SIR ਬਾਰੇ ਅਫ਼ਵਾਹਾਂ ਦਾ DC ਵੱਲੋਂ ਖੰਡਨ, ਯੋਗ ਵੋਟਰ ਦੀ ਬਿਨਾਂ ਵੈਰੀਫਿਕੇਸ਼ਨ ਤੋਂ ਨਹੀਂ ਕੱਟੀ ਜਾਵੇਗੀ ਵੋਟ
ਵੋਟਰ ਸੂਚੀਆਂ ਦੀ ਸ਼ੁੱਧਤਾ ਲਈ ਹੈ SIR; ਕਿਸੇ ਵਰਗ ਜਾਂ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਦਾ ਸਵਾਲ ਹੀ ਨਹੀਂ : ਵਿਰਾਜ ਐਸ. ਤਿੜਕੇ
ਗਲਤ ਖ਼ਬਰਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਤੋਂ ਸੁਚੇਤ ਰਹਿਣ ਲੋਕ; ਸਿਰਫ਼ ਚੋਣ ਕਮਿਸ਼ਨ ਦੀ ਅਧਿਕਾਰਤ ਜਾਣਕਾਰੀ ’ਤੇ ਕਰਨ ਭਰੋਸਾ
ਵੋਟਰ ਸੂਚੀਆਂ ਨੂੰ ਸ਼ੁੱਧ, ਪਾਰਦਰਸ਼ੀ ਅਤੇ ਤਰੁੱਟੀ ਰਹਿਤ ਬਣਾਉਣਾ ਹੀ ਐੱਸ.ਆਈ.ਆਰ. ਦਾ ਉਦੇਸ਼
ਮਾਲੇਰਕੋਟਲਾ, 24 ਜੂਨ 2026- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR)-2026 ਸਬੰਧੀ ਪ੍ਰਿੰਟ ਅਤੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਗਲਤ, ਤੱਥਹੀਣ ਅਤੇ ਗਲਤ ਖ਼ਬਰਾਂ ਦਾ ਖੰਡਨ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਕਿਸੇ ਵੀ ਯੋਗ ਵੋਟਰ ਦੀ ਵੋਟ ਕੱਟਣਾ ਨਹੀਂ, ਸਗੋਂ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਸਹੀ,ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਤੱਕ ਕਿਸੇ ਵੀ ਧਰਮ, ਵਰਗ, ਜਾਤੀ, ਭਾਈਚਾਰੇ ਜਾਂ ਭਾਸ਼ਾ ਨਾਲ ਸਬੰਧਤ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚੋਂ ਨਹੀਂ ਹਟਾਇਆ ਗਿਆ ਹੈ। ਭਵਿੱਖ ਵਿੱਚ ਵੀ ਕਿਸੇ ਵੋਟਰ ਦਾ ਨਾਮ ਬਿਨਾਂ ਪੁਖਤਾ ਤਸਦੀਕ, ਲੋੜੀਂਦੇ ਦਸਤਾਵੇਜ਼ਾਂ, ਬਿਨਾਂ ਵੈਰੀਫਿਕੇਸ਼ਨ ਅਤੇ ਨਿਰਧਾਰਤ ਪ੍ਰਕਿਰਿਆ ਤੋਂ ਹਟਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ, ਲਾਲਚ ਜਾਂ ਪੱਖਪਾਤ ਦੇ ਆਧਾਰ ’ਤੇ ਕਿਸੇ ਵੋਟਰ ਦੀ ਵੋਟ ਨਾਲ ਛੇੜਛਾੜ ਨਹੀਂ ਕੀਤੀ ਜਾ ਸਕਦੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਕਿਸੇ ਧਰਮ,ਜਾਤੀ,ਵਰਗ,ਪੰਜਾਬੀਆਂ ਜਾਂ ਐਨ.ਆਰ.ਆਈ. ਵੋਟਰਾਂ, ਬਾਰੇ ਸੋਸ਼ਲ ਮੀਡੀਆ ’ਤੇ ਚੱਲ ਰਹੇ ਕਈ ਦਾਅਵੇ ਵੀ ਤੱਥਾਂ ’ਤੇ ਆਧਾਰਿਤ ਨਹੀਂ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਮਾਮਲੇ ਦੀ ਵੱਖਰੇ ਤੌਰ ’ਤੇ ਜਾਂਚ ਕੀਤੀ ਜਾਂਦੀ ਹੈ ਅਤੇ ਬਿਨਾਂ ਠੋਸ ਸਬੂਤ ਜਾਂ ਕਾਨੂੰਨੀ ਆਧਾਰ ਦੇ ਕਿਸੇ ਵੀ ਵੋਟਰ ਦਾ ਨਾਮ ਨਹੀਂ ਕੱਟਿਆ ਜਾ ਸਕਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਵੋਟਰ ਸੂਚੀ ਵਿੱਚੋਂ ਕਿਸੇ ਵੀ ਨਾਮ ਨੂੰ ਹਟਾਉਣ ਦੀ ਕਾਰਵਾਈ ਕੇਵਲ ਨਿਰਧਾਰਤ ਕਾਨੂੰਨੀ ਪ੍ਰਕਿਰਿਆ, ਪੁਖਤਾ ਤਸਦੀਕ ਅਤੇ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਉਪਰੰਤ ਹੀ ਕੀਤੀ ਜਾ ਸਕਦੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਪੋਸਟਾਂ, ਵੀਡੀਓ ਕਲਿੱਪਾਂ, ਰੀਲਾਂ ਜਾਂ ਅਣਅਧਿਕਾਰਤ ਸਰੋਤਾਂ ਰਾਹੀਂ ਫੈਲ ਰਹੀਆਂ ਅਫ਼ਵਾਹਾਂ ਤੋਂ ਪ੍ਰਭਾਵਿਤ ਨਾ ਹੋਣ। ਕਿਸੇ ਵੀ ਜਾਣਕਾਰੀ ਦੀ ਪੁਸ਼ਟੀ ਲਈ ਕੇਵਲ ਭਾਰਤ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ. ਸਬੰਧੀ ਲੋਕਾਂ ਦੀਆਂ ਸ਼ੰਕਾਵਾਂ ਅਤੇ ਸ਼ਿਕਾਇਤਾਂ ਦੇ ਨਿਵਾਰਣ ਲਈ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਨਿਵਾਰਣ ਸੈੱਲ ਸਥਾਪਿਤ ਕੀਤਾ ਗਿਆ ਹੈ। ਕਿਸੇ ਵੀ ਦਿੱਕਤ ਜਾਂ ਜਾਣਕਾਰੀ ਲਈ ਜ਼ਿਲ੍ਹਾ ਚੋਣ ਅਫ਼ਸਰ ਦਫ਼ਤਰ ਵਿਖੇ ਸਥਾਪਿਤ ਹੈਲਪ ਡੈਸਕ, ਟੋਲ-ਫ੍ਰੀ ਹੈਲਪਲਾਈਨ ਨੰਬਰ 1950 ਜਾਂ ਈ-ਮੇਲ grievanceredcell.gspsir2026@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।
- Download Babushahi App
-
-