SGPC ਧਾਰਮਿਕ ਸੰਸਥਾ; ਬੇਅਦਬੀ ਵਿਰੁੱਧ ਕਾਨੂੰਨ 'ਤੇ ਸੁਝਾਅ ਦੇਣ ਬਾਰੇ ਬੋਲੇ CM ਮਾਨ
SGPC ਧਾਰਮਿਕ ਸੰਸਥਾ, ਇਸ ਬੇਅਦਬੀ ਵਿਰੁੱਧ ਨੂੰ ਹੋਰ ਬਿਹਤਰ ਬਣਾਉਣ ਲਈ ਕੋਈ ਸੁਝਾਅ ਦੇਣਾ ਚਾਹੁੰਦੇ ਹਨ, ਤਾਂ ਸਰਕਾਰ ਉਨ੍ਹਾਂ ਦਾ ਸਵਾਗਤ ਕਰੇਗੀ- CM Mann
Babushahi Network
ਚੰਡੀਗੜ੍ਹ, 6 ਅਪ੍ਰੈਲ 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ 13 ਅਪ੍ਰੈਲ (ਵਿਸਾਖੀ ਵਾਲੇ ਦਿਨ) ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ (Special Session) ਬੁਲਾਇਆ ਹੈ। ਇਸ ਸੈਸ਼ਨ ਦਾ ਮੁੱਖ ਉਦੇਸ਼ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਨਵਾਂ ਅਤੇ ਪ੍ਰਭਾਵਸ਼ਾਲੀ ਐਕਟ ਬਣਾਉਣਾ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਕਾਨੂੰਨ ਸੂਬੇ ਦਾ ਆਪਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਬਿੱਲ ਨੂੰ ਪਾਸ ਕਰਨ ਤੋਂ ਬਾਅਦ ਰਾਸ਼ਟਰਪਤੀ ਕੋਲ ਭੇਜਣ ਦੀ ਲੋੜ ਨਹੀਂ ਪਵੇਗੀ ਅਤੇ ਇਹ ਉਸੇ ਦਿਨ ਤੋਂ ਹੀ ਪੰਜਾਬ ਵਿੱਚ ਲਾਗੂ ਹੋ ਜਾਵੇਗਾ।
ਭਗਵੰਤ ਮਾਨ ਨੇ ਧਾਰਮਿਕ ਸੰਸਥਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਧਾਰਮਿਕ ਸੰਸਥਾ ਹੈ। ਜੇਕਰ ਉਹ ਇਸ ਕਾਨੂੰਨ ਨੂੰ ਹੋਰ ਬਿਹਤਰ ਬਣਾਉਣ ਲਈ ਕੋਈ ਸੁਝਾਅ ਦੇਣਾ ਚਾਹੁੰਦੇ ਹਨ, ਤਾਂ ਸਰਕਾਰ ਉਨ੍ਹਾਂ ਦਾ ਸਵਾਗਤ ਕਰੇਗੀ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੀ ਕਿਸੇ ਵੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਨਵੇਂ ਐਕਟ ਰਾਹੀਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਵਾਲੇ ਦਿਨ (13 ਅਪ੍ਰੈਲ) ਸੈਸ਼ਨ ਬੁਲਾਉਣਾ ਸਿਆਸੀ ਅਤੇ ਧਾਰਮਿਕ ਪੱਖੋਂ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਸਰਕਾਰ ਇਸ ਦਿਨ ਰਾਹੀਂ ਪੰਜਾਬੀਆਂ ਨੂੰ ਇਹ ਸੁਨੇਹਾ ਦੇਣਾ ਚਾਹੁੰਦੀ ਹੈ ਕਿ ਉਹ ਧਾਰਮਿਕ ਅਕੀਦਿਆਂ ਦੀ ਰਾਖੀ ਲਈ ਵਚਨਬੱਧ ਹੈ। ਹੁਣ ਸਭ ਦੀਆਂ ਨਜ਼ਰਾਂ 13 ਅਪ੍ਰੈਲ 'ਤੇ ਟਿਕੀਆਂ ਹੋਈਆਂ ਹਨ ਕਿ ਇਸ ਨਵੇਂ ਐਕਟ ਵਿੱਚ ਕਿਹੜੀਆਂ ਧਾਰਾਵਾਂ ਸ਼ਾਮਲ ਕੀਤੀਆਂ ਜਾਂਦੀਆਂ ਹਨ ਅਤੇ ਕੀ ਵਿਰੋਧੀ ਧਿਰਾਂ ਤੇ ਧਾਰਮਿਕ ਜਥੇਬੰਦੀਆਂ ਇਸ ਦਾ ਸਮਰਥਨ ਕਰਦੀਆਂ ਹਨ ਜਾਂ ਨਹੀਂ।
Click to Follow Babushahi Facebook page →