ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ
- ਐਸ.ਟੀ.ਪੀ. ਸਮੇਤ ਨਵਾਂ ਸੀਵਰੇਜ ਸਿਸਟਮ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਮੁਹੱਈਆ ਕਰਵਾਏਗਾ ਸੀਵਰੇਜ ਸਹੂਲਤਾਂ : ਡਾ. ਰਵਜੋਤ ਸਿੰਘ
- ਕਿਹਾ, ਪੰਜਾਬ ਸਰਕਾਰ ਸਾਰੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ
ਚੰਡੀਗੜ੍ਹ/ਅਲਾਵਲਪੁਰ/ਜਲੰਧਰ, 3 ਦਸੰਬਰ 2024 - ਅਲਾਵਲਪੁਰ ਵਿੱਚ ਸੈਨੀਟੇਸ਼ਨ ਸਹੂਲਤਾਂ ਦੇ ਸੁਧਾਰ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ 10.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਸੀਵਰੇਜ ਸਬੰਧੀ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅਲਾਵਲਪੁਰ ਸ਼ਹਿਰ ਨੂੰ ਪੰਜਾਬ ਦੇ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣਾ ਹੈ।
ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ 10452 ਅਬਾਦੀ ਨੂੰ ਕਵਰ ਕੀਤਾ ਜਾਵੇਗਾ, ਜਿਸ ਵਿੱਚ 896 ਮੀਟਰ ਇੰਟਰਸੈਪਟਿੰਗ ਸੀਵਰੇਜ ਲਾਈਨ, ਇਕ 2 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ, ਮੇਨ ਪੰਪਿੰਗ ਸਟੇਸ਼ਨ, 100 ਮੀਟਰ ਰਾਈਜਿੰਗ ਲਾਈਨ ਅਤੇ ਇਕ ਸਕਰੀਨਿੰਗ ਚੈਂਬਰ ਸ਼ਾਮਿਲ ਹੈ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਾਲੇ ਗੰਦੇ ਪਾਣੀ ਨੂੰ ਪਿੰਡ ਦੇ ਛੱਪੜ ਵਿੱਚ ਸੁੱਟਿਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਨਵੇਂ ਪ੍ਰੋਜੈਕਟ ਨਾਲ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਜ਼ਰੀਏ ਸਾਫ਼ ਕਰਕੇ ਮੁੜ ਸਿੰਚਾਈ ਲਈ ਵਰਤਿਆ ਜਾਵੇਗਾ, ਜਿਸ ਨਾਲ ਪਿੰਡ ਦੇ ਛੱਪੜ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇਗਾ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਵਿੱਚ ਅਨੇਕਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਵਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਨਵੀਆਂ ਮਿਸਾਲਾਂ ਕਾਇਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਲਾਵਲਪੁਰ ਸ਼ਹਿਰ ਵਿੱਚ ਲਗਾਏ ਜਾ ਰਹੇ ਇਸ ਪ੍ਰੋਜੈਕਟ ਨੇ ਸੂਬੇ ਦੇ ਵਿਕਾਸ ਵੱਲ ਇਕ ਹੋਰ ਮੀਲ ਪੱਥਰ ਸਥਾਪਿਤ ਕੀਤਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਵੀਰ ਸਿੰਘ, ਹਲਕਾ ਇੰਚਾਰਜ ਜੀਤ ਲਾਲ ਭੱਟੀ, ਪ੍ਰਧਾਨ ਨਗਰ ਕੌਂਸਲ ਨੀਲਮ ਰਾਣੀ, ਮੁੱਖ ਇੰਜੀਨੀਅਰ ਸਤਨਾਮ ਸਿੰਘ, ਸੁਪਰਡੈਂਟ ਇੰਜੀਨੀਅਰ ਅਸ਼ੀਸ ਰਾਏ, ਕਾਰਜਕਾਰੀ ਇੰਜੀਨੀਅਰ ਜਤਿਨ ਵਾਸੂਦੇਵਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਅਲਾਵਲਪੁਰ ਰਾਮਜੀਤ ਸਿੰਘ ਵੀ ਮੌਜੂਦ ਸਨ।