ਪੰਜਾਬ ਸਰਕਾਰ ਨੇ 33 ਮਹੀਨਿਆਂ ਵਿੱਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਵਿਧਾਇਕ ਅਮਰਪਾਲ ਸਿੰਘ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 29 ਦਸੰਬਰ 2024- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 33 ਮਹੀਨਿਆਂ ਵਿੱਚ ਤਕਰੀਬਨ 50,000 ਨੌਜਵਾਨਾਂ ਨੂੰ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ ਅਤੇ ਲਗਾਤਾਰ ਸਰਕਾਰ ਵਲੋਂ ਭਰਤੀ ਪ੍ਰਕਿਰਿਆ ਕੀਤੀ ਜਾ ਰਹੀ ਹੈ।
ਉਨ੍ਹਾਂ ਹਲਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਪਿੰਡਾਂ ਵਿੱਚ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਨ ਲਈ ਕਿਹਾ ਗਿਆ ਹੈ ਅਤੇ ਵਿਕਾਸ ਕੰਮਾਂ ਲਈ ਗਰਾਂਟ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ, ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ।