ਸਰਕਾਰੀ ਨੌਕਰੀਆਂ ਲਈ ਉਮਰ 'ਚ ਹੋਵੇਗਾ ਵਾਧਾ, ਭਗਵੰਤ ਮਾਨ ਨੇ ਕੀਤਾ ਐਲਾਨ
ਪਟਿਆਲਾ, 3 ਦਸੰਬਰ 2024 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸਰਕਾਰੀ ਨੌਕਰੀਆਂ ਲਈ ਉਮਰ ਚ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਹੋਏ ਓਵਰਏਜ ਹੋ ਚੁੱਕੇ ਨੌਜਵਾਨਾਂ ਨੂੰ ਅਡਜਸਟ ਕਰਨ ਦੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੈ ਅਤੇ ਜਿੱਤ ਦੀ ਇੱਕੋ-ਇੱਕ ਕੁੰਜੀ ਸਖ਼ਤ ਮਿਹਨਤ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਯਤਨਸ਼ੀਲ ਰਹਿਣ ਤਾਂ ਜੋ ਉਹ ਜੀਵਨ ਵਿੱਚ ਆਪਣੇ ਮਿੱਥੇ ਟੀਚੇ ਪ੍ਰਾਪਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ 50,000 ਦੇ ਕਰੀਬ ਨੌਜਵਾਨ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਪੈਰਾਸ਼ੂਟਰਾਂ ਦੀ ਬਜਾਏ ਜ਼ਮੀਨ ਨਾਲ ਜੁੜ ਕੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜੇ ਬੰਦੇ ਜ਼ਮੀਨ ਤੋਂ ਉੱਠ ਕੇ ਪੂਰੀ ਦੁਨੀਆ ਜਿੱਤ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਹਨਤਕਸ਼ਾਂ ਲਈ ਸਿਰਫ਼ ਅਸਮਾਨ ਹੀ ਸੀਮਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਕਿ ਸਿੱਧੇ ਅਸਮਾਨ ਤੋਂ ਆਉਣ ਵਾਲੇ ਪੈਰਾਸ਼ੂਟਰਾਂ ਨੇ ਕਦੇ ਨਾ ਕਦੇ ਜ਼ਮੀਨ 'ਤੇ ਡਿੱਗਣਾ ਹੀ ਹੁੰਦਾ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੀਆਂ ਸਾਰੀਆਂ ਅਸਾਮੀਆਂ ਨੂੰ ਨਾਲ ਦੀ ਨਾਲ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪੱਖ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ 50,000 ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।