ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਹਦਾਇਤਾਂ ਜ਼ਾਰੀ: ਡਾ ਬਲਜੀਤ ਕੌਰ
- ਕਿਹਾ, ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ
ਚੰਡੀਗੜ੍ਹ, 11 ਦਸੰਬਰ 2024 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਉਥੇ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਵਿਚ ਖੇਡਣ ਲਈ ਥਾਂ ਹੋਣਾ ਲਾਜ਼ਮੀ ਹੈ ਅਤੇ ਇਸ ਦੇ ਨਾਲ ਹੀ ਸਕੂਲਾਂ ਵਿਚ ਕੈਮਰੇ ਵੀ ਜ਼ਰੂਰੀ ਲੱਗੇ ਹੋਣੇ ਚਾਹੀਦੇ ਹਨ।
ਡਾ: ਬਲਜੀਤ ਕੌਰ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਕਰਨ ਕਿ ਸਕੂਲ ਦਾ ਰਜਿਸਟਰਡ ਹੈ ਜਾਂ ਨਹੀਂ। ਇਸ ਸਬੰਧੀ ਜਾਣਕਾਰੀ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਇੱਕ ਕਮਰੇ ਵਿੱਚ ਚੱਲ ਰਹੇ ਪਲੇਅ ਵੇਅ ਸਕੂਲ ਪੂਰੀ ਤਰ੍ਹਾਂ ਬੰਦ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬੱਚਿਆਂ ਦੀ ਸਮੇ ਸਿਰ ਸਿਹਤ ਜਾਂਚ ਕਰਾਉਣੀ ਅਤੇ ਇਮਿਊਨਾਈਜ਼ੇਸ਼ਨ ਦਾ ਰਿਕਾਰਡ ਰੱਖਣਾ ਸਕੂਲਾਂ ਵੱਲੋਂ ਯਕੀਨੀ ਬਣਾਇਆ ਜਾਵੇਗਾ । ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿਚ ਇਸ ਪੋਲਿਸੀ ਉੱਪਰ ਜ਼ਮੀਨੀ ਪੱਧਰ ਤੇ ਕੰਮ ਕਰਕੇ , ਇਕ ਮਜ਼ਬੂਤ ਆਨਲਾਈਨ ਸਿਸਟਮ ਰਾਹੀਂ ਸਕੂਲਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਣ ਜਾ ਰਹੀ ਹੈ ।
ਮੰਤਰੀ ਨੇ ਦੱਸਿਆ ਕਿ ਪਲੇਅ ਵੇਅ ਸਕੂਲਾਂ ਵਿੱਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਦੇ ਧਿਆਨ ਹਿੱਤ ਪੇਰੈਂਟਸ ਟੀਚਰ ਵਟਸਅੱਪ ਗਰੁੱਪ ਬਣਾਏ ਜਾਣਗੇ।