ਸੁਖਬੀਰ ਤੇ ਅਕਾਲੀ ਆਗੂਆਂ ਨੇ ਮੁਕਤਸਰ ਵਿਖੇ ਦੂਜੇ ਦਿਨ ਵੀ ਨਿਭਾਈ ਸੇਵਾ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 12ਦਸੰਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹ ਮੁਤਾਬਕ ਲਾਈ ਗਈ ਧਾਰਮਿਕ ਸਜ਼ਾ ਭੁਗਤਣ ਤਹਿਤ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਬਰਛਾ ਫੜ ਕੇ ਸੇਵਾਦਾਰ ਵਜੋਂ ਅਤੇ ਲੰਗਰ ਵਿਖੇ ਭਾਂਡੇ ਮਾਂਜਣ ਦੀ ਅੱਜ ਦੂਸਰੇ ਦਿਨ ਵੀ ਸੇਵਾ ਨਿਭਾਈ। ਇਸ ਦੌਰਾਨ ਉਨ੍ਹਾਂ ਨੀਲਾ ਚੋਲਾ ਪਹਿਨਿਆ ਹੋਇਆ ਸੀ ਤੇ ਗੁਰਬਾਣੀ ਦੀ ਤੁਕ ਲਿਖੀ ਤਖ਼ਤੀ ਗਲ ’ਚ ਪਾਈ ਹੋਈ ਸੀ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ਉਪਰ ਸੁਖਬੀਰ ਬਾਦਲ ਨੇ ਚੋਬਦਾਰ ਵਜੋਂ ਸਵੇਰੇ 9 ਤੋਂ 10 ਵਜੇ ਤੱਕ ਸੇਵਾ ਕੀਤੀ। ਇਸ ਉਪਰੰਤ ਉਨ੍ਹਾਂ ਕੀਰਤਨ ਸਰਵਣ ਕੀਤਾ ਤੇ ਫਿਰ ਲੰਗਰ ਹਾਲ ’ਚ ਬਰਤਨ ਸਾਫ ਕਰਨ ਦੀ ਸੇਵਾ ਨਿਭਾਈ। ਸੁਖਬੀਰ ਬਾਦਲ ਤੇ ਅੰਮ੍ਰਿਤਸਰ ਵਿਖੇ ਹੋਈ ਕਾਤਲਾਨਾ ਹਮਲੇ ਦੀ ਕੋਸ਼ਿਸ਼ ਨੂੰ ਮੁੱਖ ਰੱਖਿਦਿਆਂ ਇਸ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ।
ਪੰਜਾਬ ਪੁਲਿਸ ਦੇ ਖੁਫੀਆ ਵਿੰਗ ਵੱਲੋਂ ਸਥਿਤੀ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ ਜਦੋਂਕਿ ਸੇਵਾ ਕਾਰਜ ਅਮਨ ਅਮਾਨ ਨਾਲ ਮੁਕੰਮਲ ਕਰਵਾਉਣ ਦੇ ਮਕਸਦ ਨਾਲ ਸਾਦੇ ਕੱਪੜਿਆਂ ਵਿੱਚ ਵੀ ਪੁਲਿਸ ਦੇ ਜੁਆਨਾਂ ਵੱਲੋਂ ਮੋਰਚਾ ਸੰਭਾਲਿਆ ਗਿਆ ਸੀ। ਗੁਰੂ ਘਰ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਦਿੱਕਤ ਨਾਂ ਆਵੇ ਇਸ ਨੂੰ ਦੇਖਦਿਆਂ ਜਿਲ੍ਹਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਸ੍ਰੀ ਮੁਕਤਸਰ ਸਾਹਿਬ ਵਿਖੇ ਸੇਵਾ ਨਿਭਾਉਣ ਦਾ ਅੱਜ ਦੂਸਰਾ ਦਿਨ ਸੀ ਅਤੇ 13 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਅਰਦਾਸ ਕਰਵਾਈ ਜਾਵੇਗੀ ਜਿਸ ਤੋ ਬਾਅਦ ਧਾਰਮਿਕ ਸਜ਼ਾ ਮੁਕੰਮਲ ਹੋ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਤੇਜਿੰਦਰ ਸਿੰਘ ਮਿੱਡੂਖੇੜਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਹਰਪ੍ਰੀਤ ਸਿੰਘ ਕੋਟਭਾਈ, ਅਵਤਾਰ ਸਿੰਘ ਵਣਵਾਲਾ, ਸਰਬਜੀਤ ਸਿੰਘ ਝਿੰਜਰ ਅਤੇ ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਆਦਿ ਆਗੂ ਹਾਜ਼ਰ ਸਨ।