ਹੁਸ਼ਿਆਰਪੁਰ: ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੇ ਹੁਣ ਤੱਕ ਕੀਤੀ 750 ਹੈਕਟੇਅਰ ਰਕਬੇ ’ਚ ਝੋਨੇ ਦੀ ਸਿੱਧੀ ਬਿਜਾਈ
-ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ
-ਪਿੰਡ ਕਾਂਗੜ ਦੇ ਕਿਸਾਨ ਨਰਿੰਦਰ ਪਾਲ ਸਿੰਘ ਨੇ 80 ਏਕੜ ’ਚ ਕੀਤੀ ਝੋਨੇ ਦੀ ਸਿੱਧੀ ਬਿਜਾਈ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਨਿਰੀਖਣ
ਹੁਸ਼ਿਆਰਪੁਰ, 29 ਜੂਨ 2022 - ਪਾਣੀ ਦੀ ਬੱਚਤ ਕਰਕੇ ਵਾਤਾਵਰਣ ਪ੍ਰੇਮੀ ਹੋਣ ਦਾ ਸਬੂਤ ਦਿੰਦਿਆਂ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੇ ਹੁਣ ਤੱਕ 750 ਹੈਕਟੇਅਰ ਵਿਚ ਝੋਨੇ ਦੀ ਸਿੱਧੀ ਬਿਜਾਈ ਕਰ ਲਈ ਹੈ। ਇਨ੍ਹਾਂ ਕਿਸਾਨਾਂ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਆਪਣੇ ਕਦਮ ਵਧਾਏ ਹਨ, ਉਥੇ ਪਾਣੀ ਦੀ ਬੱਚਤ ਲਈ ਆਪਣੀ ਭਾਗੀਦਾਰੀ ਵੀ ਕਾਇਮ ਕੀਤੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ’ਤੇ ਪਿੰਡ ਕਾਂਗੜ ਦੇ ਕਿਸਾਨ ਸ੍ਰੀ ਨਰਿੰਦਰ ਪਾਲ ਸਿੰਘ ਬਾਕੀ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣੇ ਹੋਏ ਹਨ, ਕਿਉਂਕਿ ਇਸ ਅਗਾਂਹਵਧੂ ਕਿਸਾਨ ਨੇ 80 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਲਾਮਿਸਾਲ ਉਦਾਹਰਣ ਪੇਸ਼ ਕੀਤੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅਗਾਂਹਵਧੂ ਕਿਸਾਨ ਸ੍ਰੀ ਨਰਿੰਦਰ ਪਾਲ ਸਿੰਘ ਸਮੇਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸਾਰੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਹਰੇਕ ਕਿਸਾਨ ਨੂੰ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਪਾਣੀ ਦੀ ਬੱਚਤ ਕੀਤੀ ਜਾ ਸਕੇ। ਇਸ ਤੋਂ ਇਲਾਵਾ ਝੋਨੇ ਦੀ ਸਿੱਧੀ ਬਿਜਾਈ ਨਾਲ ਜ਼ਮੀਨ ਦੀ ਸਿਹਤ ਨੂੰ ਨਰੋਇਆ ਰੱਖਿਆ ਜਾ ਸਕਦਾ ਹੈ। ਉਨ੍ਹਾਂ ਫ਼ਸਲੀ ਵਿਭਿੰਨਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਵੱਲ ਵੀ ਰੁਝਾਨ ਪੈਦਾ ਕਰਨਾ ਚਾਹੀਦਾ ਹੈ ਅਤੇ ਆਧੁਨਿਕ ਖੇਤੀ ਦੇ ਰਾਹ ਤੁਰ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਖੇਤੀ ਖਰਚੇ ਵੀ ਘਟਾਏ ਜਾ ਸਕਦੇ ਹਨ।
