ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਤੇ ਪੰਜਾਬੀ ਭਾਸ਼ਾ ਨੂੰ ਵਿਸ਼ਵ ਪੱਧਰ 'ਤੇ ਪ੍ਰਚਾਰਨ ਤੇ ਪ੍ਰਸਾਰਣ ਦੀ ਮਹੱਤਤਾ 'ਤੇ ਜ਼ੋਰ
ਅੰਮ੍ਰਿਤਸਰ, 26 ਦਸੰਬਰ 2024 - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਕਰਮਜੀਤ ਸਿੰਘ ਨੇ ਦੇਸ਼ ਭਗਤ ਕਾ.ਉਜਾਗਰ ਸਿੰਘ ਖਤਰਾਏ ਕਲਾਂ ਦੇ ਪੋਤਰੇ ਸਰਦਾਰ ਦਿਲਬਾਗ ਸਿੰਘ ਨੂੰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਅਤੇ ਸ੍ਰੀ ਗੁਰੂ ਨਾਨਕ ਦੇਵ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਯੂਨੀਵਰਸਿਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੀ ਗੱਲ ਕਹੀ ਹੈ। ਉੱਘੇ ਆਜ਼ਾਦੀ ਘੁਲਾਟੀਏ ਕਾ.ਉਜਾਗਰ ਸਿੰਘ ਖਤਰਾਏ ਕਲਾਂ ਦੇ ਸਨਮਾਨ ਵਿੱਚ ਹੋਣ ਵਾਲੇ ਆਗਾਮੀ ਸਾਲਾਨਾ ਸੱਭਿਆਚਾਰਕ ਮੇਲੇ ਅਤੇ ਸੈਮੀਨਾਰ ਬਾਰੇ ਵਿਚਾਰ-ਵਟਾਂਦਰੇ ਦੌਰਾਨ ਡਾ: ਕਰਮਜੀਤ ਸਿੰਘ ਨੇ ਦੇਸ਼ ਭਗਤ ਕਾ.ਉਜਾਗਰ ਸਿੰਘ ਦੀ ਯਾਦ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇਣ ਦਾ ਵੀ ਪ੍ਰਸਤਾਵ ਰੱਖਿਆ।
ਉਨ੍ਹਾਂ ਸੁਝਾਅ ਦਿੱਤਾ ਕਿ ਇਹ ਵਜ਼ੀਫ਼ਾ ਹਰ ਸਾਲ ਯੋਗ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਅਤੇ ਸਮਾਜ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਹਨਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਜਾਣ ਵਾਲੇ ਮਹੱਤਵਪੂਰਨ ਪ੍ਰੋਜੈਕਟਾਂ ਬਾਰੇ ਵੀ ਉਹਨਾਂ ਨਾਲ ਚਰਚਾ ਕੀਤੀ। ਉਹਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਅਤੇ ਪੰਜਾਬੀ ਭਾਸ਼ਾ ਨੂੰ ਮਸਨੁਈ ਬੁੱਧੀ ਨਾਲ ਜੋੜ ਕੇ ਵਿਸ਼ਵ ਪੱਧਰ 'ਤੇ ਪ੍ਰਚਾਰਨ ਅਤੇ ਪ੍ਰਸਾਰਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਪ੍ਰੋ. ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਚ ਵੀ ਅਜਿਹੀਆਂ ਪਹਿਲਕਦਮੀਆਂ ਲਈ ਹਰ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਲਈ ਵੱਖ-ਵੱਖ ਸੈਮੀਨਾਰਾਂ ਦੀ ਲੋੜ ਅਤੇ ਵਿਸ਼ਵ ਪੱਧਰ 'ਤੇ ਪੰਜਾਬੀਆਂ ਨੂੰ ਇਕੱਠੇ ਕਰਨ ਲਈ ਇੱਕ ਪਲੇਟਫਾਰਮ ਬਣਾਉਣ ਦਾ ਵੀ ਸੱਦਾ ਦਿੱਤਾ।
