ਪੰਜਾਬ ਦੀਆਂ ਮੰਡੀਆਂ ਵਿੱਚੋਂ 173.53 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ– ਹਰਚੰਦ ਸਿੰਘ ਬਰਸਟ
- ਸਾਉਣੀ ਸੀਜਨ 2024-25 ਦੌਰਾਨ ਸਰਕਾਰੀ ਏਜੰਸੀਆਂ ਵੱਲੋਂ 173.12 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ
- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੀਜਨ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਨਦੇਹੀ ਨਾਲ ਡਿਊਟੀ ਕਰਨ ਦੀ ਕੀਤੀ ਸ਼ਲਾਘਾ
ਐਸ.ਏ.ਐਸ ਨਗਰ ( ਮੋਹਾਲੀ ) 9 ਦਸੰਬਰ, 2024– ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸਾਊਣੀ ਸੀਜਨ 2024-25 ਦੌਰਾਨ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਗਏ। ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਅਤੇ ਵਪਾਰੀਆਂ ਦੀਆਂ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ ਗਿਆ ਅਤੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਵੀ ਨਾਲੋਂ – ਨਾਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਵਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਵਪਾਰੀਆਂ ਵੱਲੋਂ 173.53 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 71,28,472 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 1,47,397 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 44,12,245 ਮੀਟ੍ਰਿਕ ਟਨ, ਪਨਸਪ ਵੱਲੋਂ 36,59,472 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 19,64,134 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 41,216 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਭ ਤੋਂ ਵਧ ਲੁਧਿਆਣਾ ਵਿੱਚ 16,49,151 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਏ, ਜਿਸ ਤੋਂ ਬਾਅਦ ਦੂਜੇ ਨੰਬਰ ਤੇ ਬਠਿੰਡਾ ਵਿੱਚ 13,61,468 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਸੰਗਰੂਰ ਵਿੱਚ 13,34,613 ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਹੋਈ ਹੈ।
ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਖ਼ਰੀਦ ਕਾਰਜ ਸ਼ੁਰੂ ਹੋਣ ਤੋਂ ਪਹਿਲਾ ਹੀ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸੀ, ਜਿਸਦੇ ਤਹਿਤ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਾਫ਼-ਸਫਾਈ, ਬਾਥਰੂਮਾਂ, ਛਾਂ ਅਤੇ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਦੀ ਸਥਾਪਨਾ ਵੀ ਕੀਤੀ ਗਈ ਸੀ, ਤਾਂ ਜੋ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਤੰਗੀ ਤੋਂ ਵੇਚ ਸਕਣ। ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਵੱਲੋਂ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਮੰਡੀਆਂ ਵਿੱਚ ਖਰੀਦ ਕਾਰਜਾਂ ਦੀ ਚੈਕਿੰਗ ਵੀ ਕੀਤੀ ਗਈ। ਮੰਡੀਆਂ ਵਿੱਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਗਈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੀਜਨ ਦੌਰਾਨ ਝੋਨੇ ਦੇ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਸ਼ਲਾਘਾ ਕੀਤੀ।