ਸੰਦੀਪ ਹੰਸ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਡੀ.ਐਸ.ਆਰ. ਡਰਿੱਲ (ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ) ਦੀ ਵਰਤੋਂ ਕੀਤੀ ਜਾ ਸਕਦੀ ਹੈ।। ਇਹ ਆਧੁਨਿਕ ਤਕਨੀਕ ਵਾਲੀ ਮਸ਼ੀਨ ਖੇਤੀਬਾੜੀ ਵਿਭਾਗ ਕੋਲ ਵੀ ਉਪਲਬੱਧ ਹੈ।।ਇਸ ਤੋਂ ਇਲਾਵਾ ਸਵੈ-ਸਹਾਇਤਾ ਗਰੁੱਪ ਅਤੇ ਕਿਸਾਨਾਂ ਤੋਂ ਕਿਰਾਏ ’ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਡੀ.ਐਸ.ਆਰ. ਡਰਿੱਲ ਕਿਰਾਏ ’ਤੇ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।।
ਉਧਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡ ਕਾਂਗੜ ਵਿਖੇ ਅਗਾਂਹਵਧੂ ਕਿਸਾਨ ਸ੍ਰੀ ਨਰਿੰਦਰ ਪਾਲ ਸਿੰਘ ਵਲੋਂ ਕੀਤੀ ਗਈ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ੍ਰੀ ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਸ ਨੇ 80 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਇਸ ਨਾਲ ਪਾਣੀ ਦੀ ਵੱਡੀ ਮਾਤਰਾ ਵਿਚ ਬੱਚਤ ਕਰਨ ਤੋਂ ਇਲਾਵਾ ਰਿਵਾਇਤੀ ਤੌਰ ’ਤੇ ਬੀਜਣ ਵਾਲੇ ਝੋਨੇ ਦੇ ਮੁਕਾਬਲੇ ਲੇਬਰ, ਡੀਜ਼ਲ ਅਤੇ ਸਮੇਂ ਦੀ ਬੱਚਤ ਵੀ ਹੋਈ ਹੈ। ਉਨ੍ਹਾਂ ਦੱਸਿਆ ਕਿ ਉਸ ਨੇ ਆਪਣੇ ਫਾਰਮ ’ਤੇ ਝੋਨੇ ਦੀਆਂ ਕਿਸਮਾਂ ਪੀ.ਆਰ.-126, ਪੀ.ਆਰ.-130 ਅਤੇ ਸਵਾ 134 ਨੂੰ ਤਰਜ਼ੀਹ ਦਿੱਤੀ ਹੈ। ਇਸ ਅਗਾਂਹਵਧੂ ਕਿਸਾਨ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਸਹੀ ਕਿਸਮ ਦੀ ਚੋਣ, ਬਿਜਾਈ ਦਾ ਢੰਗ, ਸਮਾਂ ਅਤੇ ਸਹੀ ਸਮੇਂ ’ਤੇ ਨਦੀਨ ਨਾਸ਼ਕਾਂ ਦੀ ਵਰਤੋਂ ਨਾਲ ਝੋਨੇ ਦੀ ਸਿੱਧੀ ਬਿਜਾਈ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ। ਉਸ ਨੇ ਦੱਸਿਆ ਕਿ ਪਿਛਲੇ 4 ਸਾਲਾਂ ਤੋਂ ਉਸ ਵਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਸ ਵਲੋਂ ਆਪਣੇ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਖੇਤਾਂ ਵਿਚ ਹੀ ਸੁਚੱਜਾ ਪ੍ਰਬੰਧਨ ਕੀਤਾ ਜਾਂਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਨੇ ਇਸ ਕਿਸਾਨ ਦੇ ਖੇਤਾਂ ਦਾ ਨਿਰੀਖਣ ਕਰਨ ਦੌਰਾਨ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਇਸ ਕਿਸਾਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਜ਼ਮੀਨਦੋਜ਼ ਪਾਣੀ ਅਤੇ ਵਾਤਾਵਰਣ ਨੂੰ ਬਚਾਇਆ ਜਾ ਸਕੇ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਮਾਹਿਲਪੁਰ ਡਾ. ਹਰਪ੍ਰੀਤ ਸਿੰਘ, ਡਾ. ਕਿਰਨਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਸ੍ਰੀ ਹਰਿੰਦਰ ਸਿੰਘ, ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ ਸ੍ਰੀ ਸੁਖਪਾਲ ਸਿੰਘ ਅਤੇ ਸ੍ਰੀ ਬਲਵਿੰਦਰ ਸਿੰਘ ਵੀ ਹਾਜ਼ਰ ਸਨ।