ਸਰਕਾਰ ਅਤੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਹਲਕੇ 'ਚ ਫਰੌਤੀ ਮੰਗਣ ਵਾਲਿਆਂ ਦੇ ਹੌਸਲੇ ਬੁਲੰਦ ਹੋਏ: MLA ਰਾਣਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 16 ਮਈ 2024 - ਪੰਥਕ ਸੀਟ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ ਦੇ ਹੱਕ ਵਿੱਚ ਪਿੰਡ ਹੈਬਤਪੁਰ ਵਿਖੇ ਸੀਨੀਅਰ ਕਾਂਗਰਸੀ ਆਗੂ ਮਲਕੀਤ ਸਿੰਘ ਨੰਡਾ ਦੇ ਗ੍ਰਹਿ ਵਿਖੇ ਆੜਤੀ ਗੁਰਪ੍ਰੀਤ ਸਿੰਘ ਨੰਡਾ ਅਤੇ ਨੰਬਰਦਾਰ ਗੁਰਜੰਟ ਸਿੰਘ ਦੀ ਅਗਵਾਈ ਵਿੱਚ ਭਰਵੀਂ ਚੋਣ ਮੀਟਿੰਗ ਕੀਤੀ ਗਈ। ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਦੇਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਉਨਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਹਲਕਾ ਸੁਲਤਾਨਪੁਰ ਲੋਧੀ ਵਾਸੀਆਂ ਨੂੰ ਫਰੌਤੀ ਮੰਗਣ ਵਾਲਿਆਂ ਤੋਂ ਆ ਰਹੀ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਹਲਕੇ ਅੰਦਰ ਫਰੌਤੀ ਮੰਗਣ ਵਾਲਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹਰ ਰੋਜ਼ ਕਿਸੇ ਨਾ ਕਿਸੇ ਨੂੰ ਫੋਨ ਕਾਲ ਆ ਰਹੇ ਹਨ। ਉਨਾਂ ਕਿਹਾ ਕਿ ਇੱਕੋ ਇੱਕ ਕਾਂਗਰਸ ਪਾਰਟੀ ਹੈ ਜੋ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਮੁੱਹਈਆ ਕਰਵਾ ਸਕਦੀ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੀ ਚਰੋਕਣੀ ਮੰਗ ਫ਼ਸਲਾਂ ਦੀ ਐਮ.ਐਸ.ਪੀ. ਗਰੰਟੀ ਨੂੰ ਵੀ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਹੈ। ਉਨਾਂ ਅਪੀਲ ਕੀਤੀ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕੀਤਾ ਜਾਵੇ।
ਇਸ ਮੌਕੇ ਆੜਤੀ ਗੁਰਪ੍ਰੀਤ ਸਿੰਘ ਅਤੇ ਨੰਬਰਦਾਰ ਗੁਰਜੰਟ ਸਿੰਘ ਨੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਅਤੇ ਸਾਰੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਲਕੀਤ ਸਿੰਘ ਨੰਡਾ, ਆੜਤੀ ਗੁਰਪ੍ਰੀਤ ਸਿੰਘ ਨੰਢਾ, ਨੰਬਰਦਾਰ ਗੁਰਜੰਟ ਸਿੰਘ, ਨਗਰ ਕੌਂਸਲ ਦੇ ਵਾਈਸ ਪ੍ਰਧਾਨ ਨਵਨੀਤ ਸਿੰਘ ਚੀਮਾ, ਯਾਦਵਿੰਦਰ ਸਿੰਘ ਸੋਢੀ, ਮੇਜਰ ਸਿੰਘ, ਸਾਬਕਾ ਸਰਪੰਚ ਕਰਨੈਲ ਸਿੰਘ, ਬਖਸ਼ੀਸ਼ ਸਿੰਘ, ਮਾਸਟਰ ਜਸਪਾਲ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ ਸਾਬੀ, ਗੁਰਦੇਵ ਸਿੰਘ, ਸੂਬਾ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਕਸ਼ਮੀਰ ਸਿੰਘ, ਰਾਜ, ਸਰਵਣ ਸਿੰਘ, ਮੁਖਤਾਰ ਸਿੰਘ, ਮੋਹਣ ਸਿੰਘ, ਮਲਕੀਤ ਸਿੰਘ ਹਰਨਾਮਪੁਰ, ਰਣਜੋਧ ਸਿੰਘ, ਨਿਰਮਲ ਸਿੰਘ ਅਤੇ ਸੋਨੂ ਆਦਿ ਹਾਜ਼ਰ ਸਨ।