ਡਾ: ਕਰਮਜੀਤ ਸਿੰਘ ਨੇ ਉੱਘੇ ਪੰਜਾਬੀ ਚਿੰਤਕ ਪ੍ਰੋ.ਗੁਰਭਜਨ ਗਿੱਲ ਅਤੇ ਉੱਘੇ ਲੇਖਕ ਨਿਰਮਲ ਜੋੜਾ ਦੀ ਟੀਮ ਵੱਲੋਂ ਪੰਜਾਬੀ ਭਾਸ਼ਾ ਨੂੰ ਪਰਫੁਲਤ ਕਰਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ "ਸੱਭਿਆਚਾਰਕ ਮੇਲਿਆਂ ਦੇ ਪਿਤਾਮਾ" ਸਰਦਾਰ ਜਗਦੇਵ ਸਿੰਘ ਜੱਸੋਵਾਲ ਨੂੰ ਉਨ੍ਹਾਂ ਦੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਲਈ ਦਿੱਤੇ ਅਥਾਹ ਯੋਗਦਾਨ ਨੂੰ ਸਵੀਕਾਰ ਕਰਦੇ ਹੋਏ ਯਾਦ ਕੀਤਾ । ਸ੍ਰ ਦਿਲਬਾਗ ਸਿੰਘ ਨੇ ਵਾਈਸ-ਚਾਂਸਲਰ ਨੂੰ ਉਨ੍ਹਾਂ ਦੀ ਨਿਯੁਕਤੀ ਤੇ ਜਿੱਥੇ ਵਧਾਈਆਂ ਦਿੱਤੀਆਂ ਉੱਥੇ ਪੰਜਾਬ ਦੇ ਮਾਨਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਹਨਾਂ ਨੇ ਬਹੁਤ ਹੀ ਦੂਰ-ਅੰਦੇਸ਼ੀ ਵਾਲੇ ਉਪ-ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦਿੱਤੇ ਹਨ।
ਉਹਨਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੀ ਨਗਰੀ ਦੇ ਜੰਮਪਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੀ ਵਿਦਿਆਰਥੀ ਹੋਣ ਕਰਕੇ ਵੀ ਸਾਡਾ ਸਿਰ ਮਾਣ ਨਾਲ ਉੱਚਾ ਹੁੰਦਾ ਹੈ। ਸ੍ਰ ਦਿਲਬਾਗ ਸਿੰਘ ਨੇ ਇਸ ਮੌਕੇ ਉਹਨਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਆਪਣੇ ਦਾਦਾ ਜੀ ਦੇਸ਼ ਭਗਤ ਕਾ. ਉਜਾਗਰ ਸਿੰਘ ਜੀ ਦੀ ਯਾਦ ਵਿੱਚ ਵਿਦਿਆਰਥੀਆਂ ਨੂੰ ਸਾਲਾਨਾ ਸਹਾਇਤਾ ਦੇਣ ਲਈ ਵਜ਼ੀਫ਼ਾ ਦੇਣ ਦੇ ਪ੍ਰਸਤਾਵ ਦਾ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਉਹ ਜ਼ਰੂਰ ਇਸ ਨੂੰ ਅਮਲੀ ਰੂਪ ਦੇਣਗੇ।
ਉਨ੍ਹਾਂ ਯੂਨੀਵਰਸਿਟੀ ਦੇ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਦੇ ਅਲੰਬੜਦਾਰ ਬਣਨ ਅਤੇ ਸਮਾਜ ਨੂੰ ਵੱਡੇ ਪੱਧਰ 'ਤੇ ਵੱਖ-ਵੱਖ ਸਕੀਮਾਂ ਰਾਹੀਂ ਲਾਭ ਪਹੁੰਚਾਉਣ ਵਾਲੀਆਂ ਪਹਿਲਕਦਮੀਆਂ ਦਾ ਸਮਰਥਨ ਕੀਤਾ। ਸ੍ਰ ਦਿਲਬਾਗ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੀ ਸੱਭਿਆਚਾਰਕ ਅਤੇ ਭਾਸ਼ਾਈ ਵਿਰਾਸਤ ਨੂੰ ਮਜ਼ਬੂਤ ਕਰਨਾ, ਵਿਸ਼ਵ ਭਰ ਦੇ ਪੰਜਾਬੀਆਂ ਵਿੱਚ ਏਕਤਾ ਅਤੇ ਤਰੱਕੀ ਨੂੰ ਉਤਸ਼ਾਹਿਤ ਕਰਨ ਦੇ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਕਾਸ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹਨ।