Punjab News: 48 ਸਰਕਾਰੀ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
- ਡੀ.ਸੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਰਕਾਰੀ ਦਫਤਰਾਂ ਦੀ ਅਚਨਚੇਤ ਚੈਕਿੰਗ ਲਈ ਵੱਡੀ ਮੁਹਿੰਮ ਦੀ ਅਗਵਾਈ ਕੀਤੀ
- 48 ਗੈਰਹਾਜ਼ਰ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ
ਲੁਧਿਆਣਾ, 11 ਦਸੰਬਰ 2024 - ਲੋਕਾਂ ਦੀ ਬਿਹਤਰ ਸੇਵਾ ਕਰਨ ਲਈ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਸਰਕਾਰੀ ਦਫ਼ਤਰਾਂ ਵਿੱਚ ਹਾਜ਼ਰ ਰਹਿਣ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਨਿਰੀਖਣ ਦੌਰਾਨ ਗੈਰ ਹਾਜ਼ਰ ਪਾਏ ਗਏ 48 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਜਤਿੰਦਰ ਜੋਰਵਾਲ ਨੇ ਸਵੇਰੇ 9:10 ਵਜੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਜੀਤ ਬੈਂਸ ਅਤੇ ਸ੍ਰੀ ਰੋਹਿਤ ਗੁਪਤਾ, ਮੁੱਖ ਮੰਤਰੀ ਦੇ ਫੀਲਡ ਅਫਸਰ ਮੈਡਮ ਕ੍ਰਿਤਿਕਾ ਗੋਇਲ ਅਤੇ ਸਹਾਇਕ ਕਮਿਸ਼ਨਰ ਪਾਇਲ ਗੋਇਲ ਦੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਅੰਦਰ ਕਈ ਦਫਤਰਾਂ ਦੀ ਚੈਕਿੰਗ ਕੀਤੀ। ਡੀ.ਸੀ ਨੇ ਐਮ.ਏ ਸ਼ਾਖਾ, ਐਚ.ਆਰ.ਏ ਸ਼ਾਖਾ, ਪੀ.ਐਫ ਸ਼ਾਖਾ, ਈ.ਏ ਸ਼ਾਖਾ, ਡੀ.ਆਰ.ਏ ਸ਼ਾਖਾ, ਨਾਜ਼ਰ ਸ਼ਾਖਾ, ਦਫਤਰ ਆਰ.ਟੀ.ਏ ਅਤੇ ਹੋਰਾਂ ਸਮੇਤ ਸਾਰੀਆਂ ਸ਼ਾਖਾਵਾਂ ਦਾ ਦੌਰਾ ਕੀਤਾ। ਇਸ ਦੌਰਾਨ ਏ.ਡੀ.ਸੀ ਸ੍ਰੀ ਅਮਰਜੀਤ ਬੈਂਸ ਅਤੇ ਸ੍ਰੀ ਰੋਹਿਤ ਗੁਪਤਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਅਤੇ ਦੂਜੀ ਮੰਜ਼ਿਲ ’ਤੇ ਸਥਿਤ ਕਈ ਦਫ਼ਤਰਾਂ ਦਾ ਨਿਰੀਖਣ ਕੀਤਾ।
ਜਤਿੰਦਰ ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਡਿਊਟੀਆਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੋ ਕਰਮਚਾਰੀ ਆਪਣੀ ਜ਼ਿੰਮੇਵਾਰੀ ਪ੍ਰਤੀ ਸੰਜੀਦਗੀ ਨਹੀਂ ਦਿਖਾਉਣਗੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਕਰਮਚਾਰੀ ਸਮੇਂ ਸਿਰ ਪੁੱਜਣੇ ਯਕੀਨੀ ਬਣਾਉਣ ਤਾਂ ਜੋ ਜਨਤਕ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਪ੍ਰਦਾਨ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਹਨਾਂ ਨੇ ਸੀਨੀਅਰ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਪਹਿਲ ਦੇਣ ਦੀ ਮਹੱਤਤਾ ਨੂੰ ਉਜਾਗਰ ਕੀਤਾ, ਇਹ ਯਕੀਨੀ ਬਣਾਉਣ ਲਈ ਕਿ ਉਨ੍ਹਾਂ ਨੂੰ ਦਫ਼ਤਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।