱਖ ਉਦੇਸ਼ ਭਰੂਣ ਦੇ ਲਿੰਗ ਨਿਰਧਾਰਨ 'ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਅੰਦਰ ਜੋ ਵੀ ਕੋਈ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।
ਡਾ. ਕਿਰਪਾਲ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਮਨੁੱਖਤਾ ਲਈ ਸ਼ਰਾਪ ਹੈ ਅਤੇ ਇਸ ਦੀ ਰੋਕਥਾਮ ਲਈ ਸਿਹਤ ਵਿਭਾਗ ਸਖਤ ਕਦਮ ਉਠਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ ਹੈ।
ਉਨ੍ਹਾਂ ਕਿਹਾ ਕਿ ਸਮਾਜ ਨੂੰ ਅੱਗੇ ਤੋਰਨ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਸਿੰਘ ਨੇ ਕਿਹਾ ਕਿ ਔਰਤਾਂ ਤੋਂ ਬਿਨਾਂ ਮਨੁੱਖੀ ਸਮਾਜ ਦੀ ਹੋਂਦ ਹੀ ਸੰਭਵ ਨਹੀਂ ਹੈ। ਔਰਤ ਇੱਕ ਮਜ਼ਬੂਤ ਧਿਰ ਹੈ ਕਿਉਂਕਿ ਇਹ ਔਰਤ ਹੀ ਹੈ, ਜੋ ਨਾ ਸਿਰਫ਼ ਇੱਕ ਪਰਿਵਾਰ ਨੂੰ ਸਫਲਤਾਪੂਰਵਕ ਸੰਭਾਲਦੀ ਹੈ, ਸਗੋਂ ਘਰ ਦੀ ਚਾਰਦਿਵਾਰੀ ਤੋਂ ਬਾਹਰ ਕਿਸੇ ਵੀ ਪੇਸ਼ੇ ਵਿੱਚ ਨਵੀਆਂ ਲੀਹਾਂ ਪਾ ਸਕਦੀ ਹੈ। ਸਾਨੂੰ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ।