ਕੈਬਨਿਟ ਮੰਤਰੀ ਧਾਲੀਵਾਲ ਸਰਹੱਦ ਤੇ ਸਥਿੱਤ ਗੁਰਦੁਆਰਾ ਬਾਬਾ ਗਮ ਚੁੱਕ ਵਿਖੇ ਹੋਏ ਨਤਮਸਤਕ
- 20 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਸਟੇਡੀਅਮ ਦੀ ਬਦਲੀ ਜਾਵੇਗੀ ਰੂਪਰੇਖਾ
- ਸਰਹੱਦੀ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਹੋਣਗੀਆਂ ਮੁਹੱਈਆ
ਅੰਮ੍ਰਿੰਤਸਰ 1 ਜਨਵਰੀ 2025 – ਅੱਜ ਨਵੇਂ ਸਾਲ ਦੀ ਆਮਦ ਮੌਕੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਸਰਬੱਤ ਦੇ ਭਲੇ ਲਈ ਭਾਰਤ ਪਾਕਿ ਬਾਰਡਰ ਤੇ ਸਥਿੱਤ ਪਿੰਡ ਬੱਲੜ੍ਹਵਾਲ ਵਿਖੇ ਰਾਏ ਸਿੱਖ ਬਰਾਦਰੀ ਦੇ ਪ੍ਰਮੁੱਖ ਧਾਰਮਿਕ ਸਥਾਨ ਬਾਬਾ ਗਮ ਚੁੱਕ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਕੈਬਨਿਟ ਮੰਤਰੀ ਸ ਧਾਲੀਵਾਲ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਪਿੰਡ ਬਾਰਡਰ ਤੇ ਸਥਿਤ ਹੋਣ ਕਰਕੇ ਕਈ ਸਹੂਲਤਾਂ ਤੋਂ ਵਾਂਝਾ ਰਹਿ ਗਿਆ ਸੀ। ਪਰ ਇਸ ਸਾਲ ਇਸ ਪਿੰਡ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ 20 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਖੇਡ ਸਟੇਡੀਅਮ ਨੂੰ ਨਵੀਂ ਰੂਪ ਰੇਖਾ ਦਿੱਤੀ ਜਾਵੇਗੀ ਅਤੇ 10 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸਾਹਿਬ ਵਿਖੇ ਨਵੀਂ ਪਾਰਕਿੰਗ ਉਸਾਰੀ ਜਾਵੇਗੀ।
ਧਾਲੀਵਾਲ ਲੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦਾ ਸੁਪਨਾ ਮੁੜ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਇਸ ਕੰਮ ਲਈ ਸਾਨੂੰ ਸਭ ਤੋਂ ਪਹਿਲਾਂ ਪਿੰਡਾਂ ਦਾ ਵਿਕਾਸ ਕਰਨਾ ਹੋਵੇਗਾ। ਉਨਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਨਵੀਆਂ ਪੰਚਾਇਤਾਂ ਹੋਂਦ ਵਿੱਚ ਆ ਚੁੱਕੀਆਂ ਹਨ ਅਤੇ ਨੌਜਵਾਨ ਵਰਗ ਅੱਗੇ ਆਇਆ ਹੈ । ਉਨਾਂ ਪਿੰਡ ਵਿੱਚ ਗੰਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਕਿਹਾ ਕਿ ਇਸਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਨਵੇਂ ਛੱਪੜ ਬਣਾਏ ਜਾਣਗੇ। ਉਨਾਂ ਕਿਹਾ ਕਿ ਬਾਰਡਰ ਵਿਖੇ ਸਥਿਤ ਪਿੰਡਾਂ ਵਿਖੇ ਇਸ ਸਾਲ ਜੰਗੀ ਪੱਧਰ ਤੇ ਵਿਕਾਸ ਕਾਰਜ ਸ਼ੁਰੂ ਹੋਣਗੇ ਅਤੇ ਆਉਂਦੇ ਦੋ ਸਾਲਾਂ ਵਿੱਚ ਇਸਦੀ ਕਾਇਆ ਕਲਪ ਕੀਤੀ ਜਾਵੇਗੀ।
ਧਾਲੀਵਾਲ ਨੇ ਦੱਸਿਆ ਕਿ ਧੁੱਸੀ ਬੰਨ੍ਹ ਜੋ ਕਿ 42 ਕਿਲੋਮੀਟਰ ਲੰਬਾ ਹੈ ਦੇ ਕੰਮਾਂ ਦੇ ਟੈਂਡਰ ਲੱਗ ਚੁੱਕੇ ਹਨ ਅਤੇ 78 ਰੁਪਏ ਦੀ ਲਾਗਤ ਨਾਲ ਇਸ ਨੂੰ 18 ਫੁੱਟ ਚੌੜ੍ਹਾ ਕੀਤਾ ਜਾਣਾ ਹੈ। ਉਨਾਂ ਦੱਸਿਆ ਕਿ ਇਸ ਨਾਲ ਸਰਹੱਦੀ ਖੇਤਰ ਦੇ ਪਿੰਡਾਂ ਨੂੰ ਕਾਫ਼ੀ ਫਾਇਦਾ ਮਿਲੇਗਾ। ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹਰੇਕ ਵਰਗ ਦਾ ਵਿਕਾਸ ਕਰਨਾ ਹੈ ਅਤੇ ਮੈਂ ਤੁਹਾਨੂੰ ਯਕੀਨ ਦਿਵਾਉਂਦਾ ਹਾਂ ਕਿ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਵਿਖੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਜਿੱਤੇਗੀ। ਉਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਖੇ ਜੋ ਵਿਕਾਸ ਕਾਰਜ ਕੀਤੇ ਹਨ ਉਹ ਦੇਸ਼ ਭਰ ਦੀਆਂ ਸਰਕਾਰਾਂ ਲਈ ਇਕ ਮਿਸਾਲ ਹਨ। ਉਨਾਂ ਕਿਹਾ ਕਿ ਅਸੀਂ ਸਿੱਖਿਆ, ਸਿਹਤ ਅਤੇ ਬੇਰੋਜ਼਼ਗਾਰੀ ਨੂੰ ਲੈ ਕੇ ਗੰਭੀਰ ਹਾਂ ਅਤੇ ਸਾਡੀ ਕੋਸ਼ਿਸ਼ ਹੈ ਕਿ ਹਰੇਕ ਵਿਅਕਤੀ ਨੂੰ ਸਿੱਖਿਆ, ਸਿਹਤ ਦੀ ਸੁਵਿਧਾਵਾਂ ਪ੍ਰਾਪਤ ਹੋਣ ਅਤੇ ਬੇਰੋਜ਼ਗਾਰੀ ਨੂੰ ਦੂਰ ਕੀਤਾ ਜਾਵੇ।